- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਲੋਕਾਂ ’ਚ ਉਤਸ਼ਾਹ : ਮਨਤਾਰ ਬਰਾੜ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਗੱਠਜੋੜ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਥ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪ੍ਰਮੁੱਖ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦੀ ਸੱਭਿਆਚਾਰਕ ਪਛਾਣ, ਕਿਸਾਨਾਂ ਦੇ ਹੱਕਾਂ, ਪੰਜਾਬੀ ਮਾਂ-ਬੋਲੀ, ਗੁਰੂ ਘਰਾਂ ਦੀ ਮਰਿਆਦਾ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਮਹਿਜ਼ ਸੱਤਾ ਹਾਸਲ ਕਰਨ ਦਾ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੀ ਤਰੱਕੀ, ਕਿਸਾਨੀ ਦੀ ਖੁਸ਼ਹਾਲੀ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਾਂਝਾ ਉਪਰਾਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ, ਮਹਿਲਾਵਾਂ, ਨੌਜਵਾਨਾਂ, ਗਰੀਬ ਪਰਿਵਾਰਾਂ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਪੰਜਾਬ ਦੇ ਲੋਕਾਂ ਤੱਕ ਵੀ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਅਤੇ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਡਬਲ ਇੰਜਣ ਸਰਕਾਰ ਬਣਨ ਨਾਲ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ ਅਤੇ ਰੁਜ਼ਗਾਰ, ਕਿਸਾਨੀ ਖੁਸ਼ਹਾਲੀ ਤੇ ਸਮਾਜਿਕ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ। ਮਨਤਾਰ ਸਿੰਘ ਬਰਾੜ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮਹਿਲਾਵਾਂ ਅਤੇ ਵਪਾਰੀ ਵਰਗ ਸਮੇਤ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਦਾ ਸਮਰਥਨ ਕਰਨ, ਤਾਂ ਜੋ ਸੂਬੇ ਨੂੰ ਵਧੇਰੇ ਕੇਂਦਰੀ ਫੰਡ, ਵੱਡੇ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਮਿਲ ਸਕੇ। ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਮਨਤਾਰ ਸਿੰਘ ਬਰਾੜ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਵਾਗਡੋਰ ਦਿੱਲੀ ਤੋਂ ਚਲਾਈ ਗਈ ਅਤੇ ਸੂਬੇ ਦੇ ਸਰੋਤਾਂ ਤੇ ਖ਼ਜ਼ਾਨੇ ਦੀ ਦੁਰਵਰਤੋਂ ਹੋਈ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ‘ਆਪ’ ਆਗੂਆਂ ਤੋਂ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ ਸਹੂਲਤਾਂ ਅਤੇ ਨਸ਼ਾ ਮੁਕਤੀ ਸਬੰਧੀ ਕੀਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਮੰਗਣਗੇ। ਉਨ੍ਹਾਂ ਅੰਤ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਰ ਵਰਗ ਅਤੇ ਹਰ ਪਰਿਵਾਰ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।