- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਗਣਨਾ-2027 ਦੀਆਂ ਤਿਆਰੀਆਂ ਨੂੰ ਮਿਲੀ ਰਫ਼ਤਾਰ, ਕੋਟਕਪੂਰਾ ’ਚ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਸੌਂਪੀਆਂ ਕਿੱਟਾਂ

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਟਕਪੂਰਾ ਪ੍ਰਸ਼ਾਸਨ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਨਾਇਬ ਤਹਿਸੀਲਦਾਰ-ਕਮ-ਸੈਂਸਜ਼ ਚਾਰਜ ਅਫ਼ਸਰ ਗੁਰਚਰਨ ਸਿੰਘ ਬਰਾੜ ਦੀ ਅਗਵਾਈ ਹੇਠ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਜਨਗਣਨਾ ਲਈ ਲੋੜੀਂਦੀਆਂ ਕਿੱਟਾਂ ਵੰਡੀਆਂ ਗਈਆਂ। ਸਮੱਗਰੀ ਦੀ ਵੰਡ ਮੁਕੰਮਲ ਹੋਣ ਨਾਲ ਫੀਲਡ ਵਿੱਚ ਤਾਇਨਾਤ ਅਮਲੇ ਨੂੰ ਕੰਮ ਸ਼ੁਰੂ ਕਰਨ ਲਈ ਲੋੜੀਂਦੇ ਪ੍ਰਬੰਧ ਮੁਹੱਈਆ ਹੋ ਗਏ ਹਨ। ਇਸ ਮੌਕੇ ਗੁਰਚਰਨ ਸਿੰਘ ਬਰਾੜ ਨੇ ਦੱਸਿਆ ਕਿ ਜਨਗਣਨਾ ਵਰਗੇ ਮਹੱਤਵਪੂਰਨ ਕੌਮੀ ਕਾਰਜ ਦੀ ਸਫ਼ਲਤਾ ਲਈ ਫੀਲਡ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਕਿੱਟਾਂ ਪ੍ਰਾਪਤ ਹੋਣ ਉਪਰੰਤ ਤਹਿਸੀਲ ਦਫ਼ਤਰ ਦੀ ਟੀਮ ਨੇ ਬਿਨਾਂ ਦੇਰੀ ਇਨ੍ਹਾਂ ਦੀ ਵੰਡ ਸਬੰਧਤ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਤੱਕ ਯਕੀਨੀ ਬਣਾਈ। ਉਨ੍ਹਾਂ ਦੱਸਿਆ ਕਿ ਜਨਗਣਨਾ ਦਾ ਦੂਜਾ ਪੜਾਅ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ। ਇਸ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ ਪਰਿਵਾਰਾਂ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਇਕੱਤਰ ਕਰਨਗੇ। ਇਸ ਤੋਂ ਇਲਾਵਾ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਵੀ ਦਿੱਤੀ ਗਈ ਹੈ, ਜਿਸ ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਰਕਾਰੀ ਪੋਰਟਲ ਰਾਹੀਂ ਆਪਣੇ ਪਰਿਵਾਰ ਦੀ ਜਾਣਕਾਰੀ ਖ਼ੁਦ ਦਰਜ ਕੀਤੀ ਜਾ ਸਕਦੀ ਹੈ। ਬਰਾੜ ਨੇ ਕਿਹਾ ਕਿ ਤਹਿਸੀਲ ਦਫ਼ਤਰ ਕੋਟਕਪੂਰਾ ਦੀ ਸਮੁੱਚੀ ਟੀਮ ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਨਾਲ ਇਸ ਕੰਮ ਨੂੰ ਸਿਰੇ ਚਾੜ੍ਹਨ ਲਈ ਯਤਨਸ਼ੀਲ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਰੇ ਕਰਮਚਾਰੀਆਂ ਦੇ ਸਹਿਯੋਗ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਜਨਗਣਨਾ ਦਾ ਕੰਮ ਨਿਰਧਾਰਤ ਸਮੇਂ ਅੰਦਰ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ ਜਾ ਸਕੇਗਾ। ਇਸ ਮੌਕੇ ਚਾਰਜ ਕਲਰਕ ਸੁਖਦੇਵ ਸਿੰਘ ਮਾਨ ਅਤੇ ਟੈਕਨੀਕਲ ਅਸਿਸਟੈਂਟ ਟਿੰਕੂ ਕੁਮਾਰ ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਸਨ।