ਭਾਰਤੀ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ : ਅਸ਼ਵਨੀ ਗਰਗ ਭਾਰਤੀ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ : ਅਸ਼ਵਨੀ ਗਰਗ
Publish Date: Thu, 26 Nov 2026 03:23 PM (IST)
Updated Date: Thu, 26 Nov 2026 03:25 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਿਵਾਲਿਕ ਕਿਡਜ਼ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਸ੍ਰੀ ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਵਿਖੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੀਆਂ ਵਿਸ਼ੇਸ਼ਤਾਵਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫਰਜ਼ਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ, ਬਨੂੜ (ਚੰਡੀਗੜ੍ਹ) ਅਤੇ ਸ਼ਿਵਾਲਿਕ ਕਿਡਜ਼ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ ਗੋਰੀਆ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਇਤਿਹਾਸਕ ਮਹੱਤਤਾ ਅਤੇ ਇਸ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ। ਆਪਣੇ ਸੰਬੋਧਨ ਦੌਰਾਨ ਅਸ਼ਵਨੀ ਕੁਮਾਰ ਗਰਗ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ, ਜੋ ਦੇਸ਼ ਦੀ ਏਕਤਾ, ਅਖੰਡਤਾ, ਲੋਕਤੰਤਰੀ ਪ੍ਰਣਾਲੀ ਅਤੇ ਸਮਾਜਿਕ ਨਿਆਂ ਦਾ ਮਜ਼ਬੂਤ ਆਧਾਰ ਹੈ। ਇਹ ਸੰਵਿਧਾਨ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰਤਾ ਦਾ ਅਧਿਕਾਰ ਦਿੰਦਿਆਂ ਕਾਨੂੰਨ ਦੀ ਨਜ਼ਰ ਵਿੱਚ ਸਭ ਨੂੰ ਇੱਕ ਸਮਾਨ ਮੰਨਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਸਿਰਫ਼ ਅਧਿਕਾਰਾਂ ਦੀ ਗੱਲ ਨਹੀਂ ਕਰਦਾ, ਸਗੋਂ ਹਰ ਨਾਗਰਿਕ ਨੂੰ ਆਪਣੇ ਫਰਜ਼ਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਣ ਵਿੱਚ ਡਾ. ਬੀ.ਆਰ. ਅੰਬੇਡਕਰ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਦੀ ਦੂਰਅੰਦੇਸ਼ੀ ਸੋਚ, ਅਣਥੱਕ ਮਿਹਨਤ ਅਤੇ ਵਿਦਵਤਾ ਸਦਕਾ ਦੇਸ਼ ਨੂੰ ਅਜਿਹਾ ਸੰਵਿਧਾਨ ਮਿਲਿਆ, ਜੋ ਵੱਖ-ਵੱਖ ਧਰਮਾਂ, ਭਾਸ਼ਾਵਾਂ, ਸੱਭਿਆਚਾਰਾਂ ਅਤੇ ਵਰਗਾਂ ਦੇ ਲੋਕਾਂ ਨੂੰ ਇੱਕ ਸੂਤਰ ਵਿੱਚ ਪਰੋ ਕੇ ਰੱਖਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਉੱਚੇਰੀ ਸਿੱਖਿਆ ਹਾਸਲ ਕਰਨ ਅਤੇ ਆਪਣੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ। ਸੰਵਿਧਾਨ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ 26 ਨਵੰਬਰ, 1949 ਨੂੰ ਸੰਵਿਧਾਨ ਸਭਾ ਵੱਲੋਂ ਅਪਣਾਇਆ ਗਿਆ ਸੀ ਅਤੇ 26 ਜਨਵਰੀ, 1950 ਨੂੰ ਲਾਗੂ ਹੋਇਆ। ਇਸ ਦੇ ਨਿਰਮਾਣ ਵਿੱਚ 2 ਸਾਲ, 11 ਮਹੀਨੇ ਅਤੇ 18 ਦਿਨ ਦਾ ਸਮਾਂ ਲੱਗਿਆ। ਡਾ. ਬੀ.ਆਰ. ਅੰਬੇਡਕਰ ਸੰਵਿਧਾਨ ਦੀ ਖਰੜਾ ਕਮੇਟੀ ਦੇ ਚੇਅਰਮੈਨ ਸਨ। ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ ਦੇ ਨਿਰਮਾਣ ਸਮੇਂ ਦੁਨੀਆ ਦੇ ਕਈ ਦੇਸ਼ਾਂ ਦੇ ਸੰਵਿਧਾਨਾਂ ਅਤੇ ਪ੍ਰਸ਼ਾਸਨਿਕ ਪ੍ਰਣਾਲੀਆਂ ਤੋਂ ਵੀ ਮਹੱਤਵਪੂਰਨ ਵਿਸ਼ੇਸ਼ਤਾਵਾਂ ਗ੍ਰਹਿਣ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਬ੍ਰਿਟੇਨ, ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਫਰਾਂਸ, ਜਰਮਨੀ, ਸੋਵੀਅਤ ਸੰਘ, ਦੱਖਣੀ ਅਫ਼ਰੀਕਾ ਅਤੇ ਜਪਾਨ ਪ੍ਰਮੁੱਖ ਹਨ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਸੰਵਿਧਾਨ ਵਿੱਚ ਲੋੜ ਅਨੁਸਾਰ ਸੋਧਾਂ ਕੀਤੀਆਂ ਗਈਆਂ ਹਨ, ਪਰ ਇਸ ਦੀ ਮੂਲ ਭਾਵਨਾ ਲੋਕਤੰਤਰ, ਆਜ਼ਾਦੀ, ਸਮਾਨਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਕਈ ਵਾਰ ਸੰਵਿਧਾਨ ਦੀ ਦੁਰਵਰਤੋਂ ਸਬੰਧੀ ਵੀ ਸਵਾਲ ਉੱਠਦੇ ਹਨ। ਇਸ ਲਈ ਜ਼ਰੂਰੀ ਹੈ ਕਿ ਦੇਸ਼ ਦਾ ਹਰ ਨਾਗਰਿਕ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਵੇ, ਤਾਂ ਜੋ ਸੰਵਿਧਾਨ ਵਿੱਚ ਦਰਜ ਲੋਕ ਭਲਾਈ ਦੀਆਂ ਭਾਵਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਸਕੇ। ਇਸ ਮੌਕੇ ਸਕੂਲ ਦੀ ਅਕਾਦਮਿਕ ਹੈੱਡ ਸਾਨੀਆ ਨਰੂਲਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਦੀ ਸੰਵਿਧਾਨਕ ਸੋਚ ਆਜ਼ਾਦੀ, ਸਮਾਨਤਾ, ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦੇ ਸਿਧਾਂਤਾਂ ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਭਾਰਤ ਵਰਗੇ ਵਿਸ਼ਾਲ ਅਤੇ ਵਿਭਿੰਨਤਾਵਾਂ ਭਰੇ ਦੇਸ਼ ਨੂੰ ਏਕਤਾ ਦੇ ਸੂਤਰ ਵਿੱਚ ਬੰਨ੍ਹ ਕੇ ਰੱਖਣ ਵਿੱਚ ਸੰਵਿਧਾਨ ਦੀ ਬਹੁਤ ਵੱਡੀ ਭੂਮਿਕਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੰਵਿਧਾਨ ਸਬੰਧੀ ਮਹੱਤਵਪੂਰਨ ਜਾਣਕਾਰੀਆਂ ਹਾਸਲ ਕੀਤੀਆਂ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ਲੱਕੀ ਗਰਗ , ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ, ਮੈਂਬਰ ਅੰਕੁਰ ਗਰਗ ਸਮੇਤ ਹੋਰ ਪਤਵੰਤੇ ਅਤੇ ਸਕੂਲ ਸਟਾਫ਼ ਮੈਂਬਰ ਮੌਜੂਦ ਸਨ।