- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਜ਼ੁਰਗਾਂ ਦਾ ਸਤਿਕਾਰ ਸਾਡਾ ਨੈਤਿਕ ਫ਼ਰਜ਼ : ਵਿਧਾਇਕ ਅਮੋਲਕ ਸਿੰਘ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦਿਆਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਵੱਖ-ਵੱਖ ਪਿੰਡਾਂ ਵਿੱਚ ਤੀਰਥ ਯਾਤਰਾ ਤੋਂ ਪਰਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬਜ਼ੁਰਗਾਂ ਨਾਲ ਯਾਤਰਾ ਦੇ ਤਜਰਬੇ ਸਾਂਝੇ ਕਰਦਿਆਂ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਮੁਹੱਈਆ ਕਰਵਾਈਆਂ ਸਹੂਲਤਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਸਬੰਧੀ ਪਿੰਡ ਰੋਮਾਣਾ ਅਜੀਤ ਸਿੰਘ, ਰੋੜੀਕਪੂਰਾ, ਸੂਰਘੁਰੀ, ਕਰੀਰਵਾਲੀ, ਬਿਸ਼ਨੰਦੀ, ਘਣੀਆਂ, ਵਾੜਾ ਭਾਈਕਾ, ਉਕੰਦਵਾਲਾ, ਦਲ ਸਿੰਘ ਵਾਲਾ, ਜਿਉਣ ਵਾਲਾ ਸਮੇਤ ਹੋਰ ਪਿੰਡਾਂ ਵਿੱਚ ਪਹੁੰਚੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ‘ਤੀਰਥ ਯਾਤਰੀ ਸਭਾ ਸਰਵਣ ਪੁੱਤ ਮਾਨ ਨੂੰ ਬਜ਼ੁਰਗਾਂ ਦਾ ਆਸ਼ੀਰਵਾਦ’ ਮੁਹਿੰਮ ਤਹਿਤ ਬਜ਼ੁਰਗਾਂ ਨਾਲ ਨਿੱਘਾ ਸੰਵਾਦ ਰਚਾਇਆ। ਉਨ੍ਹਾਂ ਨੇ ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਖਾਣ-ਪੀਣ ਅਤੇ ਹੋਰ ਪ੍ਰਬੰਧਾਂ ਬਾਰੇ ਉਨ੍ਹਾਂ ਦੇ ਤਜਰਬੇ ਸੁਣੇ ਅਤੇ ਭਵਿੱਖ ਵਿੱਚ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਵੀ ਲਏ। ਇਸ ਮੌਕੇ ਤੀਰਥ ਯਾਤਰਾ ਤੋਂ ਪਰਤੇ ਬਜ਼ੁਰਗਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਕੀਤੇ ਗਏ ਪ੍ਰਬੰਧਾਂ ਸਦਕਾ ਉਨ੍ਹਾਂ ਨੂੰ ਬਿਨਾਂ ਕਿਸੇ ਵੱਡੀ ਮੁਸ਼ਕਲ ਦੇ ਧਾਰਮਿਕ ਯਾਤਰਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦਾ ਤਜਰਬਾ, ਸੂਝ-ਬੂਝ ਤੇ ਅਗਵਾਈ ਨਵੀਂ ਪੀੜ੍ਹੀ ਲਈ ਵੱਡਮੁੱਲੀ ਧਰੋਹਰ ਹੈ। ਉਨ੍ਹਾਂ ਦਾ ਮਾਣ-ਸਤਿਕਾਰ ਕਰਨਾ, ਉਨ੍ਹਾਂ ਦੀਆਂ ਲੋੜਾਂ ਅਤੇ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੀਆਂ ਦੁਆਵਾਂ ਪ੍ਰਾਪਤ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਾਡੇ ਅਮੀਰ ਸੱਭਿਆਚਾਰ ਅਤੇ ਚੰਗੇ ਸੰਸਕਾਰਾਂ ਦੀ ਅਸਲ ਪਛਾਣ ਹੈ। ਉਨ੍ਹਾਂ ਅੱਗੇ ਕਿਹਾ ਕਿ ਬਜ਼ੁਰਗਾਂ ਨਾਲ ਮਿਲ ਕੇ ਉਨ੍ਹਾਂ ਦੇ ਤਜਰਬੇ ਸੁਣਨਾ ਅਤੇ ਆਸ਼ੀਰਵਾਦ ਪ੍ਰਾਪਤ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਬਜ਼ੁਰਗਾਂ ਵੱਲੋਂ ਮਿਲਿਆ ਪਿਆਰ ਅਤੇ ਸਨੇਹ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਸਮਰਪਣ ਭਾਵਨਾ ਨਾਲ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਬਜ਼ੁਰਗਾਂ ਦੀ ਸੇਵਾ, ਸਤਿਕਾਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਾਲੇ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਅਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਸਰਪੰਚ ਇੰਦਰਜੀਤ ਸਿੰਘ ਧਾਲੀਵਾਲ ਰੋਮਾਣਾ ਅਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।