- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਰੈਲੀ ਤੋਂ ਪਹਿਲਾਂ ਹੀ ਪੁਲਿਸ ਨੇ ਮੁਲਾਜ਼ਮ ਆਗੂਆਂ ਨੂੰ ਘਰਾਂ ’ਚ ਕੀਤਾ ਬੰਦ, ਫਰੀਦਕੋਟ ’ਚ ਭੜਕਿਆ ਰੋਸ

ਸ਼ਿਵ ਕੁਮਾਰ ਸ਼ਰਮਾ, ਫਰੀਦਕੋਟ : ਆਮ ਆਦਮੀ ਪਾਰਟੀ ਦੀ ਮੋਗਾ ਵਿਖੇ ਹੋਣ ਵਾਲੀ ਰੈਲੀ ਤੋਂ ਪਹਿਲਾਂ ਫਰੀਦਕੋਟ ਵਿੱਚ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਕੀਤੀ ਪੁਲਿਸ ਕਾਰਵਾਈ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਰੈਲੀ ਦੌਰਾਨ ਸੰਭਾਵਿਤ ਵਿਰੋਧ ਦੇ ਖ਼ਦਸ਼ੇ ਦੇ ਮੱਦੇਨਜ਼ਰ ਪੁਲਿਸ ਵੱਲੋਂ ਕੁਝ ਮੁਲਾਜ਼ਮ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਕਈਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰਨ ਦੀ ਕਾਰਵਾਈ ਕੀਤੀ ਗਈ। ਇਸ ਦਾ ਪਤਾ ਲੱਗਦਿਆਂ ਹੀ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਥਾਣਾ ਸਿਟੀ ਫਰੀਦਕੋਟ ਵਿਖੇ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਕਰੀਬ ਦੋ ਘੰਟੇ ਤੱਕ ਚੱਲੇ ਵਿਰੋਧ ਅਤੇ ਗੱਲਬਾਤ ਤੋਂ ਬਾਅਦ ਪੁਲਿਸ ਨੂੰ ਹਿਰਾਸਤ ਵਿੱਚ ਲਏ ਗਏ ਮੁਲਾਜ਼ਮ ਆਗੂਆਂ ਨੂੰ ਰਿਹਾਅ ਕਰਨਾ ਪਿਆ। ਇਸ ਘਟਨਾਕ੍ਰਮ ਨੇ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਕਾਰ ਚੱਲ ਰਹੇ ਤਣਾਅ ਨੂੰ ਇੱਕ ਵਾਰ ਫਿਰ ਚਰਚਾ ਵਿੱਚ ਲਿਆ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਪੁਲਿਸ ਨੇ ਡੀਸੀ ਦਫ਼ਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਨ ਜੈਨ ਨੂੰ ਉਨ੍ਹਾਂ ਦੇ ਘਰੋਂ ਹਿਰਾਸਤ ਵਿੱਚ ਲੈ ਕੇ ਥਾਣਾ ਸਿਟੀ ਵਿਖੇ ਬਿਠਾ ਲਿਆ। ਇਸੇ ਤਰ੍ਹਾਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੂੰ ਵੀ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਮੁਲਾਜ਼ਮ ਆਗੂਆਂ ਦਾ ਕਹਿਣਾ ਸੀ ਕਿ ਮੋਗਾ ਰੈਲੀ ਵਿੱਚ ਕਿਸੇ ਤਰ੍ਹਾਂ ਦਾ ਵਿਰੋਧ ਪ੍ਰਦਰਸ਼ਨ ਕਰਨ ਜਾਂ ਸ਼ਮੂਲੀਅਤ ਕਰਨ ਸਬੰਧੀ ਉਨ੍ਹਾਂ ਦੀ ਕੋਈ ਯੋਜਨਾ ਨਹੀਂ ਸੀ। ਇਸ ਦੇ ਬਾਵਜੂਦ ਕੀਤੀ ਗਈ ਪੁਲਿਸ ਕਾਰਵਾਈ ਨੇ ਜਥੇਬੰਦੀਆਂ ਵਿੱਚ ਨਾਰਾਜ਼ਗੀ ਪੈਦਾ ਕਰ ਦਿੱਤੀ। ਕਰਨ ਜੈਨ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਸੂਚਨਾ ਮਿਲਣ ’ਤੇ ਮਨਿਸਟੀਰੀਅਲ ਇੰਪਲਾਈਜ਼ ਯੂਨੀਅਨ ਦੇ ਸੂਬਾਈ ਆਗੂ ਗੁਰਨਾਮ ਸਿੰਘ ਵਿਰਕ ਦੀ ਅਗਵਾਈ ਹੇਠ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਥਾਣਾ ਸਿਟੀ ਪਹੁੰਚ ਗਏ। ਉਨ੍ਹਾਂ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਬਿਨਾਂ ਕਿਸੇ ਪ੍ਰਦਰਸ਼ਨ ਦੇ ਪ੍ਰੋਗਰਾਮ ਦੇ ਮੁਲਾਜ਼ਮ ਆਗੂਆਂ ਨੂੰ ਹਿਰਾਸਤ ਵਿੱਚ ਲੈਣਾ ਜਾਇਜ਼ ਨਹੀਂ ਹੈ। ਆਗੂਆਂ ਦੇ ਲਗਾਤਾਰ ਵਿਰੋਧ ਤੋਂ ਬਾਅਦ ਪੁਲਿਸ ਨੇ ਕਰਨ ਜੈਨ ਸਮੇਤ ਹਿਰਾਸਤ ਵਿੱਚ ਲਏ ਹੋਰ ਆਗੂਆਂ ਨੂੰ ਰਿਹਾਅ ਕਰ ਦਿੱਤਾ। ਇਸ ਮੌਕੇ ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਸਰਕਾਰ ਦੇ ਕਾਰਜਕਾਲ ਦੌਰਾਨ ਇਨ੍ਹਾਂ ਵਾਅਦਿਆਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਨਤੀਜਾ ਅਜੇ ਤੱਕ ਨਿਰਾਸ਼ਾਜਨਕ ਹੀ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੀਆਂ ਮੰਗਾਂ ਵੀ ਹਨ, ਜਿਨ੍ਹਾਂ ਨੂੰ ਸਰਕਾਰ ਵੱਲੋਂ ਸਿਧਾਂਤਕ ਤੌਰ ’ਤੇ ਪ੍ਰਵਾਨ ਕੀਤਾ ਜਾ ਚੁੱਕਾ ਹੈ, ਪਰ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਵੀ ਲਗਾਤਾਰ ਦੇਰੀ ਕੀਤੀ ਜਾ ਰਹੀ ਹੈ। ਮੁਲਾਜ਼ਮ ਵਰਗ ਆਪਣੀਆਂ ਹੱਕੀ ਮੰਗਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ, ਪਰ ਸਰਕਾਰ ਵੱਲੋਂ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਜਥੇਬੰਦੀਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।