ਝੋਨੇ ਤੇ ਬਾਸਮਤੀ ਦੀਆਂ ਬੋਰੀਆਂ ਚੋਰੀ ਹੋਣ ਤੋਂ ਭੜਕੇ ਮਜ਼ਦੂਰ ਫ਼ਰੀਦਕੋਟ ਮੰਡੀ ’ਚ ਝੋਨੇ ਤੇ ਬਾਸਮਤੀ ਦੀਆਂ ਬੋਰੀਆਂ ਚੋਰੀ ਹੋਣ ਤੋਂ ਭੜਕੇ ਮਜ਼ਦੂਰ, ਹੜਤਾਲ
Publish Date: Fri, 27 Nov 2026 05:27 PM (IST)
Updated Date: Fri, 27 Nov 2026 05:28 PM (IST)
ਹੜਤਾਲ ਦੀ ਚਿਤਾਵਨੀ, ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ ਦੀ ਨਵੀਂ ਅਨਾਜ ਮੰਡੀ ਵਿੱਚੋਂ ਝੋਨੇ ਅਤੇ ਬਾਸਮਤੀ ਦੀਆਂ ਬੋਰੀਆਂ ਚੋਰੀ ਹੋਣ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਤੋਂ ਪਰੇਸ਼ਾਨ ਮਜ਼ਦੂਰਾਂ ਦਾ ਗੁੱਸਾ ਸ਼ੁੱਕਰਵਾਰ ਨੂੰ ਫੁੱਟ ਪਿਆ। ਮਜ਼ਦੂਰਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਅਤੇ ਮੰਗ ਪੂਰੀ ਨਾ ਹੋਣ ਦੀ ਸੂਰਤ ਵਿੱਚ ਹੜਤਾਲ ’ਤੇ ਜਾਣ ਦੀ ਚਿਤਾਵਨੀ ਦਿੱਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਅਧਿਕਾਰੀਆਂ ਨੇ ਮਜ਼ਦੂਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਮੁਲਜ਼ਮਾਂ ਖ਼ਿਲਾਫ਼ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਮਜ਼ਦੂਰਾਂ ਨੇ ਆਪਣਾ ਰੋਸ ਸਮਾਪਤ ਕਰ ਦਿੱਤਾ। ਇਸ ਮੌਕੇ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਪੱਪੀ ਅਤੇ ਹੋਰਨਾਂ ਅਹੁਦੇਦਾਰਾਂ ਨੇ ਦੱਸਿਆ ਕਿ ਫ਼ਰੀਦਕੋਟ ਦੀ ਮੁੱਖ ਅਨਾਜ ਮੰਡੀ ਸਮੇਤ ਆਲੇ-ਦੁਆਲੇ ਦੀਆਂ ਮੰਡੀਆਂ ਵਿੱਚ ਫ਼ਸਲ ਦੀਆਂ ਬੋਰੀਆਂ ਚੋਰੀ ਕਰਨ ਵਾਲਾ ਗਿਰੋਹ ਸਰਗਰਮ ਹੈ। ਇਹ ਗਿਰੋਹ ਰਾਤ ਸਮੇਂ ਮੌਕੇ ਦਾ ਫ਼ਾਇਦਾ ਉਠਾ ਕੇ ਬਾਸਮਤੀ ਅਤੇ ਝੋਨੇ ਦੀਆਂ ਬੋਰੀਆਂ ਚੋਰੀ ਕਰਕੇ ਲੈ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਵੀ ਮੰਡੀ ਵਿੱਚ ਇੱਕ ਕਾਰ ਵਿੱਚ ਸਵਾਰ ਹੋ ਕੇ ਆਏ ਕੁਝ ਵਿਅਕਤੀਆਂ ਨੂੰ ਮਜ਼ਦੂਰਾਂ ਨੇ ਸ਼ੱਕ ਦੇ ਆਧਾਰ ’ਤੇ ਰੋਕਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਕਤ ਵਿਅਕਤੀਆਂ ਨੇ ਹਥਿਆਰ ਦਿਖਾ ਕੇ ਮਜ਼ਦੂਰਾਂ ਨੂੰ ਧਮਕਾਇਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਮੰਡੀ ਵਿੱਚੋਂ ਬਾਸਮਤੀ ਅਤੇ ਝੋਨੇ ਦੀਆਂ ਕਈ ਬੋਰੀਆਂ ਚੋਰੀ ਹੋ ਚੁੱਕੀਆਂ ਹਨ। ਇਨ੍ਹਾਂ ਘਟਨਾਵਾਂ ਸਬੰਧੀ ਪੁਲਿਸ ਨੂੰ ਕਈ ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਮਜ਼ਦੂਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੀ ਫ਼ਸਲ ਦੀ ਰਾਖੀ ਯਕੀਨੀ ਬਣਾਉਣਾ ਜ਼ਰੂਰੀ ਹੈ। ਜੇਕਰ ਪੁਲਿਸ ਨੇ ਜਲਦੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਮਜ਼ਦੂਰ ਯੂਨੀਅਨ ਸੰਘਰਸ਼ ਤੇਜ਼ ਕਰਨ ਦੇ ਨਾਲ-ਨਾਲ ਹੜਤਾਲ ਕਰਨ ਲਈ ਮਜਬੂਰ ਹੋਵੇਗੀ। ਇਸ ਸਬੰਧੀ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮਜ਼ਦੂਰ ਯੂਨੀਅਨ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਦੌਰਾਨ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਪੁਲਿਸ ਨੂੰ ਮਿਲੀਆਂ ਹਨ। ਇਨ੍ਹਾਂ ਤਸਵੀਰਾਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।