- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਦੇਵ ਜੀ ਨੇ ਦਿੱਤਾ ਸਰਬ ਸਾਂਝੀਵਾਲਤਾ ਦਾ ਸੰਦੇਸ਼ : ਮਨਤਾਰ ਸਿੰਘ ਬਰਾੜ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮਨੁੱਖਤਾ ਦੇ ਰਹਿਬਰ ਅਤੇ ਸਮੁੱਚੀ ਲੋਕਾਈ ਦੇ ਸਾਂਝੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਦੁਨੀਆਂ ਨੂੰ ਇੱਕ ਪ੍ਰਮਾਤਮਾ ਦਾ ਸੰਦੇਸ਼ ਦਿੰਦਿਆਂ ਆਪਸੀ ਭਾਈਚਾਰੇ, ਬਰਾਬਰਤਾ, ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦਾ ਮਹਾਨ ਸਿਧਾਂਤ ਬਖ਼ਸ਼ਿਆ। ਗੁਰੂ ਸਾਹਿਬ ਦੀਆਂ ਪਾਵਨ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈ ਦਿੰਦਿਆਂ ਕੀਤਾ। ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈਸਵੀ ਵਿੱਚ ਰਾਏ ਭੋਇ ਦੀ ਤਲਵੰਡੀ ਵਿਖੇ ਹੋਇਆ, ਜੋ ਅੱਜ ਪਾਕਿਸਤਾਨ ਵਿੱਚ ਸਥਿਤ ਹੈ। ਗੁਰੂ ਸਾਹਿਬ ਦਾ ਆਗਮਨ ਅਜਿਹੇ ਸਮੇਂ ਹੋਇਆ, ਜਦੋਂ ਸਮਾਜ ਵਿੱਚ ਅੰਧਵਿਸ਼ਵਾਸ, ਪਾਖੰਡ, ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਕੁਰੀਤੀਆਂ ਦਾ ਬੋਲਬਾਲਾ ਸੀ। ਅਜਿਹੇ ਦੌਰ ਵਿੱਚ ਗੁਰੂ ਸਾਹਿਬ ਨੇ ਲੋਕਾਈ ਨੂੰ ਅਗਿਆਨਤਾ ਅਤੇ ਅੰਧਕਾਰ ਵਿੱਚੋਂ ਕੱਢ ਕੇ ਸੱਚ, ਨੇਕੀ, ਸੇਵਾ ਅਤੇ ਇਨਸਾਨੀਅਤ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸ਼ੁਰੂ ਕੀਤੀ ਲੰਗਰ ਦੀ ਮਹਾਨ ਪਰੰਪਰਾ ਸਮਾਜਿਕ ਬਰਾਬਰਤਾ ਅਤੇ ਸਾਂਝੀਵਾਲਤਾ ਦੀ ਅਦੁੱਤੀ ਮਿਸਾਲ ਹੈ। ਇਸ ਪਰੰਪਰਾ ਰਾਹੀਂ ਹਰ ਜਾਤ, ਧਰਮ ਅਤੇ ਵਰਗ ਦੇ ਲੋਕਾਂ ਨੂੰ ਇੱਕੋ ਪੰਗਤ ਵਿੱਚ ਬੈਠ ਕੇ ਭੋਜਨ ਛਕਣ ਦਾ ਸੰਦੇਸ਼ ਦਿੱਤਾ ਗਿਆ, ਜੋ ਅੱਜ ਵੀ ਸਮੁੱਚੀ ਦੁਨੀਆਂ ਨੂੰ ਆਪਸੀ ਪਿਆਰ ਅਤੇ ਭਾਈਚਾਰੇ ਦੀ ਪ੍ਰੇਰਨਾ ਦੇ ਰਿਹਾ ਹੈ। ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਗੁਰੂ ਸਾਹਿਬ ਨੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤਾਂ ਰਾਹੀਂ ਮਨੁੱਖ ਨੂੰ ਇਮਾਨਦਾਰੀ ਨਾਲ ਮਿਹਨਤ ਕਰਨ, ਆਪਣੀ ਕਮਾਈ ਵਿੱਚੋਂ ਲੋੜਵੰਦਾਂ ਦੀ ਮਦਦ ਕਰਨ ਅਤੇ ਪ੍ਰਮਾਤਮਾ ਦਾ ਸਿਮਰਨ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਕੇਵਲ ਪੜ੍ਹਨ ਅਤੇ ਸੁਣਨ ਤੱਕ ਸੀਮਤ ਨਾ ਰੱਖੀਏ, ਸਗੋਂ ਇਨ੍ਹਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰੀਏ। ਅੰਤ ਵਿੱਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਅਤੇ ਸਰਬੱਤ ਦੇ ਭਲੇ ਲਈ ਆਪਣਾ ਯੋਗਦਾਨ ਪਾਉਣ।