- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ ’ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਇਆ ਦੂਜਾ ਟਰੱਕ, ਡਰਾਈਵਰ ਜ਼ਖ਼ਮੀ

ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ : ਫਰੀਦਕੋਟ ਵਿੱਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਮੰਡਵਾਲਾ ਮੋੜ ਨੇੜੇ ਦੋ ਟਰੱਕਾਂ ਵਿਚਕਾਰ ਹੋਈ ਟੱਕਰ ਦੌਰਾਨ ਇੱਕ ਟਰੱਕ ਦਾ ਡਰਾਈਵਰ ਜ਼ਖ਼ਮੀ ਹੋ ਗਿਆ। ਹਾਦਸੇ ਵਿੱਚ ਜ਼ਖ਼ਮੀ ਹੋਏ ਡਰਾਈਵਰ ਨੂੰ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦੀ ਟੀਮ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿਖੇ ਦਾਖ਼ਲ ਕਰਵਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਝੋਨੇ ਦੀ ਪਰਾਲੀ ਨਾਲ ਭਰਿਆ ਇੱਕ ਟਰੱਕ ਫਰੀਦਕੋਟ ਵਾਲੇ ਪਾਸਿਓਂ ਆ ਰਿਹਾ ਸੀ। ਇਹ ਟਰੱਕ ਮੰਡਵਾਲਾ ਮੋੜ ਨੇੜੇ ਇੱਕ ਢਾਬੇ ਕੋਲ ਸੜਕ ’ਤੇ ਖੜ੍ਹਾ ਸੀ। ਇਸੇ ਦੌਰਾਨ ਫਰੀਦਕੋਟ ਤੋਂ ਅੰਮ੍ਰਿਤਸਰ ਵੱਲ ਜਾ ਰਿਹਾ ਇੱਕ ਹੋਰ ਟਰੱਕ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੂਜੇ ਟਰੱਕ ਦਾ ਡਰਾਈਵਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਐੱਫ ਦੇ ਇੰਚਾਰਜ ਏਐੱਸਆਈ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਟੀਮ ਨੇ ਜ਼ਖ਼ਮੀ ਡਰਾਈਵਰ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹਸਪਤਾਲ ਪਹੁੰਚਾਇਆ। ਇਸ ਦੇ ਨਾਲ ਹੀ ਹਾਦਸੇ ਕਾਰਨ ਪ੍ਰਭਾਵਿਤ ਹੋਈ ਆਵਾਜਾਈ ਨੂੰ ਸੁਚਾਰੂ ਕਰਵਾਉਂਦਿਆਂ ਸੜਕ ’ਤੇ ਆਵਾਜਾਈ ਬਹਾਲ ਕਰਵਾਈ। ਜ਼ਖ਼ਮੀ ਡਰਾਈਵਰ ਦੀ ਪਛਾਣ ਰਾਜਸਥਾਨ ਦੇ ਬੀਕਾਨੇਰ ਵਾਸੀ ਜੇਠਾ ਰਾਮ ਵਜੋਂ ਹੋਈ ਹੈ। ਹਸਪਤਾਲ ਵਿੱਚ ਉਸ ਦਾ ਇਲਾਜ ਜਾਰੀ ਹੈ ਅਤੇ ਫਿਲਹਾਲ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।