- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਬਾਰੇ ਸੈਮੀਨਾਰ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਦੀ ਦਿੱਤੀ ਜਾਣਕਾਰੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਬੇਰੁਜ਼ਗਾਰ ਨੌਜਵਾਨਾਂ ਨੂੰ ਸਿਰਫ਼ ਸਰਕਾਰੀ ਨੌਕਰੀਆਂ ਦੀ ਉਡੀਕ ਕਰਨ ਦੀ ਬਜਾਏ ਹੁਨਰਮੰਦ ਬਣ ਕੇ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਖੇਤਰ ਵਿੱਚ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਰੁਜ਼ਗਾਰ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਰੁਜ਼ਗਾਰ ਮੁਖੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਗਿਆ। ਸੈਮੀਨਾਰ ਸਬੰਧੀ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ ਨੀਤੂ ਰਾਣੀ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਵੀ ਕਈ ਮੌਕੇ ਮੌਜੂਦ ਹਨ। ਇਸੇ ਮਕਸਦ ਤਹਿਤ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੀਆਂ ਉਦਯੋਗਿਕ ਅਤੇ ਵਪਾਰਕ ਲੋੜਾਂ ਅਨੁਸਾਰ ਹੁਨਰ ਸਿਖਲਾਈ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਨਵੇਂ ਸਕਿੱਲ ਕੋਰਸਾਂ ਅਤੇ ਸਿਖਲਾਈ ਰਾਹੀਂ ਆਪਣਾ ਕੰਮ ਸ਼ੁਰੂ ਕਰਨ ਦੇ ਸੰਭਾਵੀ ਮੌਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਨਿੱਜੀ ਖੇਤਰ ਵਿੱਚ ਨੌਕਰੀ ਕਰਨ ਦੇ ਇੱਛੁਕ ਨੌਜਵਾਨਾਂ ਨੂੰ ਪ੍ਰਾਈਵੇਟ ਅਦਾਰਿਆਂ ਵਿੱਚ ਰੁਜ਼ਗਾਰ ਪ੍ਰਾਪਤ ਕਰਨ ਲਈ ਅਪਣਾਈਆਂ ਜਾਣ ਵਾਲੀਆਂ ਪ੍ਰਕਿਰਿਆਵਾਂ ਅਤੇ ਵਿਭਾਗ ਵੱਲੋਂ ਕੀਤੇ ਜਾਂਦੇ ਯਤਨਾਂ ਬਾਰੇ ਵੀ ਸਮਝਾਇਆ ਗਿਆ। ਇਸ ਦੇ ਨਾਲ ਹੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਅਤੇ ਇਸ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੀਆਂ ਕਰਜ਼ਾ ਸਕੀਮਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਨੀਤੂ ਰਾਣੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੁਜ਼ਗਾਰ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਜੁੜਨ। ਬੇਰੁਜ਼ਗਾਰ ਨੌਜਵਾਨ ਕਿਸੇ ਵੀ ਕੰਮਕਾਜ ਵਾਲੇ ਦਿਨ ਤਲਵੰਡੀ ਬਾਈਪਾਸ ਨੇੜੇ ਸੰਧੂ ਪੈਲੇਸ ਸਥਿਤ ਰੈੱਡ ਕਰਾਸ ਭਵਨ ਦੀ ਪਹਿਲੀ ਮੰਜ਼ਿਲ ’ਤੇ ਬਣੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ ਵਿਖੇ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਰੁਜ਼ਗਾਰ ਪੋਰਟਲ www.pgrkam.com ’ਤੇ ਵੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਵਿਭਾਗ ਦੇ ਵਟਸਐਪ ਗਰੁੱਪਾਂ ਅਤੇ ਫੇਸਬੁੱਕ, ਇੰਸਟਾਗ੍ਰਾਮ ਤੇ ਟੈਲੀਗ੍ਰਾਮ ਵਰਗੇ ਸੋਸ਼ਲ ਮੀਡੀਆ ਮਾਧਿਅਮਾਂ ਨਾਲ ਜੁੜ ਕੇ ਵੀ ਨੌਜਵਾਨ ਰੁਜ਼ਗਾਰ ਮੇਲਿਆਂ, ਸਵੈ-ਰੁਜ਼ਗਾਰ ਯੋਜਨਾਵਾਂ ਅਤੇ ਹੁਨਰ ਸਿਖਲਾਈ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।