ਸਰਕਾਰੀ ਯੋਜਨਾਵਾਂ ਘਰ-ਘਰ ਪਹੁੰਚਾਉਣ ’ਚ ਸਖੀਆਂ ਦੀ ਭੂਮਿਕਾ ਸ਼ਲਾਘਾਯੋਗ : ਅਮੋਲਕ ਸਿੰਘ ਸਰਕਾਰੀ ਯੋਜਨਾਵਾਂ ਘਰ-ਘਰ ਪਹੁੰਚਾਉਣ ’ਚ ਸਖੀਆਂ ਦੀ ਭੂਮਿਕਾ ਸ਼ਲਾਘਾਯੋਗ : ਅਮੋਲਕ ਸਿੰਘ
Publish Date: Tue, 24 Nov 2026 05:07 PM (IST)
Updated Date: Tue, 24 Nov 2026 05:10 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਜੈਤੋ-ਬਾਜਾਖਾਨਾ ਰੋਡ ਸਥਿਤ ਆਪਣੀ ਰਿਹਾਇਸ਼ ਵਿਖੇ ਹਲਕੇ ਦੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਅਤੇ ਖਾਸ ਕਰਕੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਯੋਗ ਮਹਿਲਾਵਾਂ ਨੂੰ ਜਾਗਰੂਕ ਕਰਨ ਵਿੱਚ ਸਖੀਆਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਖੀਆਂ ਸਰਕਾਰ ਦੀਆਂ ਯੋਜਨਾਵਾਂ ਅਤੇ ਆਮ ਲੋਕਾਂ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰ ਰਹੀਆਂ ਹਨ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਸਖੀਆਂ ਦੇ ਸਮਰਪਣ, ਮਿਹਨਤ ਅਤੇ ਲੋਕ ਸੇਵਾ ਦੇ ਜਜ਼ਬੇ ਦੀ ਕਦਰ ਕਰਦਿਆਂ ਸਮੂਹ ਸਖੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮਾਣ-ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦੀ ਜਾਣਕਾਰੀ ਯੋਗ ਮਹਿਲਾਵਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਨੂੰ ਇਸ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ ਵਿੱਚ ਸਖੀਆਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਖੀਆਂ ਵੱਲੋਂ ਘਰ-ਘਰ ਜਾ ਕੇ ਮਹਿਲਾਵਾਂ ਨੂੰ ਯੋਜਨਾ ਦੇ ਉਦੇਸ਼ ਅਤੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਜਿਸ ਨਾਲ ਵੱਧ ਤੋਂ ਵੱਧ ਔਰਤਾਂ ਸਰਕਾਰੀ ਸਹੂਲਤਾਂ ਪ੍ਰਤੀ ਜਾਗਰੂਕ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਅਸਲ ਮੰਤਵ ਉਦੋਂ ਹੀ ਪੂਰਾ ਹੁੰਦਾ ਹੈ, ਜਦੋਂ ਉਨ੍ਹਾਂ ਦਾ ਲਾਭ ਸਮਾਜ ਦੇ ਆਖਰੀ ਅਤੇ ਲੋੜਵੰਦ ਵਿਅਕਤੀ ਤੱਕ ਪਹੁੰਚੇ। ਇਸ ਮੌਕੇ ‘ਆਪ’ ਇਸਤਰੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੀ ਪ੍ਰਧਾਨ ਬੀਬੀ ਸਰਬਜੀਤ ਕੌਰ ਪੁੰਨੀ ਸਮੇਤ ਵੱਡੀ ਗਿਣਤੀ ਵਿੱਚ ਸਖੀਆਂ ਹਾਜ਼ਰ ਸਨ।