- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਪੁਰਬ ਮੌਕੇ ਧਾਰਮਿਕ ਸਮਾਗਮ ਦੇ ਨਾਲ ਸੇਵਾ ਕਾਰਜਾਂ ਰਾਹੀਂ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਨੇ ਦਿੱਤਾ ਮਨੁੱਖਤਾ ਦਾ ਸੰਦੇਸ਼

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਗੁਰਪੁਰਬ ਦਾ ਪਵਿੱਤਰ ਦਿਹਾੜਾ ਸਿਰਫ਼ ਧਾਰਮਿਕ ਸ਼ਰਧਾ ਪ੍ਰਗਟਾਉਣ ਦਾ ਹੀ ਨਹੀਂ, ਸਗੋਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਵੀ ਸੰਦੇਸ਼ ਦਿੰਦਾ ਹੈ। ਇਸੇ ਭਾਵਨਾ ਨੂੰ ਅਮਲੀ ਰੂਪ ਦਿੰਦਿਆਂ ਮੋਗਾ-ਕੋਟਕਪੂਰਾ ਰੋਡ ’ਤੇ ਪਿੰਡ ਪੰਜਗਰਾਈਂ ਕਲਾਂ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵੱਲੋਂ ਗੁਰਪੁਰਬ ਮੌਕੇ ਧਾਰਮਿਕ ਸਮਾਗਮ ਦੇ ਨਾਲ ਸਮਾਜ ਸੇਵਾ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਕੂਲ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸਰਵਣ ਕੀਤਾ। ਪਾਠ ਦੀ ਸਮਾਪਤੀ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਗੁਰਬਾਣੀ ਦੇ ਰਸਭਿੰਨੇ ਮਾਹੌਲ ਨੇ ਵਿਦਿਆਰਥੀਆਂ ਨੂੰ ਅਧਿਆਤਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕੀਤਾ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸਥਾਨਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਬੱਚਿਆਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਅਧਿਆਪਕਾਂ ਤੋਂ ਗੁਰਦੁਆਰਾ ਸਾਹਿਬ ਦੀ ਮਰਿਆਦਾ, ਗੁਰਪੁਰਬ ਦੀ ਮਹੱਤਤਾ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਜੀਵਨ ਮਾਰਗ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੋਟਕਪੂਰਾ ਦੇ ਬਿਰਧ ਆਸ਼ਰਮ ਵਿਖੇ ਕੀਤੀ ਗਈ ਲੰਗਰ ਦੀ ਸੇਵਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਉਪਰਾਲੇ ਦੀ ਖਾਸ ਗੱਲ ਇਹ ਸੀ ਕਿ ਵਿਦਿਆਰਥੀ ਆਪਣੇ-ਆਪਣੇ ਘਰਾਂ ਤੋਂ ਲੰਗਰ ਤਿਆਰ ਕਰਕੇ ਲਿਆਏ ਸਨ ਅਤੇ ਉਨ੍ਹਾਂ ਨੇ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਨੂੰ ਪਿਆਰ ਅਤੇ ਸਤਿਕਾਰ ਨਾਲ ਲੰਗਰ ਵਰਤਾਇਆ। ਇਸ ਗਤੀਵਿਧੀ ਰਾਹੀਂ ਬੱਚਿਆਂ ਨੂੰ ਇਹ ਸਮਝਾਉਣ ਦਾ ਯਤਨ ਕੀਤਾ ਗਿਆ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਅਸਲ ਮਕਸਦ ਮਨੁੱਖਤਾ ਦੀ ਸੇਵਾ, ਆਪਸੀ ਸਾਂਝ ਅਤੇ ਲੋੜਵੰਦਾਂ ਦੀ ਮਦਦ ਕਰਨਾ ਹੈ। ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਅਤੇ ਚੇਅਰਪਰਸਨ ਰਕਸ਼ੰਦਾ ਸ਼ਰਮਾ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੀ ਸਮਝ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਬੱਚਿਆਂ ਵਿੱਚ ਬਜ਼ੁਰਗਾਂ ਪ੍ਰਤੀ ਸਤਿਕਾਰ, ਨਿਸ਼ਕਾਮ ਸੇਵਾ, ਦਾਨ ਅਤੇ ਸਹਿਯੋਗ ਦੀ ਭਾਵਨਾ ਪੈਦਾ ਹੁੰਦੀ ਹੈ। ਅੰਤ ਵਿੱਚ ਸਕੂਲ ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।