- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਵਿਦਿਆਰਥੀਆਂ ਨੇ ਕੁਇਜ਼ ਤੇ ਲੇਖ ਮੁਕਾਬਲਿਆਂ ’ਚ ਦਿਖਾਈ ਪ੍ਰਤਿਭਾ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਵੀਪ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਪ੍ਰੋਜੈਕਟ ਅਧੀਨ ਸਥਾਨਕ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਮੁਕਾਬਲੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਗੋਇਲ ਦੀ ਅਗਵਾਈ ਹੇਠ ਕਰਵਾਏ ਗਏ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ (ਸੈਕੰਡਰੀ) ਅੰਜਨਾ ਕੌਂਸਲ ਦੀ ਦੇਖ-ਰੇਖ ਹੇਠ ਮੁਕਾਬਲਿਆਂ ਦਾ ਸਫ਼ਲਤਾਪੂਰਵਕ ਪ੍ਰਬੰਧ ਕੀਤਾ ਗਿਆ। ਇਸ ਮੌਕੇ ਅੰਜਨਾ ਕੌਂਸਲ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਕਿਸੇ ਵੀ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ। ਸਕੂਲੀ ਪੱਧਰ ’ਤੇ ਕਰਵਾਈਆਂ ਜਾਂਦੀਆਂ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਨਾ ਸਿਰਫ਼ ਚੋਣ ਪ੍ਰਣਾਲੀ ਦੀ ਜਾਣਕਾਰੀ ਦਿੰਦੀਆਂ ਹਨ, ਸਗੋਂ ਉਨ੍ਹਾਂ ਅੰਦਰ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਵੋਟ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਪ੍ਰਤੀ ਨਾਗਰਿਕ ਦੀ ਅਹਿਮ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਬਿਨਾਂ ਕਿਸੇ ਡਰ, ਲਾਲਚ ਜਾਂ ਭੇਦਭਾਵ ਤੋਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਅਜਿਹੀਆਂ ਸਰਗਰਮੀਆਂ ਭਵਿੱਖ ਵਿੱਚ ਵੀ ਜਾਰੀ ਰੱਖੀਆਂ ਜਾਣਗੀਆਂ। ਸਕੂਲ ਦੇ ਪ੍ਰਿੰਸੀਪਲ ਦੀਪਕ ਸਿੰਘ ਨੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੇਖ ਰਚਨਾ ਮੁਕਾਬਲੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਮਨਵੀਰ ਕੌਰ, ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਭਜੋਤ ਕੌਰ, ਡੀਏਵੀ ਸਕੂਲ ਕੋਟਕਪੂਰਾ ਦੇ ਧੈਰਿਅਮ ਦੁਆ ਅਤੇ ਪੀਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਨਵਨੀਤ ਕੌਰ ਨੇ ਭਾਗ ਲਿਆ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿੱਚ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ, ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ, ਡੀਏਵੀ ਸਕੂਲ ਕੋਟਕਪੂਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਂ ਕਲਾਂ ਦੇ ਵਿਦਿਆਰਥੀਆਂ ਨੇ ਆਪਣੀ ਭਾਗੀਦਾਰੀ ਦਰਜ ਕਰਵਾਈ। ਮੁਕਾਬਲਿਆਂ ਦੌਰਾਨ ਜੱਜਾਂ ਦੀ ਭੂਮਿਕਾ ਪੰਜਾਬੀ ਮਾਸਟਰ ਹਰਬਿੰਦਰ ਸਿੰਘ ਅਤੇ ਅੰਗਰੇਜ਼ੀ ਲੈਕਚਰਾਰ ਪੁਸ਼ਪਦੀਪ ਕੌਰ ਨੇ ਨਿਭਾਈ। ਅੰਤ ਵਿੱਚ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਜਸਬੀਰ ਸਿੰਘ ਜੱਸੀ ਨੇ ਮੁਕਾਬਲਿਆਂ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ, ਅਧਿਆਪਕਾਂ ਅਤੇ ਨੋਡਲ ਅਫ਼ਸਰਾਂ ਦਾ ਧੰਨਵਾਦ ਕੀਤਾ।