- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
27 ਨਵੰਬਰ ਨੂੰ ਕੋਟਕਪੂਰਾ ਵਿੱਚ ਵੱਜਣਗੇ ਹਵਾਈ ਹਮਲੇ ਦੀ ਚੇਤਾਵਨੀ ਵਾਲੇ ਸਾਇਰਨ, ਰਾਤ 8 ਵਜੇ ਹੋਵੇਗੀ ਬਲੈਕਆਊਟ ਮੌਕ ਡਰਿੱਲ

ਸਿਵਲ ਡਿਫੈਂਸ ਤੇ ਐੱਨਡੀਆਰਐਫ ਦੀ ਟੀਮ ਲੋਕਾਂ ਨੂੰ ਦੇਵੇਗੀ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੀ ਸਿਖਲਾਈ
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਕੋਟਕਪੂਰਾ ਸ਼ਹਿਰ ਦੇ ਲੋਕਾਂ ਨੂੰ 27 ਨਵੰਬਰ ਦੀ ਰਾਤ ਨੂੰ ਕੁਝ ਸਮੇਂ ਲਈ ਬਿਜਲੀ ਦੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣੀਆਂ ਪੈਣਗੀਆਂ। ਪੰਜਾਬ ਸਰਕਾਰ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈ ਜਾ ਰਹੀ ਸੂਬਾ ਪੱਧਰੀ ਸਿਵਲ ਡਿਫੈਂਸ ਮੌਕ ਡਰਿੱਲ ਤਹਿਤ ਕੋਟਕਪੂਰਾ ਵਿਖੇ ਰਾਤ 8 ਵਜੇ ਹਵਾਈ ਹਮਲੇ ਦੀ ਚੇਤਾਵਨੀ ਅਤੇ ਬਲੈਕਆਊਟ ਦਾ ਅਭਿਆਸ ਕੀਤਾ ਜਾਵੇਗਾ। ਇਸ ਦੌਰਾਨ ਸਾਇਰਨ ਵੱਜਣ ਤੋਂ ਲੈ ਕੇ ਬਚਾਅ ਅਤੇ ਰਾਹਤ ਕਾਰਜਾਂ ਤੱਕ ਦੀਆਂ ਗਤੀਵਿਧੀਆਂ ਦਾ ਅਭਿਆਸ ਕੀਤਾ ਜਾਵੇਗਾ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਅਭਿਆਸ ਦਾ ਮਕਸਦ ਕਿਸੇ ਵੀ ਅਣਸੁਖਾਵੀਂ ਜਾਂ ਹੰਗਾਮੀ ਸਥਿਤੀ, ਖਾਸ ਕਰਕੇ ਹਵਾਈ ਹਮਲੇ ਵਰਗੀ ਐਮਰਜੈਂਸੀ ਦੌਰਾਨ ਪ੍ਰਸ਼ਾਸਨ, ਸਿਵਲ ਡਿਫੈਂਸ ਅਤੇ ਹੋਰ ਸਬੰਧਤ ਵਿਭਾਗਾਂ ਦੀ ਕਾਰਜਕੁਸ਼ਲਤਾ ਨੂੰ ਪਰਖਣਾ ਹੈ, ਤਾਂ ਜੋ ਲੋੜ ਪੈਣ 'ਤੇ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਪ੍ਰਸ਼ਾਸਨ ਵੱਲੋਂ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ, ਕੋਟਕਪੂਰਾ ਵਿਖੇ ਸ਼ਾਮ 6 ਵਜੇ ਤੋਂ ਸਿਵਲ ਡਿਫੈਂਸ ਅਤੇ ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ) ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਸੰਕਟਕਾਲੀ ਹਾਲਾਤ ਨਾਲ ਨਜਿੱਠਣ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਵਿੱਚ ਐਮਰਜੈਂਸੀ ਦੌਰਾਨ ਅਪਣਾਏ ਜਾਣ ਵਾਲੇ ਸੁਰੱਖਿਆ ਉਪਾਵਾਂ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਰਾਤ 8 ਵਜੇ ਮੌਕ ਡਰਿੱਲ ਸ਼ੁਰੂ ਹੋਵੇਗੀ। ਮੌਕ ਡਰਿੱਲ ਦੀ ਸ਼ੁਰੂਆਤ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਨਾਲ ਹੋਵੇਗੀ। ਇਹ ਸਾਇਰਨ ਦੋ ਮਿੰਟ ਤੱਕ ਉੱਚੀ ਅਤੇ ਨੀਵੀਂ ਆਵਾਜ਼ ਦੇ ਉਤਰਾਅ-ਚੜ੍ਹਾਅ ਨਾਲ ਵਜਾਇਆ ਜਾਵੇਗਾ। ਸਾਇਰਨ ਵੱਜਦਿਆਂ ਹੀ ਕੋਟਕਪੂਰਾ ਵਿੱਚ ਨਿਰਧਾਰਤ ਖੇਤਰਾਂ ਅੰਦਰ ਬਲੈਕਆਊਟ ਦਾ ਅਭਿਆਸ ਕੀਤਾ ਜਾਵੇਗਾ। ਇਸ ਸਮੇਂ ਲੋਕਾਂ ਨੂੰ ਆਪਣੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ ਹਸਪਤਾਲਾਂ, ਫਾਇਰ ਬ੍ਰਿਗੇਡ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਇਸ ਤੋਂ ਛੋਟ ਰਹੇਗੀ, ਤਾਂ ਜੋ ਆਮ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਭਾਵਿਤ ਨਾ ਹੋਣ।
ਰਾਹਤ ਅਤੇ ਬਚਾਅ ਕਾਰਜਾਂ ਦਾ ਵੀ ਹੋਵੇਗਾ ਅਭਿਆਸ
ਇਸ ਅਭਿਆਸ ਦਾ ਮਕਸਦ ਸਿਰਫ਼ ਸ਼ਹਿਰ ਦੀਆਂ ਲਾਈਟਾਂ ਬੰਦ ਕਰਨਾ ਹੀ ਨਹੀਂ, ਸਗੋਂ ਐਮਰਜੈਂਸੀ ਦੌਰਾਨ ਵੱਖ-ਵੱਖ ਵਿਭਾਗਾਂ ਵਿਚਾਲੇ ਤਾਲਮੇਲ ਅਤੇ ਬਚਾਅ ਪ੍ਰਬੰਧਾਂ ਨੂੰ ਵੀ ਪਰਖਣਾ ਹੈ। ਇਸ ਲਈ ਮੌਕ ਡਰਿੱਲ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਦੀ ਨਕਲੀ ਕਾਰਵਾਈ ਵੀ ਕੀਤੀ ਜਾਵੇਗੀ। ਅਭਿਆਸ ਮੁਕੰਮਲ ਹੋਣ ਉਪਰੰਤ ਦੋ ਮਿੰਟ ਤੱਕ ਲਗਾਤਾਰ ਉੱਚੀ ਆਵਾਜ਼ ਵਿੱਚ ਸਾਇਰਨ ਵਜਾ ਕੇ 'ਆਲ ਕਲੀਅਰ' ਦਾ ਸੰਕੇਤ ਦਿੱਤਾ ਜਾਵੇਗਾ। ਇਸ ਤੋਂ ਬਾਅਦ ਬਲੈਕਆਊਟ ਅਭਿਆਸ ਖ਼ਤਮ ਮੰਨਿਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਪੱਸ਼ਟ ਕੀਤਾ ਕਿ ਇਹ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਨਿਯਮਤ ਸੁਰੱਖਿਆ ਅਭਿਆਸ ਪ੍ਰਕਿਰਿਆ ਹੈ। ਇਸ ਦਾ ਕਿਸੇ ਵੀ ਤਰ੍ਹਾਂ ਦੀ ਫੌਜੀ ਕਾਰਵਾਈ ਨਾਲ ਕੋਈ ਸਬੰਧ ਨਹੀਂ ਹੈ। ਇਸ ਲਈ ਸਾਇਰਨ ਸੁਣ ਕੇ ਜਾਂ ਬਲੈਕਆਊਟ ਹੋਣ ਦੀ ਸਥਿਤੀ ਵਿੱਚ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਇਸ ਅਭਿਆਸ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ। ਮੀਟਿੰਗ ਵਿੱਚ ਐਸਡੀਐਮ ਕੋਟਕਪੂਰਾ ਜਸਪਾਲ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਧਿਕਾਰੀ ਅੰਜਨਾ ਕੌਸ਼ਲ, ਡਾ. ਹਰਜਿੰਦਰ ਗਾਂਧੀ, ਐਸਐਮਓ ਕੋਟਕਪੂਰਾ ਮਨੀਸ਼ ਕੁਮਾਰ, ਐਸਪੀ ਨਿਰਮਲ ਸਿੰਘ, ਪੰਜਾਬ ਹੋਮ ਗਾਰਡਜ਼ ਦੇ ਇੰਸਪੈਕਟਰ, ਬਿਜਲੀ ਵਿਭਾਗ ਤੋਂ ਜਗਤਾਰ ਸਿੰਘ, ਸਿਵਲ ਡਿਫੈਂਸ ਤੋਂ ਰਿਸ਼ੀ ਪਲਤਾ ਅਤੇ ਰਾਜਨ ਜੈਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।