ਬੱਚਿਆਂ ਨੂੰ ਮੋਬਾਈਲ ਦੀ ਦੁਨੀਆ ਤੋਂ ਬਾਹਰ ਕੱਢਣਾ ਸਮੇਂ ਦੀ ਲੋੜ : ਰਵਨੀਤ ਕੌਰ ਮੋਬਾਈਲ ਦੀ ਦੁਨੀਆ ਤੋਂ ਬਾਹਰ ਕੱਢ ਕੇ ਖੇਡ ਮੈਦਾਨ ਨਾਲ ਜੋੜਨਾ ਸਮੇਂ ਦੀ ਲੋੜ : ਰਵਨੀਤ ਕੌਰ
Publish Date: Fri, 27 Nov 2026 03:50 PM (IST)
Updated Date: Fri, 27 Nov 2026 03:52 PM (IST)
ਗੁਰੂ ਨਾਨਕ ਮਿਸ਼ਨ ਸਕੂਲ ਦੇ ਬੱਚਿਆਂ ਨੇ ਖੇਡਾਂ ’ਚ ਦਿਖਾਈ ਪ੍ਰਤਿਭਾ ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਵੀ ਬੇਹੱਦ ਜ਼ਰੂਰੀ ਹੈ। ਖ਼ਾਸ ਕਰਕੇ ਅਜੋਕੇ ਮੋਬਾਈਲ ਯੁੱਗ ਵਿੱਚ ਛੋਟੀ ਉਮਰ ਦੇ ਬੱਚਿਆਂ ਨੂੰ ਮੋਬਾਈਲ ਫੋਨਾਂ ਦੀ ਵਰਤੋਂ ਤੋਂ ਦੂਰ ਕਰਕੇ ਖੇਡ ਮੈਦਾਨਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਜੂਨੀਅਰ ਵਿੰਗ ਦੀ ਸਪੋਰਟਸ ਮੀਟ ਕਰਵਾਈ ਗਈ, ਜਿਸ ਵਿੱਚ ਨੰਨ੍ਹੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਨਰਸਰੀ, ਪ੍ਰੈਪ-1 ਅਤੇ ਪ੍ਰੈਪ-2 ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਬੱਚਿਆਂ ਦੀ ਉਮਰ ਅਤੇ ਰੁਚੀ ਨੂੰ ਧਿਆਨ ਵਿੱਚ ਰੱਖਦਿਆਂ 50 ਮੀਟਰ ਦੌੜ, ਹਰਡਲ ਦੌੜ, ਫਰੌਗ ਰੇਸ, ਕ੍ਰੋਅ ਰੇਸ ਅਤੇ ਕੋਨ ਰੇਸ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਬੱਚਿਆਂ ਵਿੱਚ ਜਿੱਤਣ ਦਾ ਜਜ਼ਬਾ, ਅਨੁਸ਼ਾਸਨ ਅਤੇ ਖੇਡ ਭਾਵਨਾ ਦੇਖਣ ਨੂੰ ਮਿਲੀ। ਇਸ ਮੌਕੇ ਵਾਈਸ ਪ੍ਰਿੰਸੀਪਲ ਰਵਨੀਤ ਕੌਰ ਮੱਕੜ ਨੇ ਕਿਹਾ ਕਿ ਬਚਪਨ ਤੋਂ ਹੀ ਬੱਚਿਆਂ ਅੰਦਰ ਖੇਡਾਂ ਪ੍ਰਤੀ ਰੁਚੀ ਪੈਦਾ ਕਰਨੀ ਚਾਹੀਦੀ ਹੈ। ਖੇਡਾਂ ਸਿਰਫ਼ ਸਰੀਰਕ ਕਸਰਤ ਦਾ ਸਾਧਨ ਨਹੀਂ, ਸਗੋਂ ਇਹ ਬੱਚਿਆਂ ਨੂੰ ਮਿਲਵਰਤਣ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਹਾਰ-ਜਿੱਤ ਨੂੰ ਖਿੜੇ ਮੱਥੇ ਸਵੀਕਾਰ ਕਰਨ ਦੀ ਸਿੱਖਿਆ ਵੀ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਬੱਚਿਆਂ ਨੂੰ ਮੋਬਾਈਲ ਫੋਨਾਂ ਦੀ ਬੇਲੋੜੀ ਵਰਤੋਂ ਤੋਂ ਬਚਾ ਕੇ ਬਾਹਰੀ ਖੇਡ ਗਤੀਵਿਧੀਆਂ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸਮਾਗਮ ਦੌਰਾਨ ਸਕੂਲ ਦੇ ਡਾਇਰੈਕਟਰ ਕਰਨੈਲ ਸਿੰਘ ਮੱਕੜ ਅਤੇ ਮੈਨੇਜਰ ਪਰਮਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਨਿਖਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਸਮਾਗਮ ਨੂੰ ਹੋਰ ਰੌਣਕਮਈ ਬਣਾਉਣ ਲਈ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। ਡਾਇਰੈਕਟਰ ਕਰਨੈਲ ਸਿੰਘ ਮੱਕੜ ਨੇ ਸਪੋਰਟਸ ਮੀਟ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਜਾਰੀ ਰੱਖੇਗੀ।