- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ’ਚ ਪੈਰਾ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਸ਼ਾਨਦਾਰ ਆਗਾਜ਼

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਦਿਵਿਆਂਗ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ਪੈਰਾ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਜ਼ਿਲ੍ਹਾ ਲੁਧਿਆਣਾ ਵਿਖੇ ਸ਼ਾਨਦਾਰ ਆਗਾਜ਼ ਹੋਇਆ। 28 ਨਵੰਬਰ ਤੱਕ ਚੱਲਣ ਵਾਲੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਪੈਰਾ ਐਥਲੈਟਿਕਸ, ਪੈਰਾ ਬੈਡਮਿੰਟਨ, ਪੈਰਾ ਪਾਵਰਲਿਫਟਿੰਗ ਅਤੇ ਵ੍ਹੀਲਚੇਅਰ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਪਗ 800 ਪੈਰਾ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਆਗੂ ਸ਼ਮਿੰਦਰ ਸਿੰਘ ਢਿੱਲੋਂ ਅਤੇ ਮੀਡੀਆ ਇੰਚਾਰਜ ਪ੍ਰਮੋਦ ਧੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਪ੍ਰਕਿਰਿਆ 23 ਸਤੰਬਰ ਤੋਂ 12 ਨਵੰਬਰ ਤੱਕ ਜ਼ਿਲ੍ਹਾ-ਵਾਰ ਨਿਰਧਾਰਤ ਸ਼ਡਿਊਲ ਅਨੁਸਾਰ ਸਬੰਧਤ ਜ਼ਿਲ੍ਹਾ ਖੇਡ ਦਫ਼ਤਰਾਂ ਵਿਖੇ ਸਫ਼ਲਤਾਪੂਰਵਕ ਮੁਕੰਮਲ ਕੀਤੀ ਜਾ ਚੁੱਕੀ ਹੈ। ਇਸ ਤੋਂ ਬਾਅਦ ਖਿਡਾਰੀਆਂ ਵੱਲੋਂ ਪੰਜਾਬ ਸਰਕਾਰ ਦੀ ਅਧਿਕਾਰਤ ਵੈੱਬਸਾਈਟ ’ਤੇ ਆਪਣੀ ਰਜਿਸਟ੍ਰੇਸ਼ਨ ਵੀ ਕਰਵਾਈ ਗਈ ਹੈ, ਤਾਂ ਜੋ ਮੁਕਾਬਲਿਆਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੇ ਸੁਚੱਜੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਧਾਲੀਵਾਲ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਸਾਲ 2024 ਵਿੱਚ ਕੀਤੀ ਗਈ ਸੀ, ਜਿਸ ਨੂੰ ਪੈਰਾ ਖਿਡਾਰੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਪਹਿਲੇ ਸਾਲ ਦੀ ਸਫ਼ਲਤਾ ਤੋਂ ਉਤਸ਼ਾਹਿਤ ਹੋ ਕੇ ਪੰਜਾਬ ਸਰਕਾਰ ਵੱਲੋਂ ਦੂਜੀ ਵਾਰ ਸਾਲ 2026 ਵਿੱਚ ਇਹ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਵਾਰ ਖਿਡਾਰੀਆਂ ਦੀ ਵਧੇਰੇ ਸ਼ਮੂਲੀਅਤ ਅਤੇ ਉਤਸ਼ਾਹ ਇਨ੍ਹਾਂ ਖੇਡਾਂ ਨੂੰ ਹੋਰ ਵੀ ਮਹੱਤਵਪੂਰਨ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਰਾ ਖੇਡਾਂ ਸਿਰਫ਼ ਮੁਕਾਬਲੇਬਾਜ਼ੀ ਦਾ ਮੰਚ ਹੀ ਨਹੀਂ, ਸਗੋਂ ਦ੍ਰਿੜ੍ਹ ਇੱਛਾ-ਸ਼ਕਤੀ, ਆਤਮ-ਵਿਸ਼ਵਾਸ, ਮਿਹਨਤ ਅਤੇ ਹੌਸਲੇ ਦੀ ਮਿਸਾਲ ਵੀ ਹਨ। ਅਜਿਹੇ ਖੇਡ ਸਮਾਗਮ ਪੈਰਾ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਅੱਗੇ ਵਧਣ ਲਈ ਵੀ ਪ੍ਰੇਰਿਤ ਕਰਦੇ ਹਨ। ਇਨ੍ਹਾਂ ਖੇਡਾਂ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ, ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਜੁਆਇੰਟ ਸਕੱਤਰ ਦਵਿੰਦਰ ਸਿੰਘ ਟਫ਼ੀ ਬਰਾੜ, ਗੁਰਪ੍ਰੀਤ ਸਿੰਘ ਧਾਲੀਵਾਲ, ਜਗਰੂਪ ਸਿੰਘ ਸੂਬਾ ਬਰਾੜ, ਸੁਖਜਿੰਦਰ ਸਿੰਘ ਸੁੱਖ, ਪ੍ਰਮੋਦ ਧੀਰ, ਸ਼ਮਿੰਦਰ ਸਿੰਘ ਢਿੱਲੋਂ, ਡਾ. ਨਵਜੋਤ ਸਿੰਘ ਬੱਲ, ਜਸਿੰਦਰ ਸਿੰਘ ਢਿੱਲੋਂ, ਅਮਨਦੀਪ ਸਿੰਘ ਬਰਾੜ, ਖੁਸ਼ਪ੍ਰੀਤ ਸਿੰਘ, ਕੁਲਦੀਪ ਸਿੰਘ, ਜਸਵੰਤ ਸਿੰਘ ਅਤੇ ਡਾ. ਰਮਨਦੀਪ ਸਿੰਘ ਸਮੇਤ ਹੋਰ ਅਹੁਦੇਦਾਰ ਤੇ ਪ੍ਰਬੰਧਕ ਸਰਗਰਮੀ ਨਾਲ ਸਹਿਯੋਗ ਦੇ ਰਹੇ ਹਨ। ਇਨ੍ਹਾਂ ਖੇਡਾਂ ਨੂੰ ਲੈ ਕੇ ਪੈਰਾ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।