ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ 26 ਤੋਂ ਫ਼ਰੀਦਕੋਟ ’ਚ 26 ਤੋਂ 29 ਨਵੰਬਰ ਤੱਕ ਹੋਵੇਗੀ ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ
Publish Date: Tue, 24 Nov 2026 03:56 PM (IST)
Updated Date: Tue, 24 Nov 2026 03:58 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੀ ਧਰਤੀ ’ਤੇ ਕਬੱਡੀ ਖੇਡ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਦੇਸ਼ ਦੀਆਂ ਉੱਭਰਦੀਆਂ ਮਹਿਲਾ ਕਬੱਡੀ ਖਿਡਾਰਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੰਚ ਪ੍ਰਦਾਨ ਕਰਨ ਦੇ ਮਕਸਦ ਨਾਲ 52ਵੀਂ ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਦਾ ਆਯੋਜਨ 26 ਨਵੰਬਰ, ਦਿਨ ਵੀਰਵਾਰ ਤੋਂ 29 ਨਵੰਬਰ ਨੂੰ ਸਵ. ਗੁਰਦੀਪ ਸਿੰਘ ਮੱਲ੍ਹੀ ਯਾਦਗਾਰੀ ਕਬੱਡੀ ਹਾਲ, ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਕੀਤਾ ਜਾ ਰਿਹਾ ਹੈ। ਇਸ ਚਾਰ ਰੋਜ਼ਾ ਰਾਸ਼ਟਰੀ ਪੱਧਰ ਦੇ ਖੇਡ ਮਹਾਕੁੰਭ ਵਿੱਚ ਦੇਸ਼ ਦੇ ਸਮੂਹ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਮਹਿਲਾ ਕਬੱਡੀ ਟੀਮਾਂ ਸ਼ਮੂਲੀਅਤ ਕਰਨਗੀਆਂ। ਇਸ ਵੱਕਾਰੀ ਚੈਂਪੀਅਨਸ਼ਿਪ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੈਂਪੀਅਨਸ਼ਿਪ ਦੇ ਆਰਗੇਨਾਈਜ਼ਿੰਗ ਸਕੱਤਰ ਅਤੇ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਮਨਪ੍ਰੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਫ਼ਰੀਦਕੋਟ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਉਸ ਨੂੰ ਦੇਸ਼ ਦੇ ਇਸ ਵੱਕਾਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਚੈਂਪੀਅਨਸ਼ਿਪ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੀਆਂ ਹੋਣਹਾਰ ਖਿਡਾਰਨਾਂ ਨੂੰ ਆਪਣੀ ਖੇਡ ਕਲਾ, ਦਮਖਮ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਪੰਜਾਬ ਦੀ ਅਮੀਰ ਖੇਡ ਵਿਰਾਸਤ ਅਤੇ ਕਬੱਡੀ ਪ੍ਰਤੀ ਲੋਕਾਂ ਦੇ ਜਜ਼ਬੇ ਨੂੰ ਰਾਸ਼ਟਰੀ ਪੱਧਰ ’ਤੇ ਉਭਾਰਨ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਅਤੇ ਜਨਰਲ ਸਕੱਤਰ ਤਜਿੰਦਰ ਸਿੰਘ ਮਿੱਡੂਖੇੜਾ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਚੈਂਪੀਅਨਸ਼ਿਪ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਅਮਨਪ੍ਰੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਚੈਂਪੀਅਨਸ਼ਿਪ ਦੇ ਸੁਚੱਜੇ ਪ੍ਰਬੰਧਾਂ ਲਈ ਪਿਛਲੇ ਕਈ ਦਿਨਾਂ ਤੋਂ ਪ੍ਰਬੰਧਕੀ ਟੀਮ ਦੇ ਮੈਂਬਰ ਲਗਾਤਾਰ ਮਿਹਨਤ ਕਰ ਰਹੇ ਹਨ। ਇਨ੍ਹਾਂ ਵਿੱਚ ਪ੍ਰਿੰਸੀਪਲ ਅਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਵੀਰ ਸਿੰਘ, ਮਨਜੀਤ ਸਿੰਘ, ਰਾਮ ਸਿੰਘ, ਲਾਲਜੀਤ ਸਿੰਘ, ਅੰਗਰੇਜ ਸਿੰਘ, ਗੁਰਬਾਜ ਸਿੰਘ, ਗੁਰਸੇਵਕ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਕਰਨ ਸਿੰਘ, ਵਰਿੰਦਰ ਸਿੰਘ, ਚਰਨਪ੍ਰੀਤ ਸਿੰਘ, ਸਵਰਨ ਸਿੰਘ, ਪ੍ਰਮੋਦ ਧੀਰ ਅਤੇ ਹੋਰ ਸਹਿਯੋਗੀ ਸ਼ਾਮਲ ਹਨ।