- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਰੀਨ ਇਨਕਲੇਵ ਦੇ ਵਸਨੀਕਾਂ ਨਾਲ ਰੂਬਰੂ ਹੋਏ ਸਪੀਕਰ ਸੰਧਵਾਂ, ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਜਾਣਨ ਦੇ ਮਕਸਦ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਰੀਨ ਇਨਕਲੇਵ ਦੇ ਵਸਨੀਕਾਂ ਨਾਲ ਮੁਲਾਕਾਤ ਕੀਤੀ। ਵਾਰਡ ਨੰਬਰ-4 ਵਿੱਚ ਹੋਈ ਇਸ ਵਿਸ਼ੇਸ਼ ਮੀਟਿੰਗ ਦੌਰਾਨ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਨੂੰ ਸਿਰਫ਼ ਐਲਾਨਾਂ ਤੱਕ ਸੀਮਤ ਰੱਖਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੋਟਕਪੂਰਾ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ, ਪਾਣੀ ਅਤੇ ਸੀਵਰੇਜ ਵਰਗੀਆਂ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਸਹੂਲਤਾਂ ਸਬੰਧੀ ਕਿਸੇ ਨੂੰ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਟਕਪੂਰਾ ਦੀ ਤਰੱਕੀ ਲਈ ਆਉਣ ਵਾਲੇ ਸਮੇਂ ਵਿੱਚ ਵੀ ਨਵੇਂ ਵਿਕਾਸ ਪ੍ਰੋਜੈਕਟ ਉਲੀਕੇ ਜਾਣਗੇ। ਉਨ੍ਹਾਂ ਦਾ ਟੀਚਾ ਸ਼ਹਿਰ ਦੀ ਦਿੱਖ ਬਦਲਣ ਦੇ ਨਾਲ-ਨਾਲ ਵਿਧਾਨ ਸਭਾ ਹਲਕੇ ਨੂੰ ਸੂਬੇ ਦੇ ਮੋਹਰੀ ਹਲਕਿਆਂ ਵਿੱਚ ਸ਼ਾਮਲ ਕਰਵਾਉਣਾ ਹੈ। ਸਪੀਕਰ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੁਹੱਲੇ ਜਾਂ ਸ਼ਹਿਰ ਨਾਲ ਸਬੰਧਤ ਕਿਸੇ ਵੀ ਸਮੱਸਿਆ ਬਾਰੇ ਸਿੱਧੇ ਤੌਰ ’ਤੇ ਉਨ੍ਹਾਂ ਨੂੰ ਜਾਣੂ ਕਰਵਾਉਣ, ਤਾਂ ਜੋ ਸਮੱਸਿਆਵਾਂ ਦਾ ਸਮਾਂ ਰਹਿੰਦਿਆਂ ਹੱਲ ਕਰਵਾਇਆ ਜਾ ਸਕੇ। ਇਸ ਦੌਰਾਨ ਸਪੀਕਰ ਸੰਧਵਾਂ ਨੇ ਸ਼ਹਿਰ ਅਤੇ ਇਲਾਕੇ ਵਿੱਚ ਹੋਏ ਵੱਖ-ਵੱਖ ਗਮੀ ਦੇ ਸਮਾਗਮਾਂ ਵਿੱਚ ਵੀ ਸ਼ਿਰਕਤ ਕੀਤੀ। ਉਨ੍ਹਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਰਹਿ ਗਏ ਪਰਿਵਾਰਾਂ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਉਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਗੈਰੀ ਵੜਿੰਗ, ਰੋਮੀ ਬਰਾੜ, ਅਰੁਣ ਸਿੰਗਲਾ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ।