- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਕੋਟਕਪੂਰਾ ਦੇ ਰਿਸ਼ੀ ਸਕੂਲ ਦੀਆਂ ਵੈਨਾਂ ਦੀ ਕੀਤੀ ਜਾਂਚ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਘਰ ਤੋਂ ਸਕੂਲ ਤੇ ਸਕੂਲ ਤੋਂ ਘਰ ਲਿਜਾਣ ਵਾਲੇ ਵਾਹਨਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਰੀਦਕੋਟ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਕੋਟਕਪੂਰਾ ਸਥਿਤ ਰਿਸ਼ੀ ਸਕੂਲ ਦੀਆਂ ਬੱਸਾਂ ਅਤੇ ਵੈਨਾਂ ਦੀ ਚੈਕਿੰਗ ਕੀਤੀ ਗਈ। ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਗਈ ਇਸ ਜਾਂਚ ਦੌਰਾਨ ਸਕੂਲੀ ਵਾਹਨਾਂ ਵਿੱਚ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਦੀ ਪੜਤਾਲ ਕੀਤੀ ਗਈ। ਇਸ ਮੌਕੇ ਚਾਈਲਡ ਪ੍ਰੋਟੈਕਸ਼ਨ ਅਫ਼ਸਰ (ਆਈ.ਸੀ.) ਸੁਖਮੰਦਰ ਸਿੰਘ ਅਤੇ ਚਾਈਲਡ ਪ੍ਰੋਟੈਕਸ਼ਨ ਅਫ਼ਸਰ (ਐਨ.ਆਈ.ਸੀ.) ਸੁਖਮਨ ਸਿੰਘ ਨੇ ਵਾਹਨ ਚਾਲਕਾਂ ਨੂੰ ਪਾਲਿਸੀ ਦੇ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸਕੂਲੀ ਬੱਸਾਂ ਦਾ ਰੰਗ ਪੀਲਾ ਹੋਣਾ, ਉਨ੍ਹਾਂ ਵਿੱਚ ਫਸਟ ਏਡ ਬਾਕਸ ਅਤੇ ਅੱਗ ਬੁਝਾਊ ਯੰਤਰ ਉਪਲਬਧ ਹੋਣਾ, ਵਾਹਨ ਉੱਤੇ ਸਕੂਲ ਦਾ ਨਾਮ ਅਤੇ ਸੰਪਰਕ ਨੰਬਰ ਦਰਜ ਹੋਣਾ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਵਿੱਚ ਸ਼ਾਮਲ ਹਨ। ਇਸ ਤੋਂ ਇਲਾਵਾ ਵਾਹਨਾਂ ਵਿੱਚ ਨਿਰਧਾਰਤ ਸੀਟਿੰਗ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਨਾ ਬਿਠਾਉਣ, ਸੀਸੀਟੀਵੀ ਕੈਮਰੇ ਲਗਾਉਣ ਅਤੇ ਮਹਿਲਾ ਅਟੈਂਡੈਂਟ ਦੀ ਮੌਜੂਦਗੀ ਯਕੀਨੀ ਬਣਾਉਣ ਸਬੰਧੀ ਵੀ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਟ੍ਰੈਫਿਕ ਪੁਲਿਸ ਕੋਟਕਪੂਰਾ ਦੇ ਇੰਚਾਰਜ ਏਐੱਸਆਈ ਹਰਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਵਿਰੁੱਧ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਟ੍ਰੈਫਿਕ ਪੁਲਿਸ ਕੋਟਕਪੂਰਾ ਦੇ ਪੀਐੱਚਜੀ ਬਲਵਿੰਦਰ ਸਿੰਘ ਵੀ ਮੌਜੂਦ ਸਨ।