ਪੱਕੇ ਅਧਿਆਪਕ ਵਿਦਿਅਕ ਅਦਾਰਿਆਂ ਦੀ ਕਾਮਯਾਬੀ ਦੀ ਬੁਨਿਆਦ: ਵੀਸੀ ਡਾ. ਜਗਦੀਪ ਸਿੰਘ ਪੱਕੇ ਅਧਿਆਪਕ ਵਿਦਿਅਕ ਅਦਾਰਿਆਂ ਦੀ ਕਾਮਯਾਬੀ ਦੀ ਬੁਨਿਆਦ: ਵੀਸੀ ਡਾ. ਜਗਦੀਪ ਸਿੰਘ
Publish Date: Sun, 29 Nov 2026 03:34 PM (IST)
Updated Date: Sun, 29 Nov 2026 03:37 PM (IST)
ਵੀਸੀ ਨੇ ਯੂਨੀਵਰਿਸਟੀ ਕਾਲਜ ਦਾ ਕੀਤਾ ਦੌਰਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਯੂਨੀਵਰਸਿਟੀ ਕਾਲਜ ਜੈਤੋ ਦਾ ਵਿਸ਼ੇਸ਼ ਦੌਰਾ ਕਰਦਿਆਂ ਕਾਲਜ ਦੇ ਅਕਾਦਮਿਕ ਅਤੇ ਪ੍ਰਬੰਧਕੀ ਕੰਮਕਾਜ ਦਾ ਜਾਇਜ਼ਾ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਮਰਾਟ ਖੰਨਾ ਅਤੇ ਸਮੂਹ ਕਾਲਜ ਸਟਾਫ਼ ਵੱਲੋਂ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨਾਲ ਤਕਰੀਬਨ ਤਿੰਨ ਘੰਟੇ ਬਿਤਾਏ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਦਿਅਕ ਸੰਸਥਾ ਦੀ ਅਸਲ ਤਰੱਕੀ ਅਤੇ ਸਫ਼ਲਤਾ ਲਈ ਯੋਗ, ਤਜਰਬੇਕਾਰ ਅਤੇ ਪੱਕੇ ਅਧਿਆਪਕਾਂ ਦੀ ਨਿਯੁਕਤੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਸਿੱਖਿਆ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਅਤੇ ਸਮਾਜ ਦੀ ਦਿਸ਼ਾ ਤੈਅ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਵਿਦਿਅਕ ਅਦਾਰਿਆਂ ਵਿੱਚ ਅਧਿਆਪਕਾਂ ਦੀਆਂ ਰੈਗੂਲਰ ਅਸਾਮੀਆਂ ਭਰਨਾ ਯੂਨੀਵਰਸਿਟੀ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਵੀਸੀ ਡਾ. ਜਗਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਕੈਂਪਸ ਵਿੱਚ 150 ਅਤੇ ਕੰਸਟੀਚੂਐਂਟ ਕਾਲਜਾਂ ਵਿੱਚ 100 ਸਹਾਇਕ ਪ੍ਰੋਫੈਸਰਾਂ ਦੀਆਂ ਰੈਗੂਲਰ ਅਸਾਮੀਆਂ ਭਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਰਾਹੀਂ 1200 ਸਹਾਇਕ ਪ੍ਰੋਫੈਸਰਾਂ ਦੀਆਂ ਰੈਗੂਲਰ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਉੱਚ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਿਦਿਆਰਥੀਆਂ ਨੂੰ ਬਿਹਤਰ ਅਕਾਦਮਿਕ ਸਹੂਲਤਾਂ ਪ੍ਰਾਪਤ ਹੋਣਗੀਆਂ। ਵੀਸੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਕੰਸਟੀਚੂਐਂਟ ਕਾਲਜਾਂ ਦੇ ਪ੍ਰਬੰਧਕੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਆਪਸੀ ਤਾਲਮੇਲ ਵਧਾਉਣ ਲਈ ਤਜਰਬੇਕਾਰ ਪ੍ਰੋਫੈਸਰਾਂ ਵਿੱਚੋਂ ਚੋਣ ਪ੍ਰਕਿਰਿਆ ਰਾਹੀਂ ਕੈਂਪਸ ਕੋਆਰਡੀਨੇਟਰ ਵੀ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਨੇ ਯੂਨੀਵਰਸਿਟੀ ਕਾਲਜ ਜੈਤੋ ਵਿੱਚ ਸੀਮਤ ਸਾਧਨਾਂ ਦੇ ਬਾਵਜੂਦ ਸਟਾਫ਼ ਵੱਲੋਂ ਪੂਰੀ ਲਗਨ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਸਟਾਫ਼ ਵੱਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਦੀ ਬਿਹਤਰੀ ਲਈ ਪ੍ਰਬੰਧਕਾਂ ਅਤੇ ਸਟਾਫ਼ ਵਿਚਕਾਰ ਬਿਹਤਰ ਤਾਲਮੇਲ ਅਤੇ ਸਾਂਝੀ ਜ਼ਿੰਮੇਵਾਰੀ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਮਰਾਟ ਖੰਨਾ, ਸੀਨੀਅਰ ਫੈਕਲਟੀ ਮੈਂਬਰ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ, ਡਾ. ਸੁਭਾਸ਼ ਚੰਦਰ, ਡਾ. ਰਾਜੀਵ ਕਪੂਰ ਅਤੇ ਇੰਜੀਨੀਅਰ ਅਰਸ਼ਦੀਪ ਬਰਾੜ ਸਮੇਤ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।