- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੈਲੀ ਦੀ ਸਫ਼ਲਤਾ ’ਤੇ ਵਿਧਾਇਕ ਅਮੋਲਕ ਸਿੰਘ ਵੱਲੋਂ ਵਰਕਰਾਂ ਦਾ ਤਹਿਦਿਲੋਂ ਧੰਨਵਾਦ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ 15ਵੇਂ ਸਥਾਪਨਾ ਦਿਵਸ ਮੌਕੇ ਵੀਰਵਾਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਗਈ ਸੂਬਾ ਪੱਧਰੀ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵਿਧਾਨ ਸਭਾ ਹਲਕਾ ਜੈਤੋ ਤੋਂ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਰੈਲੀ ਵਿੱਚ ਜੈਤੋ ਹਲਕੇ ਤੋਂ ਸੈਂਕੜੇ ਲੋਕਾਂ ਦੀ ਸ਼ਮੂਲੀਅਤ ਨੇ ਪਾਰਟੀ ਦੀ ਸਥਾਨਕ ਜਥੇਬੰਦਕ ਮਜ਼ਬੂਤੀ ਨੂੰ ਦਰਸਾਇਆ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਰੈਲੀ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਸਮੂਹ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦਾ ਤਹਿਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੈਤੋ ਹਲਕੇ ਤੋਂ ਗੱਡੀਆਂ ਅਤੇ ਬੱਸਾਂ ਦੇ ਵੱਡੇ ਕਾਫ਼ਲੇ ਦੇ ਰੂਪ ਵਿੱਚ ਸੈਂਕੜੇ ਲੋਕਾਂ ਦਾ ਰੈਲੀ ਵਿੱਚ ਪਹੁੰਚਣਾ ਪਾਰਟੀ ਵਰਕਰਾਂ ਦੀ ਇਕਜੁੱਟਤਾ, ਮਿਹਨਤ ਅਤੇ ਸੰਗਠਨਾਤਮਕ ਸਰਗਰਮੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਪਿੱਛੇ ਵਰਕਰਾਂ ਦੀ ਅਣਥੱਕ ਮਿਹਨਤ ਅਤੇ ਲੋਕਾਂ ਦਾ ਸਹਿਯੋਗ ਅਹਿਮ ਭੂਮਿਕਾ ਨਿਭਾਉਂਦਾ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਇਸ ਵਿਸ਼ਾਲ ਰੈਲੀ ਨੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਅਧਿਆਏ ਸਿਰਜਿਆ ਹੈ। ਰੈਲੀ ਦੌਰਾਨ ਪਾਰਟੀ ਵੱਲੋਂ ਲੋਕਾਂ ਸਾਹਮਣੇ ਪੌਣੇ ਪੰਜ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਗਏ ਇਤਿਹਾਸਕ ਕੰਮਾਂ ਅਤੇ ਹਾਸਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਮੁੱਚੀ ਕੈਬਨਿਟ, ਵਿਧਾਇਕ ਅਤੇ ਸੀਨੀਅਰ ਪਾਰਟੀ ਆਗੂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਹ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦਾ ਰਸਮੀ ਆਗਾਜ਼ ਵੀ ਹੈ। ਆਮ ਆਦਮੀ ਪਾਰਟੀ ਮਜ਼ਦੂਰਾਂ, ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕਾਂ ਦਾ ਵਿਸ਼ਵਾਸ ਹੀ ਇਸ ਦੀ ਅਸਲ ਤਾਕਤ ਹੈ। ਉਨ੍ਹਾਂ ਕਿਹਾ ਕਿ ਜੈਤੋ ਹਲਕੇ ਦੇ ਲੋਕਾਂ ਵੱਲੋਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਦਿਖਾਏ ਗਏ ਉਤਸ਼ਾਹ ਅਤੇ ਸਹਿਯੋਗ ਲਈ ਉਹ ਹਮੇਸ਼ਾ ਧੰਨਵਾਦੀ ਰਹਿਣਗੇ। ਅੰਤ ਵਿੱਚ ਉਨ੍ਹਾਂ ਸਮੂਹ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦਾ ਮੁੜ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਹਿਯੋਗ ਪਾਰਟੀ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੇਗਾ।