ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਤੀਰਥ ਯਾਤਰਾ ਯੋਜਨਾ ਰਾਹੀਂ ਬਜ਼ੁਰਗਾਂ ਤੇ ਸ਼ਰਧਾਲੂਆਂ ਲਈ ਧਾਰਮਿਕ ਅਸਥਾਨਾਂ ਦੇ ਦਰਸ਼ਨ ਹੋਏ ਸੁਖਾਲੇ : ਸੰਧਵਾਂ
Publish Date: Fri, 27 Nov 2026 03:45 PM (IST)
Updated Date: Fri, 27 Nov 2026 03:46 PM (IST)
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਬਜ਼ੁਰਗਾਂ ਅਤੇ ਆਮ ਪਰਿਵਾਰਾਂ ਲਈ ਆਰਥਿਕ ਖਰਚਾ ਅਕਸਰ ਰਾਹ ਵਿੱਚ ਰੁਕਾਵਟ ਬਣ ਜਾਂਦਾ ਹੈ। ਅਜਿਹੇ ਲੋਕਾਂ ਨੂੰ ਧਾਰਮਿਕ ਯਾਤਰਾ ਦੀ ਸਹੂਲਤ ਦੇਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਇੱਕ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਗੀ ਦਿੱਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਪਣੀ ਆਸਥਾ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਸਾਧਨ ਹਨ। ਪਰ ਕਈ ਵਾਰ ਆਰਥਿਕ ਮਜਬੂਰੀਆਂ ਕਾਰਨ ਲੋਕ ਚਾਹੁੰਦੇ ਹੋਏ ਵੀ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਪਾਉਂਦੇ। ਪੰਜਾਬ ਸਰਕਾਰ ਦੀ ਇਹ ਯੋਜਨਾ ਅਜਿਹੇ ਲੋਕਾਂ ਦੀ ਇਸ ਇੱਛਾ ਨੂੰ ਪੂਰਾ ਕਰਨ ਵਿੱਚ ਸਹਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਸੂਬੇ ਦੇ ਆਮ ਨਾਗਰਿਕਾਂ, ਖਾਸ ਕਰਕੇ ਬਜ਼ੁਰਗਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਸਮੇਤ ਯਾਤਰਾ ਨਾਲ ਸਬੰਧਤ ਖਰਚੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਸੰਧਵਾਂ ਨੇ ਯਾਤਰਾ ਤੇ ਰਵਾਨਾ ਹੋ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਦੌਰਾਨ ਸੁੱਖ-ਸ਼ਾਂਤੀ ਨਾਲ ਦਰਸ਼ਨ ਕਰਨ ਅਤੇ ਪੰਜਾਬ ਦੀ ਤਰੱਕੀ, ਭਾਈਚਾਰਕ ਸਾਂਝ ਤੇ ਖੁਸ਼ਹਾਲੀ ਲਈ ਅਰਦਾਸ ਕਰਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।