- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰਪੁਰਬ ਹਫ਼ਤਾ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਿਵਾਲਿਕ ਕਿਡਜ਼ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਸ੍ਰੀ ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਹਫ਼ਤਾ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਗੁਰਬਾਣੀ ਦੇ ਰਸ, ਭਗਤੀ ਅਤੇ ਰੂਹਾਨੀ ਰੰਗ ਵਿੱਚ ਰੰਗਿਆ ਨਜ਼ਰ ਆਇਆ। ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਨੇ ਪੂਰੀ ਸ਼ਰਧਾ ਨਾਲ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਦਾ ਮੁੱਖ ਆਕਰਸ਼ਣ ਸਕੂਲ ਵਿਖੇ ਕਰਵਾਇਆ ਗਿਆ ਸ੍ਰੀ ਜਪੁਜੀ ਸਾਹਿਬ ਦਾ ਪਾਵਨ ਪਾਠ ਰਿਹਾ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਬੜੀ ਸ਼ਰਧਾ ਅਤੇ ਸੁਰੀਲੀ ਆਵਾਜ਼ ਵਿੱਚ ਸ਼ਬਦ ਗਾਇਨ ਕੀਤਾ ਗਿਆ, ਜਿਸ ਨੇ ਸਮੁੱਚੇ ਮਾਹੌਲ ਨੂੰ ਰੂਹਾਨੀ ਅਤੇ ਭਗਤੀਮਈ ਬਣਾ ਦਿੱਤਾ। ਬੱਚਿਆਂ ਦੀ ਇਸ ਮਨਮੋਹਕ ਪੇਸ਼ਕਾਰੀ ਨੇ ਹਾਜ਼ਰ ਸੰਗਤ ਦਾ ਮਨ ਮੋਹ ਲਿਆ। ਸਕੂਲ ਦੀ ਐਕੇਡਮਿਕ ਹੈੱਡ ਸਾਨੀਆ ਨਰੂਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਪਿਆਰ, ਸੱਚ, ਸੇਵਾ ਅਤੇ ਏਕਤਾ ਦਾ ਅਜਿਹਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਲਈ ਪੂਰੀ ਤਰ੍ਹਾਂ ਸਾਰਥਕ ਹੈ। ਸਾਨੂੰ ਉਨ੍ਹਾਂ ਦੇ ਉਪਦੇਸ਼ਾਂ ਨੂੰ ਕੇਵਲ ਸੁਣਨ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਆਪਣੇ ਰੋਜ਼ਾਨਾ ਜੀਵਨ ਵਿੱਚ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ, ਘਨੱਈਆ ਲਾਲ ਗਰਗ, ਅੰਕੁਰ ਗਰਗ, ਕ੍ਰਿਸ਼ਨਾ ਦੇਵੀਹ ਗਰਗ, ਹਰਜੀਤ ਕੌਰ ਬਰਾੜ ਅਤੇ ਐਕੇਡਮਿਕ ਹੈੱਡ ਸਾਨੀਆ ਨਰੂਲਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਮੁਬਾਰਕਬਾਦ ਦਿੱਤੀ।