- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਲ ਸਟਾਈਲ ਕਬੱਡੀ ’ਚ ਫ਼ਰੀਦਕੋਟ ਦੇ ਗੱਭਰੂਆਂ ਨੇ ਗੱਡੇ ਜਿੱਤ ਦੇ ਝੰਡੇ, ਬਣੇ ਪੰਜਾਬ ਚੈਂਪੀਅਨ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਖੇਡਾਂ ਦੇ ਖੇਤਰ ਵਿੱਚ ਫ਼ਰੀਦਕੋਟ ਦੇ ਖਿਡਾਰੀਆਂ ਨੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਰੂਪਨਗਰ ਵਿਖੇ ਕਰਵਾਈਆਂ ਗਈਆਂ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਸਰਕਲ ਸਟਾਈਲ ਕਬੱਡੀ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਫ਼ਰੀਦਕੋਟ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਇਸ ਰਾਜ ਪੱਧਰੀ ਮੁਕਾਬਲੇ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਫ਼ਰੀਦਕੋਟ ਦੀ ਟੀਮ ਨੇ ਸ਼ੁਰੂ ਤੋਂ ਹੀ ਬਿਹਤਰ ਤਾਲਮੇਲ, ਮਜ਼ਬੂਤ ਰੱਖਿਆ ਅਤੇ ਪ੍ਰਭਾਵਸ਼ਾਲੀ ਰੇਡਾਂ ਸਦਕਾ ਵਿਰੋਧੀ ਟੀਮਾਂ ਨੂੰ ਸਖ਼ਤ ਟੱਕਰ ਦਿੱਤੀ। ਇਸ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਟੀਮ ਨੇ ਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ, ਜਿੱਥੇ ਉਸ ਦਾ ਮੁਕਾਬਲਾ ਗੁਰਦਾਸਪੁਰ ਦੀ ਟੀਮ ਨਾਲ ਹੋਇਆ। ਖ਼ਿਤਾਬੀ ਮੁਕਾਬਲੇ ਵਿੱਚ ਫ਼ਰੀਦਕੋਟ ਦੇ ਖਿਡਾਰੀਆਂ ਨੇ ਸ਼ੁਰੂ ਤੋਂ ਹੀ ਮੈਚ ’ਤੇ ਆਪਣੀ ਪਕੜ ਬਣਾਈ ਰੱਖੀ ਅਤੇ ਅੰਤ ਵਿੱਚ ਗੁਰਦਾਸਪੁਰ ਨੂੰ 42-26 ਅੰਕਾਂ ਨਾਲ ਹਰਾ ਕੇ ਚੈਂਪੀਅਨਸ਼ਿਪ ਆਪਣੇ ਨਾਂ ਕਰ ਲਈ। ਇਸ ਜਿੱਤ ਨਾਲ ਜ਼ਿਲ੍ਹੇ ਦੀ ਟੀਮ ਨੇ ਨਾ ਸਿਰਫ਼ ਰਾਜ ਪੱਧਰ ’ਤੇ ਆਪਣੀ ਖੇਡ ਸਮਰੱਥਾ ਸਾਬਤ ਕੀਤੀ, ਸਗੋਂ ਆਉਣ ਵਾਲੇ ਕੌਮੀ ਪੱਧਰ ਦੇ ਮੁਕਾਬਲਿਆਂ ਲਈ ਵੀ ਆਪਣੀਆਂ ਸੰਭਾਵਨਾਵਾਂ ਮਜ਼ਬੂਤ ਕੀਤੀਆਂ ਹਨ। ਟੀਮ ਦੇ ਇੰਚਾਰਜ ਗੁਰਪ੍ਰੀਤ ਸਿੰਘ ਡੀਪੀਈ ਢੁੱਡੀ, ਮੈਨੇਜਰ ਗੁਰਪ੍ਰੀਤ ਸਿੰਘ ਡੀਐੱਸਆਈ ਗੁਰਪ੍ਰੀਤ ਸਿੰਘ ਕੋਟ ਸੁਖੀਆ ਅਤੇ ਸਮੂਹ ਖਿਡਾਰੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਜਨਾ ਕੌਂਸ਼ਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ, ਜ਼ਿਲ੍ਹਾ ਖੇਡ ਕੋਆਰਡੀਨੇਟਰ ਕੇਵਲ ਕੌਰ, ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਨਵਪ੍ਰੀਤ ਸਿੰਘ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਕਰਮਜੀਤ ਸਿੰਘ ਸਰਾਂ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਨੇ ਵਧਾਈ ਦਿੱਤੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੇ ਕੌਮੀ ਪੱਧਰ ਦੇ ਮੁਕਾਬਲਿਆਂ ਲਈ ਹੋਰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ।