ਲੋਕ ਭਲਾਈ ਯੋਜਨਾਵਾਂ ਘਰ-ਘਰ ਪਹੁੰਚਾਉਣ ’ਚ ਸਖੀਆਂ ਦੇ ਯੋਗਦਾਨ ਦੀ ਸ਼ਲਾਘਾ ਲੋਕ ਭਲਾਈ ਯੋਜਨਾਵਾਂ ਘਰ-ਘਰ ਪਹੁੰਚਾਉਣ ’ਚ ਸਖੀਆਂ ਦਾ ਯੋਗਦਾਨ ਸ਼ਲਾਘਾਯੋਗ : ਅਮੋਲਕ ਸਿੰਘ
Publish Date: Thu, 26 Nov 2026 03:14 PM (IST)
Updated Date: Thu, 26 Nov 2026 03:16 PM (IST)
ਵਿਧਾਇਕ ਨੇ ਸਖੀਆਂ ਨਾਲ ਕੀਤੀ ਮੀਟਿੰਗ, ਸਮਰਪਣ ਤੇ ਲੋਕ ਸੇਵਾ ਲਈ ਕੀਤਾ ਸਨਮਾਨਿਤ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਸਮਾਜ ਦੇ ਹਰ ਵਰਗ ਅਤੇ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਵਿੱਚ ਸਖੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬੇਹੱਦ ਅਹਿਮ ਅਤੇ ਸ਼ਲਾਘਾਯੋਗ ਹੈ। ਸਖੀਆਂ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਦਿਆਂ ਮਹਿਲਾਵਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਸਰਕਾਰੀ ਸਹੂਲਤਾਂ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਜੈਤੋ-ਬਾਜਾਖਾਨਾ ਰੋਡ ਸਥਿਤ ਆਪਣੀ ਰਿਹਾਇਸ਼ ਵਿਖੇ ਹਲਕੇ ਦੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਸਖੀਆਂ ਵੱਲੋਂ ਖ਼ਾਸ ਕਰਕੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਯੋਗ ਮਹਿਲਾਵਾਂ ਨੂੰ ਜਾਗਰੂਕ ਕਰਨ ਅਤੇ ਸਰਕਾਰ ਦੀਆਂ ਹੋਰ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਖੀਆਂ ਦੀ ਮਿਹਨਤ, ਸਮਰਪਣ ਅਤੇ ਲੋਕ ਸੇਵਾ ਦੇ ਜਜ਼ਬੇ ਦੀ ਕਦਰ ਕਰਦਿਆਂ ਸਮੂਹ ਸਖੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਮਾਣ-ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਯੋਗ ਮਹਿਲਾਵਾਂ ਨੂੰ ਜਾਣਕਾਰੀ ਦੇਣ, ਉਨ੍ਹਾਂ ਦੀਆਂ ਸ਼ੰਕਾਵਾਂ ਦੂਰ ਕਰਨ ਅਤੇ ਯੋਜਨਾ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ ਵਿੱਚ ਸਖੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦੇ ਉਦੇਸ਼, ਯੋਗਤਾ ਅਤੇ ਲਾਭਾਂ ਬਾਰੇ ਸਹੀ ਜਾਣਕਾਰੀ ਦੇਣਾ ਸਮੇਂ ਦੀ ਅਹਿਮ ਲੋੜ ਹੈ, ਤਾਂ ਜੋ ਕੋਈ ਵੀ ਯੋਗ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਮੁੱਖ ਮੰਤਰੀ ਮੇਰੀ ਰਸੋਈ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤਹਿਤ ਯੋਗ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਜ਼ਰੂਰੀ ਖ਼ੁਰਾਕੀ ਵਸਤਾਂ ਦੀਆਂ ਕਿੱਟਾਂ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਸਿਹਤ ਜਾਂਚ, ਦਵਾਈਆਂ ਅਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਤੇ ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਵੀ ਲੋਕਾਂ ਨੂੰ ਰਾਹਤ ਦੇਣ ਲਈ ਅਹਿਮ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਯੋਜਨਾ ਦੀ ਸਫ਼ਲਤਾ ਇਸ ਗੱਲ ’ਤੇ ਨਿਰਭਰ ਕਰਦੀ ਹੈ ਕਿ ਉਸ ਦਾ ਲਾਭ ਸਮਾਜ ਦੇ ਆਖਰੀ ਅਤੇ ਲੋੜਵੰਦ ਵਿਅਕਤੀ ਤੱਕ ਕਿੰਨੀ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਦਾ ਹੈ। ਇਸ ਲਈ ਸਖੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਸਖੀਆਂ ਭਵਿੱਖ ਵਿੱਚ ਵੀ ਇਸੇ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਦੀਆਂ ਰਹਿਣਗੀਆਂ। ਇਸ ਮੌਕੇ ਆਮ ਆਦਮੀ ਪਾਰਟੀ ਇਸਤਰੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੀ ਪ੍ਰਧਾਨ ਬੀਬੀ ਸਰਬਜੀਤ ਕੌਰ ਪੁੰਨੀ ਸਮੇਤ ਵੱਡੀ ਗਿਣਤੀ ਵਿੱਚ ਸਖੀਆਂ ਹਾਜ਼ਰ ਸਨ।