- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਦਾ ਹੱਲ ਨਾ ਹੋਣ ’ਤੇ ਬਿਜਲੀ ਮੁਲਾਜ਼ਮਾਂ ਵੱਲੋਂ ਪਾਵਰਕੌਮ ਹੈੱਡ ਆਫਿਸ ਦੇ ਗੇਟਾਂ ’ਤੇ ਘਿਰਾਓ ਦਾ ਐਲਾਨ

ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫ਼ਰੀਦਕੋਟ : ਬਿਜਲੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਅਤੇ ਪਾਵਰਕੌਮ ਮੈਨੇਜਮੈਂਟ ਵੱਲੋਂ ਮੀਟਿੰਗਾਂ ਦੌਰਾਨ ਹੋਈਆਂ ਸਹਿਮਤੀਆਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਨੇ ਸੰਘਰਸ਼ ਦਾ ਐਲਾਨ ਕੀਤਾ ਹੈ। ਇਸ ਤਹਿਤ ਪਹਿਲੇ ਪੜਾਅ ਵਿੱਚ 1 ਦਸੰਬਰ ਤੋਂ 4 ਦਸੰਬਰ ਤੱਕ ਪਾਵਰਕੌਮ ਦੇ ਹੈੱਡ ਆਫਿਸ ਦੇ ਗੇਟਾਂ ’ਤੇ ਸੀਐੱਮਡੀ ਅਤੇ ਡਾਇਰੈਕਟਰਾਂ ਦਾ ਘਿਰਾਓ ਕੀਤਾ ਜਾਵੇਗਾ। ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਫ਼ਰੀਦਕੋਟ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵੱਲੋਂ ਪਾਵਰਕੌਮ ਮੈਨੇਜਮੈਂਟ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਸੀ। ਇਸ ਤੋਂ ਇਲਾਵਾ ਪਿਛਲੇ ਦਿਨੀਂ ਸੰਘਰਸ਼ ਦਾ ਨੋਟਿਸ ਵੀ ਦਿੱਤਾ ਗਿਆ, ਪਰ ਇਸ ਦੇ ਬਾਵਜੂਦ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪਾਵਰਕੌਮ ਮੈਨੇਜਮੈਂਟ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਹਿਮਤੀਆਂ ਬਣੀਆਂ ਸਨ, ਪਰ ਇਨ੍ਹਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ। ਇਸ ਕਾਰਨ ਬਿਜਲੀ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 1 ਦਸੰਬਰ ਤੋਂ 9 ਦਸੰਬਰ ਤੱਕ ਮੁਲਾਜ਼ਮ ਵਰਕ ਟੂ ਰੂਲ ਤਹਿਤ ਕੰਮ ਕਰਨਗੇ। ਜੇਕਰ ਇਸ ਦੌਰਾਨ ਮੈਨੇਜਮੈਂਟ ਵੱਲੋਂ ਮੀਟਿੰਗ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 8 ਅਤੇ 9 ਦਸੰਬਰ 2026 ਨੂੰ ਦੋਵੇਂ ਦਿਨ ਪਾਵਰਕੌਮ ਹੈੱਡ ਆਫਿਸ ਦੇ ਗੇਟਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਦਲਬੀਰ ਸਿੰਘ ਜੋਹਲ, ਸ਼ਿੰਗਾਰ ਚੰਦ ਮਹਿਰੋਕ, ਸੁਰਿੰਦਰ ਧਰਾਂਗਵਾਲਾ, ਸੰਜੀਵ ਕੁਮਾਰ ਸੈਣੀ, ਗੁਰਪ੍ਰੀਤ ਜੱਸਲ, ਸੰਜੀਵ ਕੁਮਾਰ ਨਵਾਂਸ਼ਹਿਰ, ਲਖਵੀਰ ਸਿੰਘ ਖੰਨਾ ਅਤੇ ਸ਼ਿੰਦਰ ਸਿੰਘ ਨਕੋਦਰ ਸਮੇਤ ਵੱਖ-ਵੱਖ ਜ਼ੋਨਾਂ ਦੇ ਪ੍ਰਧਾਨਾਂ ਤੇ ਸਕੱਤਰਾਂ ਤੋਂ ਇਲਾਵਾ ਸਾਰੇ ਸਰਕਲਾਂ ਦੇ ਪ੍ਰਧਾਨ ਹਾਜ਼ਰ ਸਨ।