- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡਾਂ ਵਿੱਚ ਸਿਹਤ ਸਹੂਲਤਾਂ ਦਾ ਘੇਰਾ ਵਧਾਉਣ ਵੱਲ ਕਦਮ, ਵਾੜਾ ਦਰਾਕਾ ਤੇ ਵਾਂਦਰ ਜਟਾਣਾ ’ਚ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਉਦਘਾਟਨ

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਪੇਂਡੂ ਖੇਤਰਾਂ ਵਿੱਚ ਸਿਹਤ ਸਹੂਲਤਾਂ ਦੀ ਪਹੁੰਚ ਆਸਾਨ ਬਣਾਉਣ ਦੇ ਮਕਸਦ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਵਾੜਾ ਦਰਾਕਾ ਅਤੇ ਵਾਂਦਰ ਜਟਾਣਾ ਵਿਖੇ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰਾਂ ਦੀ ਉਸਾਰੀ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਸਿਹਤ ਕੇਂਦਰਾਂ ਦੇ ਹੋਂਦ ਵਿੱਚ ਆਉਣ ਨਾਲ ਦੋਵਾਂ ਪਿੰਡਾਂ ਸਮੇਤ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਆਪਣੇ ਪਿੰਡਾਂ ਵਿੱਚ ਹੀ ਮਿਲਣ ਦਾ ਰਾਹ ਪੱਧਰਾ ਹੋਵੇਗਾ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਦੇ ਇਲਾਜ, ਸਿਹਤ ਜਾਂਚ ਅਤੇ ਹੋਰ ਮੁੱਢਲੀਆਂ ਸਿਹਤ ਸਹੂਲਤਾਂ ਲਈ ਸ਼ਹਿਰਾਂ ਦਾ ਰੁਖ ਕਰਨਾ ਪੈਂਦਾ ਹੈ। ਇਨ੍ਹਾਂ ਕੇਂਦਰਾਂ ਦੀ ਸਥਾਪਨਾ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਵੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਲੋਕਾਂ ਨੂੰ ਲੋੜ ਅਨੁਸਾਰ ਸਿਹਤ ਜਾਂਚ, ਮੁੱਢਲਾ ਇਲਾਜ ਅਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦਾ ਸਭ ਤੋਂ ਵੱਧ ਲਾਭ ਉਨ੍ਹਾਂ ਪਰਿਵਾਰਾਂ ਨੂੰ ਮਿਲੇਗਾ, ਜਿਨ੍ਹਾਂ ਨੂੰ ਇਲਾਜ ਲਈ ਦੂਰ-ਦੁਰਾਡੇ ਜਾਣ ਵਾਸਤੇ ਆਰਥਿਕ ਅਤੇ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੰਧਵਾਂ ਨੇ ਕਿਹਾ ਕਿ ਸਿਹਤ ਸਹੂਲਤਾਂ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ ਰਹਿਣੀਆਂ ਚਾਹੀਦੀਆਂ, ਸਗੋਂ ਪਿੰਡਾਂ ਵਿੱਚ ਵੱਸਦੇ ਲੋਕਾਂ ਨੂੰ ਵੀ ਬਰਾਬਰ ਦੀਆਂ ਸਹੂਲਤਾਂ ਮਿਲਣੀਆਂ ਯਕੀਨੀ ਬਣਾਉਣੀਆਂ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦਾ ਪਿੰਡ ਪੱਧਰ ਤੱਕ ਵਿਸਥਾਰ ਹੋਣ ਨਾਲ ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲੇਗਾ ਅਤੇ ਪੇਂਡੂ ਸਿਹਤ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਡਾ. ਪੁਖਰਾਜ ਐਮਓ, ਡਾ. ਮਨੋਜ ਗਰਗ, ਹਰਜਿੰਦਰ ਕੌਰ ਐਲਐਚਵੀ, ਲਖਵਿੰਦਰ ਕੌਰ ਸੀਐਚਓ, ਸੰਗੀਤਾ ਰਾਣੀ ਏਐਨਐਮ, ਸਰਪੰਚ ਪਰਮਜੀਤ ਕੌਰ, ਸਰਪੰਚ ਅੰਗਰੇਜ਼ ਸਿੰਘ ਅਤੇ ਅਮਨਦੀਪ ਕੌਰ ਸੀਐਚਓ ਸਮੇਤ ਹੋਰ ਪਤਵੰਤੇ ਹਾਜ਼ਰ ਸਨ।