- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਘੁਮਿਆਰਾ ਦੇ 600 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ, 2 ਕਰੋੜ ਦੀ ਲਾਗਤ ਨਾਲ ਵਿਛਾਈ ਜਾਵੇਗੀ 15 ਕਿਲੋਮੀਟਰ ਲੰਬੀ ਪਾਈਪਲਾਈਨ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਕੋਟਕਪੂਰਾ ਹਲਕੇ ਦੇ ਪਿੰਡ ਘੁਮਿਆਰਾ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਵਿੱਚ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਦੇ ਲਗਭਗ 600 ਏਕੜ ਖੇਤੀਬਾੜੀ ਰਕਬੇ ਨੂੰ ਨਹਿਰੀ ਪਾਣੀ ਦੀ ਸਿੰਚਾਈ ਸਹੂਲਤ ਮਿਲੇਗੀ ਅਤੇ ਕਿਸਾਨਾਂ ਦੀ ਟਿਊਬਵੈੱਲਾਂ ’ਤੇ ਨਿਰਭਰਤਾ ਘਟੇਗੀ।
ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਖੇਤੀਬਾੜੀ ਲਈ ਪਾਣੀ ਦੀ ਲੋੜ ਨੂੰ ਪੂਰਾ ਕਰਨ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਵੀ ਸਮੇਂ ਦੀ ਵੱਡੀ ਲੋੜ ਹੈ। ਇਸੇ ਮਕਸਦ ਨਾਲ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 15 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾਵੇਗੀ, ਜਿਸ ਰਾਹੀਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਵਾਇਤੀ ਤਰੀਕੇ ਨਾਲ ਖੇਤਾਂ ਤੱਕ ਪਾਣੀ ਪਹੁੰਚਾਉਣ ਦੌਰਾਨ ਕਾਫ਼ੀ ਪਾਣੀ ਰਸਤੇ ਵਿੱਚ ਹੀ ਬਰਬਾਦ ਹੋ ਜਾਂਦਾ ਹੈ, ਜਦਕਿ ਜ਼ਮੀਨਦੋਜ਼ ਪਾਈਪਲਾਈਨ ਰਾਹੀਂ ਇਸ ਨੁਕਸਾਨ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਨਾਲ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣੇਗੀ ਅਤੇ ਖੇਤਾਂ ਦੇ ਆਖਰੀ ਸਿਰੇ ਤੱਕ ਪਾਣੀ ਪਹੁੰਚਾਉਣ ਵਿੱਚ ਵੀ ਮਦਦ ਮਿਲੇਗੀ।
ਸਪੀਕਰ ਨੇ ਦੱਸਿਆ ਕਿ ਪਿੰਡ ਦੇ ਕਿਸਾਨ ਪਹਿਲਾਂ ਸਿੰਚਾਈ ਲਈ ਮੁੱਖ ਤੌਰ ’ਤੇ ਟਿਊਬਵੈੱਲਾਂ ’ਤੇ ਨਿਰਭਰ ਸਨ। ਧਰਤੀ ਹੇਠਲੇ ਪਾਣੀ ਦੀ ਮਾੜੀ ਗੁਣਵੱਤਾ ਕਾਰਨ ਫ਼ਸਲਾਂ ਦੇ ਨਾਲ-ਨਾਲ ਜ਼ਮੀਨ ਦੀ ਸਿਹਤ ’ਤੇ ਵੀ ਮਾੜਾ ਅਸਰ ਪੈ ਰਿਹਾ ਸੀ। ਨਹਿਰੀ ਪਾਣੀ ਮਿਲਣ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਬਿਹਤਰ ਗੁਣਵੱਤਾ ਵਾਲਾ ਪਾਣੀ ਮਿਲੇਗਾ, ਜਿਸ ਨਾਲ ਖੇਤੀ ਉਤਪਾਦਨ ਵਿੱਚ ਸੁਧਾਰ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨੀ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਖੇਤੀ ਲਈ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਯਤਨ ਕਰ ਰਹੀ ਹੈ। ਹਲਕਾ ਕੋਟਕਪੂਰਾ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
ਸਪੀਕਰ ਸੰਧਵਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਈਪਲਾਈਨ ਪ੍ਰੋਜੈਕਟ ਦਾ ਕੰਮ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ ਅਤੇ ਉਸਾਰੀ ਦੌਰਾਨ ਗੁਣਵੱਤਾ ਦੇ ਮਾਪਦੰਡਾਂ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਅਸਲ ਲਾਭ ਉਦੋਂ ਹੀ ਮਿਲਦਾ ਹੈ ਜਦੋਂ ਉਹ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਹੋਣ। ਪਿੰਡ ਵਾਸੀਆਂ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪਿੰਡ ਦੇ ਕਿਸਾਨਾਂ ਨੂੰ ਸਿੰਚਾਈ ਸਬੰਧੀ ਵੱਡੀ ਰਾਹਤ ਮਿਲੇਗੀ। ਇਸ ਮੌਕੇ ਜਲੌਰ ਸਿੰਘ, ਨਵਦੀਪ ਸਿੰਘ, ਚਮਕੌਰ ਸਿੰਘ, ਸੁਰਜੀਤ ਸਿੰਘ, ਜਸਪਾਲ ਸਿੰਘ, ਜੱਗਾ ਸਿੰਘ, ਨਿਰਮਲ ਸਿੰਘ, ਜਗਮੀਤ ਸਿੰਘ, ਬਲਕਰਨ ਸਿੰਘ, ਜਸਪ੍ਰੀਤ ਸਿੰਘ ਤੋਂ ਇਲਾਵਾ ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।