- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਦਸੰਬਰ ਨੂੰ ਫ਼ਰੀਦਕੋਟ ਤੋਂ ਸਜਾਈ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸਜਾਈਆਂ ਜਾਣ ਵਾਲੀਆਂ ਵਿਸ਼ਾਲ ਸ਼ੋਭਾ ਯਾਤਰਾਵਾਂ ਦੀ ਲੜੀ ਤਹਿਤ 2 ਦਸੰਬਰ ਨੂੰ ਫ਼ਰੀਦਕੋਟ ਤੋਂ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਮੀਟਿੰਗ ਦੌਰਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਨੂੰ ਸਮਰਪਿਤ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਆਰੰਭ ਹੋਣਗੀਆਂ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਤੋਂ ਸ਼ੋਭਾ ਯਾਤਰਾ 2 ਦਸੰਬਰ ਨੂੰ ਸਵੇਰੇ 8 ਵਜੇ ਇਤਿਹਾਸਕ ਕਿਲ੍ਹਾ ਮੁਬਾਰਕ ਤੋਂ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਅਤੇ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਸਾਰੇ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ। ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਪ੍ਰਸ਼ਾਸਨਿਕ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਕਿਲ੍ਹਾ ਮੁਬਾਰਕ ਵਿਖੇ ਸਾਧਾਰਨ ਪਾਠ ਸ਼ੁਰੂ ਕਰਵਾਉਣ ਉਪਰੰਤ ਆਮ ਲੋਕਾਂ ਲਈ ਇਸ ਨੂੰ 2 ਦਸੰਬਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਿਆ ਗਿਆ ਹੈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸ਼ੋਭਾ ਯਾਤਰਾ ਦੇ ਰੂਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਤਰਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਚੰਦ ਹਲਵਾਈ, ਪੁਰਾਣੀ ਦਾਣਾ ਮੰਡੀ, ਖਾਲਸਾ ਦੀਵਾਨ ਗੁਰਦੁਆਰਾ, ਘੰਟਾ ਘਰ ਚੌਕ, ਭਾਈ ਕਨ੍ਹੱਈਆ ਚੌਕ, ਕੋਤਵਾਲੀ ਅਤੇ ਸਾਦਿਕ ਚੌਕ ਤੋਂ ਹੁੰਦੀ ਹੋਈ ਪਿੰਡ ਪਿੱਪਲੀ, ਰਾਜੋਵਾਲਾ ਅਤੇ ਗੋਲੇਵਾਲਾ ਰਾਹੀਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਸਾਈਆਂ ਵਾਲਾ ਵਿਖੇ ਪ੍ਰਵੇਸ਼ ਕਰੇਗੀ। ਉਨ੍ਹਾਂ ਪੁਲਿਸ ਵਿਭਾਗ ਨੂੰ ਸ਼ੋਭਾ ਯਾਤਰਾ ਦੇ ਪੂਰੇ ਰੂਟ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ, ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਵਾਹਨਾਂ ਦੀ ਪਾਰਕਿੰਗ ਲਈ ਢੁਕਵੀਆਂ ਥਾਵਾਂ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਨਗਰ ਕੌਂਸਲ ਅਤੇ ਸਬੰਧਤ ਵਿਭਾਗਾਂ ਨੂੰ ਯਾਤਰਾ ਦੇ ਰਸਤੇ ਦੀ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਅਤੇ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ ਦੀ ਤਾਇਨਾਤੀ ਕਰਨ ਦੇ ਨਾਲ-ਨਾਲ ਲੋੜ ਪੈਣ ’ਤੇ ਤੁਰੰਤ ਸਿਹਤ ਸਹੂਲਤ ਮੁਹੱਈਆ ਕਰਵਾਉਣ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਬਿਜਲੀ ਵਿਭਾਗ ਨੂੰ ਵੀ ਸ਼ੋਭਾ ਯਾਤਰਾ ਦੇ ਰੂਟ ’ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਦੌਰਾਨ ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸ਼ੋਭਾ ਯਾਤਰਾ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਨ। ਇਸ ਮੌਕੇ ਐੱਸਡੀਐੱਮ ਫ਼ਰੀਦਕੋਟ ਪਾਇਲ ਗੋਇਲ, ਐੱਸਡੀਐੱਮ ਕੋਟਕਪੂਰਾ ਜਸਪਾਲ ਸਿੰਘ ਬਰਾੜ, ਐੱਸਡੀਐੱਮ ਜੈਤੋ ਵਿਕਰਮਜੀਤ, ਐੱਸਪੀ ਜਸਪ੍ਰੀਤ ਸਿੰਘ, ਹਰਸ਼ਵੀਰ ਗੋਇਲ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਕੈਪਟਨ ਧਰਮ ਸਿੰਘ, ਜਸਬੀਰ ਜੱਸੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।