ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਖੁਸ਼ਹਾਲੀ ਦਾ ਮੁੱਢ ਸਾਬਤ ਹੋਵੇਗਾ : ਸੇਵੇਵਾਲਾ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਪੰਜਾਬ ਦੀ ਖੁਸ਼ਹਾਲੀ ਦਾ ਮੁੱਢ ਸਾਬਤ ਹੋਵੇਗਾ : ਪ੍ਰਕਾਸ਼ ਸਿੰਘ ਸੇਵੇਵਾਲਾ
Publish Date: Wed, 25 Nov 2026 03:34 PM (IST)
Updated Date: Wed, 25 Nov 2026 03:34 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਭਾਜਪਾ ਆਗੂਆਂ ਵੱਲੋਂ ਇਸ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਜੈਤੋ ਦੇ ਕਨਵੀਨਰ ਅਤੇ ਜ਼ਿਲ੍ਹਾ ਫਰੀਦਕੋਟ ਦੇ ਐੱਸਸੀ ਮੋਰਚਾ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੀ ਖੁਸ਼ਹਾਲੀ ਦਾ ਮੁੱਢ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਵਿੱਚ ਸਾਂਝਾ ਸਫ਼ਰ ਰਿਹਾ ਹੈ ਅਤੇ ਇਸ ਗੱਠਜੋੜ ਨਾਲ ਸੂਬੇ ਦੇ ਵਿਕਾਸ, ਆਪਸੀ ਭਾਈਚਾਰੇ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਉਨ੍ਹਾਂ ਮੁਤਾਬਕ ਪੰਜਾਬ ਅੱਜ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਕਿਸਾਨੀ ਨੂੰ ਲਾਹੇਵੰਦ ਬਣਾਉਣ ਅਤੇ ਵਪਾਰ ਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਠੋਸ ਯੋਜਨਾਬੰਦੀ ਦੀ ਲੋੜ ਹੈ। ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਕੇਂਦਰ ਅਤੇ ਸੂਬਾ ਪੱਧਰ ਤੇ ਬਿਹਤਰ ਤਾਲਮੇਲ ਹੋਣਾ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਨੌਜਵਾਨ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਨ੍ਹਾਂ ਸਾਰੇ ਵਰਗਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਤੋਂ ਬਚਾਉਣ ਲਈ ਰੁਜ਼ਗਾਰ, ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਵਧੇਰੇ ਮੌਕੇ ਪੈਦਾ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਰੁਜ਼ਗਾਰ ਮੁਹੱਈਆ ਕਰਵਾਉਣ ਵੱਲ ਧਿਆਨ ਦੇਣ ਦੀ ਲੋੜ ਹੈ। ਸੇਵੇਵਾਲਾ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਨੂੰ ਮੁੱਖ ਰੱਖਦਿਆਂ ਰਾਜਨੀਤੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਲੋਕਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਗੱਠਜੋੜ ਸੂਬੇ ਦੀ ਖੁਸ਼ਹਾਲੀ, ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਨਵੀਂ ਸ਼ੁਰੂਆਤ ਦਾ ਆਧਾਰ ਬਣੇਗਾ।