ਸੂਬਾ ਸਿੰਘ ਬਾਦਲ ਨੂੰ ਗੱਠਜੋੜ ਹੋਣ ’ਤੇ ਦਿੱਤੀ ਵਧਾਈ ਅਕਾਲੀ-ਭਾਜਪਾ ਗੱਠਜੋੜ ਦੀ ਵਾਪਸੀ ਨਾਲ ਜੈਤੋ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਆਸ
Publish Date: Sat, 28 Nov 2026 04:25 PM (IST)
Updated Date: Sat, 28 Nov 2026 04:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਸਿਆਸੀ ਗੱਠਜੋੜ ਹੋਣ ਨਾਲ ਜਿੱਥੇ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਉੱਥੇ ਹੀ ਵਿਧਾਨ ਸਭਾ ਹਲਕਾ ਜੈਤੋ ਵਿੱਚ ਵੀ ਇਸ ਸਾਂਝ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੋਵਾਂ ਪਾਰਟੀਆਂ ਦੇ ਪੁਰਾਣੇ ਸਿਆਸੀ ਸਬੰਧਾਂ ਦੀ ਮੁੜ ਬਹਾਲੀ ਨੂੰ ਆਗਾਮੀ ਸਿਆਸੀ ਸਰਗਰਮੀਆਂ ਦੇ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸੇ ਸਬੰਧੀ ਯੂਥ ਅਕਾਲੀ ਦਲ ਜੈਤੋ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਮਾਰਕੀਟ ਸੁਧਾਰ ਕਮੇਟੀ ਜੈਤੋ ਦੇ ਪ੍ਰਧਾਨ ਰਾਕੇਸ਼ ਕੁਮਾਰ ਘੋਚਾ ਅਤੇ ਅਕਾਲੀ ਦਲ ਜੈਤੋ ਸ਼ਹਿਰੀ ਦੇ ਸੋਸ਼ਲ ਮੀਡੀਆ ਪ੍ਰਧਾਨ ਬਲਦੇਵ ਸਿੰਘ ਬੱਲੀ ਢੱਲਾ ਨੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸੂਬਾ ਸਿੰਘ ਬਾਦਲ ਦਾ ਮੂੰਹ ਮਿੱਠਾ ਕਰਵਾ ਕੇ ਗੱਠਜੋੜ ਦੀ ਮੁੜ ਸਥਾਪਨਾ ਦੀ ਵਧਾਈ ਦਿੱਤੀ। ਇਸ ਮੌਕੇ ਰਾਕੇਸ਼ ਕੁਮਾਰ ਘੋਚਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਪਹਿਲਾਂ ਵੀ ਲੰਮਾ ਸਮਾਂ ਸਿਆਸੀ ਸਾਥ ਰਿਹਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੌਰ ਵਿੱਚ ਦੋਵਾਂ ਪਾਰਟੀਆਂ ਵਿਚਕਾਰ ਰਹੇ ਤਾਲਮੇਲ ਨੇ ਪੰਜਾਬ ਦੀ ਸਿਆਸਤ ਨੂੰ ਵੱਖਰੀ ਦਿਸ਼ਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਸਾਂਝ ਦੀ ਮੁੜ ਸ਼ੁਰੂਆਤ ਨਾਲ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜੈਤੋ ਹਲਕੇ ਵਿੱਚ ਵੀ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਇਕ ਮੰਚ ਤੇ ਲਿਆਉਣ ਲਈ ਯਤਨ ਕੀਤੇ ਜਾਣਗੇ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਸਿਆਸੀ ਸਰਗਰਮੀਆਂ ਨੂੰ ਤੇਜ਼ ਕੀਤਾ ਜਾਵੇਗਾ। ਸੂਬਾ ਸਿੰਘ ਬਾਦਲ ਨੇ ਕਿਹਾ ਕਿ ਗੱਠਜੋੜ ਨਾਲ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ। ਹਲਕੇ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਦੇ ਮਸਲਿਆਂ ਲਈ ਕੰਮ ਕਰਨਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਦੋਵਾਂ ਆਗੂਆਂ ਦਾ ਧੰਨਵਾਦ ਵੀ ਕੀਤਾ।