- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਬਣ ਸਕਦੀ ਹੈ ਗੰਭੀਰ ਸਿਹਤ ਸਮੱਸਿਆ, ਸਿਹਤ ਵਿਭਾਗ ਨੇ ਕੀਤਾ ਜਾਗਰੂਕ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਅਤੇ ਗ਼ਲਤ ਵਰਤੋਂ ਭਵਿੱਖ ਵਿੱਚ ਇਲਾਜ ਦੀਆਂ ਸੰਭਾਵਨਾਵਾਂ ਨੂੰ ਗੰਭੀਰ ਚੁਣੌਤੀ ਦੇ ਸਕਦੀ ਹੈ। ਇਸੇ ਖ਼ਤਰੇ ਪ੍ਰਤੀ ਸਿਹਤ ਕਰਮਚਾਰੀਆਂ ਨੂੰ ਜਾਗਰੂਕ ਕਰਨ ਅਤੇ ਰੋਗਾਣੂਨਾਸ਼ਕ ਦਵਾਈਆਂ ਦੀ ਤਰਕਸੰਗਤ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਸਿਹਤ ਵਿਭਾਗ ਵੱਲੋਂ ਵਿਸ਼ਵ ਐਂਟੀਮਾਈਕ੍ਰੋਬੀਅਲ ਰੇਜ਼ਿਸਟੈਂਸ ਜਾਗਰੂਕਤਾ ਹਫ਼ਤੇ ਤਹਿਤ ਕੀਤੀਆਂ ਗਈਆਂ ਸਰਗਰਮੀਆਂ ਦੀ ਸਮੀਖਿਆ ਕੀਤੀ ਗਈ। ਇਸ ਸਬੰਧੀ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਨੇ ਸਿਹਤ ਵਿਭਾਗ ਦੇ ਸਟਾਫ ਨਾਲ ਵਿਚਾਰ-ਵਟਾਂਦਰਾ ਕਰਦਿਆਂ ਐਂਟੀਮਾਈਕ੍ਰੋਬੀਅਲ ਰੇਜ਼ਿਸਟੈਂਸ ਦੇ ਵਧਦੇ ਖ਼ਤਰੇ ਅਤੇ ਇਸ ਨਾਲ ਨਜਿੱਠਣ ਲਈ ਜ਼ਿੰਮੇਵਾਰਾਨਾ ਡਾਕਟਰੀ ਪਹੁੰਚ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾ. ਪਰਵਜੀਤ ਸਿੰਘ ਗੁਲਾਟੀ ਨੇ ਦੱਸਿਆ ਕਿ ਮੁਹਿੰਮ ਤਹਿਤ ਫੋਰਟਿਸ ਹਸਪਤਾਲ ਚੰਡੀਗੜ੍ਹ ਤੋਂ ਡਾ. ਪਰਵਿੰਦਰ ਕੌਰ ਚਾਵਲਾ ਨੇ ਜ਼ਿਲ੍ਹਾ ਹਸਪਤਾਲ ਫ਼ਰੀਦਕੋਟ ਦਾ ਵਿਸ਼ੇਸ਼ ਦੌਰਾ ਕੀਤਾ। ਉਨ੍ਹਾਂ ਨੇ ਸਿਹਤ ਕਰਮਚਾਰੀਆਂ ਨੂੰ ਵੱਖ-ਵੱਖ ਬਿਮਾਰੀਆਂ ਦੇ ਇਲਾਜ ਦੌਰਾਨ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਚੋਣ, ਲੋੜ ਅਨੁਸਾਰ ਵਰਤੋਂ ਅਤੇ ਡਾਕਟਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮਝਾਇਆ ਕਿ ਰੋਗਾਣੂਨਾਸ਼ਕ ਦਵਾਈਆਂ ਦੀ ਗ਼ਲਤ ਵਰਤੋਂ ਕਾਰਨ ਇਨਫੈਕਸ਼ਨ ਪੈਦਾ ਕਰਨ ਵਾਲੇ ਸੂਖਮ ਜੀਵ ਦਵਾਈਆਂ ਪ੍ਰਤੀ ਰੋਧਕ ਹੋ ਸਕਦੇ ਹਨ, ਜਿਸ ਨਾਲ ਆਮ ਬਿਮਾਰੀਆਂ ਦਾ ਇਲਾਜ ਵੀ ਮੁਸ਼ਕਲ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਡਾ. ਗੁਲਾਟੀ ਨੇ ਫੋਰਟਿਸ ਹਸਪਤਾਲ ਚੰਡੀਗੜ੍ਹ ਤੋਂ ਪਹੁੰਚੀ ਮਾਹਿਰ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਸਿਖਲਾਈ ਅਤੇ ਜਾਗਰੂਕਤਾ ਸਰਗਰਮੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਅਹਿਮ ਹਨ। ਇਸ ਦੌਰਾਨ ਐਸਐਮਓ ਡਾ. ਪੁਨੀਤ ਕਾਜਲ ਨੇ ਹਾਜ਼ਰ ਸਿਹਤ ਕਰਮਚਾਰੀਆਂ ਨੂੰ ਐਂਟੀਬਾਇਓਟਿਕਸ ਅਤੇ ਹੋਰ ਰੋਗਾਣੂਨਾਸ਼ਕ ਦਵਾਈਆਂ ਦੀ ਵਰਤੋਂ ਸਿਰਫ਼ ਲੋੜ ਅਨੁਸਾਰ, ਸਹੀ ਜਾਂਚ ਅਤੇ ਡਾਕਟਰੀ ਸਿਧਾਂਤਾਂ ਮੁਤਾਬਕ ਕਰਨ ਦੀ ਸਹੁੰ ਚੁਕਾਈ। ਉਨ੍ਹਾਂ ਨੇ ਦਵਾਈਆਂ ਦੀ ਜ਼ਿੰਮੇਵਾਰ ਵਰਤੋਂ ਨੂੰ ਸਿਹਤ ਪ੍ਰਣਾਲੀ ਦੇ ਨਾਲ-ਨਾਲ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਦੱਸਿਆ। ਇਸ ਮੌਕੇ ਡਾ. ਸ਼ਿਵਮ ਭੱਲਾ, ਸਰਜਨ, ਮਾਈਕਰੋਬਾਇਓਲੋਜਿਸਟ ਡਾ. ਰਵਿੰਦਰਪਾਲਜੀਤ ਕੌਰ, ਸਟਾਫ ਨਰਸ ਹਰਕੋਮਲ ਸ਼ਰਮਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ ਅਤੇ ਸੀਨੀਅਰ ਫਾਰਮੇਸੀ ਅਫ਼ਸਰ ਸੁਨੀਲ ਸਿੰਗਲਾ ਸਮੇਤ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।