- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੱਚ ਦਾ ਮਾਰਗ ਦਿਖਾਇਆ : ਵਿਧਾਇਕ ਅਮੋਲਕ ਸਿੰਘ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ਅਗਿਆਨਤਾ ਅਤੇ ਅੰਧਕਾਰ ਵਿੱਚੋਂ ਕੱਢ ਕੇ ਸੱਚ, ਸੇਵਾ, ਬਰਾਬਰਤਾ ਅਤੇ ਆਪਸੀ ਭਾਈਚਾਰੇ ਦਾ ਮਾਰਗ ਦਿਖਾਇਆ। ਗੁਰੂ ਸਾਹਿਬ ਨੇ ਆਪਣੀ ਕ੍ਰਾਂਤੀਕਾਰੀ ਵਿਚਾਰਧਾਰਾ ਰਾਹੀਂ ਸਮਾਜ ਵਿੱਚ ਫੈਲੀਆਂ ਕੁਰੀਤੀਆਂ, ਜਾਤ-ਪਾਤ ਅਤੇ ਊਚ-ਨੀਚ ਦੇ ਭੇਦਭਾਵ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਮਨੁੱਖਤਾ ਨੂੰ ਇਕਜੁੱਟ ਹੋ ਕੇ ਰਹਿਣ ਦਾ ਸੰਦੇਸ਼ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਸਮੂਹ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕੀਤਾ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਇਹ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਅੱਜ ਸਮਾਜ ਮੁੜ ਉਸੇ ਅੰਧਕਾਰਮਈ ਦਲਦਲ ਵੱਲ ਵਧਦਾ ਦਿਖਾਈ ਦੇ ਰਿਹਾ ਹੈ, ਜਿਸ ਵਿੱਚੋਂ ਗੁਰੂ ਸਾਹਿਬ ਨੇ ਲੋਕਾਈ ਨੂੰ ਬਾਹਰ ਕੱਢਣ ਲਈ ਮਹਾਨ ਯਤਨ ਕੀਤੇ ਸਨ। ਉਨ੍ਹਾਂ ਕਿਹਾ ਕਿ ਬਾਬਾ ਨਾਨਕ ਜੀ ਨੇ ਸਦੀਆਂ ਤੋਂ ਦੁਰਕਾਰੀ ਅਤੇ ਸਮਾਜ ਵਿੱਚ ਨੀਵਾਂ ਦਰਜਾ ਦਿੱਤੀ ਜਾਂਦੀ ਔਰਤ ਨੂੰ ਬਰਾਬਰਤਾ ਅਤੇ ਸਨਮਾਨ ਦਾ ਹੱਕ ਦਿਵਾਉਣ ਦਾ ਇਨਕਲਾਬੀ ਸੰਦੇਸ਼ ਦਿੱਤਾ। ਇਸੇ ਤਰ੍ਹਾਂ ਕੰਮਾਂ ਦੇ ਆਧਾਰ ’ਤੇ ਜਾਤਾਂ-ਪਾਤਾਂ ਵਿੱਚ ਵੰਡੇ ਗਏ ਗ਼ਰੀਬ ਅਤੇ ਮਿਹਨਤਕਸ਼ ਲੋਕਾਂ ਨੂੰ ਅਖੌਤੀ ਉੱਚੀਆਂ ਜਾਤਾਂ ਦੇ ਬਰਾਬਰ ਮਾਣ-ਸਤਿਕਾਰ ਦੇਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਮਨੁੱਖਤਾ ਦੀ ਸੇਵਾ, ਨਿਮਰਤਾ, ਸੱਚਾਈ ਅਤੇ ਨੇਕ ਜੀਵਨ ਜਿਊਣ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਨੇ ਪਖੰਡਾਂ ਅਤੇ ਅਡੰਬਰਾਂ ਤੋਂ ਰਹਿਤ ਜੀਵਨ ਬਤੀਤ ਕਰਨ ਦੀ ਸਿੱਖਿਆ ਦਿੰਦਿਆਂ ਮਨੁੱਖ ਨੂੰ ਚੰਗਾ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 19 ਰਾਗਾਂ ਵਿੱਚ ਦਰਜ ਹੈ। ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ ਗੋਸ਼ਟ ਵਰਗੀਆਂ ਮਹਾਨ ਰਚਨਾਵਾਂ ਰਾਹੀਂ ਉਨ੍ਹਾਂ ਨੇ ਦੁਨੀਆਂ ਨੂੰ ਨਵੀਂ ਸੇਧ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਗੁਰੂ ਸਨ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਸਮੁੱਚੀ ਸਿੱਖ ਸੰਗਤ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਪਾਵਨ ਦਿਹਾੜੇ ਤੋਂ ਪਹਿਲਾਂ ਪ੍ਰਭਾਤ ਫੇਰੀਆਂ ਸਜਾਈਆਂ ਜਾਂਦੀਆਂ ਹਨ ਅਤੇ ਗੁਰਦੁਆਰਾ ਸਾਹਿਬਾਨ ਵਿੱਚ ਸ਼ਬਦ ਕੀਰਤਨ ਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾ ਕੇ ਮਨੁੱਖਤਾ ਦੀ ਸੇਵਾ ਅਤੇ ਸਮਾਜ ਵਿੱਚ ਬਰਾਬਰਤਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।