- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਂਪਾਂ ਰਾਹੀਂ 1000 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ, ਅਰਸ਼ ਸੱਚਰ ਨੇ ਜਾਰੀ ਰੱਖੀ ਸੇਵਾ ਦੀ ਮੁਹਿੰਮ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਸਮਾਜ ਵਿੱਚ ਅਜਿਹੇ ਬਹੁਤ ਸਾਰੇ ਬਜ਼ੁਰਗ ਅਤੇ ਦਿਵਿਆਂਗ ਵਿਅਕਤੀ ਹਨ, ਜਿਨ੍ਹਾਂ ਲਈ ਰੋਜ਼ਾਨਾ ਦੇ ਆਮ ਕੰਮ ਵੀ ਸਹਾਇਕ ਉਪਕਰਣਾਂ ਦੀ ਘਾਟ ਕਾਰਨ ਚੁਣੌਤੀ ਬਣ ਜਾਂਦੇ ਹਨ। ਅਜਿਹੇ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਅਰਸ਼ ਸੱਚਰ ਵੱਲੋਂ ਸ਼ੁਰੂ ਕੀਤੀ ਗਈ ਮੁਫ਼ਤ ਸਹਾਇਕ ਉਪਕਰਣ ਵੰਡ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਰੈੱਡ ਕਰਾਸ ਭਵਨ, ਸਾਦਿਕ ਚੌਂਕ, ਫ਼ਰੀਦਕੋਟ ਵਿਖੇ 12ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਗਾਇਆ ਗਿਆ, ਜਿਸ ਦੌਰਾਨ ਲਗਭਗ 100 ਲੋੜਵੰਦ ਬਜ਼ੁਰਗਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ। ਭਾਰਤੀ ਕ੍ਰਿਤਰਿਮ ਅੰਗ ਨਿਰਮਾਣ ਨਿਗਮ (ਅਲਿਮਕੋ) ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦਾ ਉਦੇਸ਼ ਸੁਣਨ ਦੀ ਸਮੱਸਿਆ ਨਾਲ ਜੂਝ ਰਹੇ ਬਜ਼ੁਰਗਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜਿਕ ਜੀਵਨ ਵਿੱਚ ਵਧੇਰੇ ਸਰਗਰਮ ਬਣਾਉਣਾ ਹੈ। ਸੁਣਨ ਵਾਲੀਆਂ ਮਸ਼ੀਨਾਂ ਮਿਲਣ ਨਾਲ ਬਜ਼ੁਰਗਾਂ ਨੂੰ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨਾਲ ਗੱਲਬਾਤ ਕਰਨ ਵਿੱਚ ਸਹੂਲਤ ਮਿਲੇਗੀ। ਇਸ ਮੁਹਿੰਮ ਦੀ ਅਹਿਮੀਅਤ ਇਸ ਗੱਲ ਤੋਂ ਵੀ ਸਪੱਸ਼ਟ ਹੁੰਦੀ ਹੈ ਕਿ ਹੁਣ ਤੱਕ ਲਗਾਏ ਗਏ 12 ਕੈਂਪਾਂ ਰਾਹੀਂ ਕਰੀਬ 1000 ਲੋੜਵੰਦਾਂ ਨੂੰ ਲਾਭ ਪਹੁੰਚਾਇਆ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਲਗਾਏ ਗਏ 11 ਕੈਂਪਾਂ ਦੌਰਾਨ ਲਗਭਗ 900 ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਬੈਟਰੀ ਨਾਲ ਚੱਲਣ ਵਾਲੀਆਂ ਸਕੂਟੀਆਂ, ਵ੍ਹੀਲਚੇਅਰਾਂ ਅਤੇ ਹੋਰ ਲੋੜੀਂਦੇ ਸਹਾਇਕ ਉਪਕਰਣ ਮੁਫ਼ਤ ਦਿੱਤੇ ਗਏ ਸਨ। ਇਸ ਮੌਕੇ ਅਰਸ਼ ਸੱਚਰ ਨੇ ਕਿਹਾ ਕਿ ਸਮਾਜ ਸੇਵਾ ਦਾ ਅਸਲ ਮਕਸਦ ਲੋੜਵੰਦ ਵਿਅਕਤੀ ਨੂੰ ਸਿਰਫ਼ ਸਹਾਇਤਾ ਦੇਣਾ ਨਹੀਂ, ਬਲਕਿ ਉਸ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਣ ਮੁਹੱਈਆ ਕਰਵਾਉਣ ਨਾਲ ਉਨ੍ਹਾਂ ਦੀ ਨਿਰਭਰਤਾ ਘਟਾਉਣ ਅਤੇ ਆਤਮਵਿਸ਼ਵਾਸ ਵਧਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਮਾਜ ਦਾ ਕੀਮਤੀ ਸਰਮਾਇਆ ਹਨ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਣਾ ਹਰੇਕ ਦੀ ਸਾਂਝੀ ਜ਼ਿੰਮੇਵਾਰੀ ਹੈ। ਫ਼ਰੀਦਕੋਟ ਸ਼ਹਿਰ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਰਹਿੰਦੇ ਲੋੜਵੰਦ ਲੋਕਾਂ ਤੱਕ ਵੀ ਅਜਿਹੀਆਂ ਸਹੂਲਤਾਂ ਪਹੁੰਚਾਉਣ ਲਈ ਇਹ ਉਪਰਾਲੇ ਭਵਿੱਖ ਵਿੱਚ ਜਾਰੀ ਰੱਖੇ ਜਾਣਗੇ। ਅਰਸ਼ ਸੱਚਰ ਨੇ ਕੈਂਪ ਦੀ ਸਫ਼ਲਤਾ ਲਈ ਅਲਿਮਕੋ ਦੀ ਟੀਮ, ਸਮਾਜ ਸੇਵੀਆਂ ਅਤੇ ਸਹਿਯੋਗ ਦੇਣ ਵਾਲੇ ਸਮੂਹ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਮਨੁੱਖਤਾ ਦੀ ਸੇਵਾ ਦੇ ਅਜਿਹੇ ਕਾਰਜਾਂ ਨੂੰ ਹੋਰ ਵਿਸਥਾਰ ਦਿੱਤਾ ਜਾ ਸਕਦਾ ਹੈ।