ਪੰਜਾਬ ’ਚ ਨਵਾਂ ਇਤਿਹਾਸ ਸਿਰਜੇਗੀ ਮਹਾਂ ਰੈਲੀ : ਡਾ. ਢਿੱਲਵਾਂ 26 ਦੀ ਮੋਗਾ ਮਹਾਂ ਰੈਲੀ ਪੰਜਾਬ ’ਚ ਨਵਾਂ ਇਤਿਹਾਸ ਸਿਰਜੇਗੀ : ਡਾ. ਹਰਪਾਲ ਢਿੱਲਵਾਂ
Publish Date: Tue, 24 Nov 2026 04:38 PM (IST)
Updated Date: Tue, 24 Nov 2026 04:40 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ ਡਾ. ਹਰਪਾਲ ਸਿੰਘ ਢਿੱਲਵਾਂ ਨੇ ਵਿਧਾਨ ਸਭਾ ਹਲਕਾ ਜੈਤੋ ਸਮੇਤ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਪੰਜਾਬ ਵਾਸੀਆਂ ਨੂੰ 26 ਨਵੰਬਰ ਨੂੰ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਹੋਣ ਜਾ ਰਹੀ ਸੂਬਾ ਪੱਧਰੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿੱਚ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਹੋਣ ਵਾਲਾ ਇਹ ਵਿਸ਼ਾਲ ਸਮਾਗਮ ਪੰਜਾਬ ਦੀ ਸਿਆਸਤ ਵਿੱਚ ਨਵਾਂ ਇਤਿਹਾਸ ਸਿਰਜੇਗਾ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ। ਡਾ. ਹਰਪਾਲ ਸਿੰਘ ਢਿੱਲਵਾਂ ਨੇ ਦੱਸਿਆ ਕਿ ਇਹ ਮਹਾਂ ਰੈਲੀ 26 ਨਵੰਬਰ ਨੂੰ ਸਵੇਰੇ 11 ਵਜੇ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਕਰਵਾਈ ਜਾ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਹਾਈਕਮਾਂਡ ਦੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਉਪਰਾਲੇ ਕੀਤੇ ਗਏ ਹਨ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀਆਂ ਦਾ ਵਿਸ਼ਾਲ ਇਕੱਠ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨਵਾਂ ਉਤਸ਼ਾਹ ਅਤੇ ਨਵੀਂ ਦਿਸ਼ਾ ਪ੍ਰਦਾਨ ਕਰੇਗਾ।