- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਤਾਬਾਂ ਦੇ ਨਾਲ ਘੋੜਸਵਾਰੀ ਦੇ ਮੈਦਾਨ ’ਚ ਵੀ ਹੁਨਰ ਦਿਖਾ ਰਹੇ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਵਿਦਿਆਰਥੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਅੱਜ ਦੇ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਸਿੱਖਿਆ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਅੰਦਰ ਅਜਿਹੇ ਗੁਣ ਪੈਦਾ ਕਰਨਾ ਵੀ ਹੈ, ਜੋ ਉਨ੍ਹਾਂ ਨੂੰ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣਾ ਸਕਣ। ਇਸੇ ਦਿਸ਼ਾ ਵਿੱਚ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵੱਲੋਂ ਵਿਦਿਆਰਥੀਆਂ ਨੂੰ ਘੋੜਸਵਾਰੀ ਦੀ ਸਿਖਲਾਈ ਦੇ ਕੇ ਉਨ੍ਹਾਂ ਦੀਆਂ ਰੁਚੀਆਂ ਅਤੇ ਪ੍ਰਤਿਭਾ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ। ਸਕੂਲ ਦੀ ਇਹ ਪਹਿਲ ਵਿਦਿਆਰਥੀਆਂ ਨੂੰ ਰਵਾਇਤੀ ਪੜ੍ਹਾਈ ਤੋਂ ਇਲਾਵਾ ਇੱਕ ਅਜਿਹੇ ਖੇਤਰ ਨਾਲ ਜੋੜ ਰਹੀ ਹੈ, ਜਿਸ ਵਿੱਚ ਸਰੀਰਕ ਤੰਦਰੁਸਤੀ ਦੇ ਨਾਲ ਮਾਨਸਿਕ ਮਜ਼ਬੂਤੀ ਅਤੇ ਇਕਾਗਰਤਾ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ। ਘੋੜਸਵਾਰੀ ਦੀ ਸਿਖਲਾਈ ਦੌਰਾਨ ਵਿਦਿਆਰਥੀ ਘੋੜੇ ’ਤੇ ਸਵਾਰੀ ਕਰਨ ਦੀਆਂ ਬਾਰੀਕੀਆਂ ਸਿੱਖਣ ਦੇ ਨਾਲ ਆਪਣੇ ਸਰੀਰ ਦਾ ਸੰਤੁਲਨ ਬਣਾਈ ਰੱਖਣ, ਧੀਰਜ ਨਾਲ ਕੰਮ ਕਰਨ ਅਤੇ ਹਿੰਮਤ ਨਾਲ ਅੱਗੇ ਵਧਣ ਦੇ ਗੁਣ ਵੀ ਸਿੱਖ ਰਹੇ ਹਨ। ਇਸ ਗਤੀਵਿਧੀ ਦਾ ਇੱਕ ਹੋਰ ਅਹਿਮ ਪੱਖ ਇਹ ਹੈ ਕਿ ਘੋੜਸਵਾਰੀ ਬੱਚਿਆਂ ਵਿੱਚ ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਹੁੰਦੀ ਹੈ। ਨਵਾਂ ਹੁਨਰ ਸਿੱਖਣ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਵਿਦਿਆਰਥੀਆਂ ਨੂੰ ਆਪਣੀਆਂ ਸਮਰੱਥਾਵਾਂ ਪਛਾਣਨ ਅਤੇ ਲਗਾਤਾਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦਾ ਹੈ। ਸਕੂਲ ਪ੍ਰਬੰਧਕਾਂ ਅਨੁਸਾਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲਣੇ ਜ਼ਰੂਰੀ ਹਨ। ਇਸੇ ਮਕਸਦ ਨਾਲ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਵਿਲੱਖਣ ਸਹਿ-ਵਿੱਦਿਅਕ ਗਤੀਵਿਧੀਆਂ ਨੂੰ ਵੀ ਮਹੱਤਵ ਦਿੱਤਾ ਜਾ ਰਿਹਾ ਹੈ, ਤਾਂ ਜੋ ਬੱਚੇ ਭਵਿੱਖ ਵਿੱਚ ਆਤਮ-ਵਿਸ਼ਵਾਸੀ, ਅਨੁਸ਼ਾਸਿਤ ਅਤੇ ਬਹੁਪੱਖੀ ਸ਼ਖ਼ਸੀਅਤਾਂ ਵਜੋਂ ਉੱਭਰ ਸਕਣ।