- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਮੇਂਦਰ ਦੱਤ ‘ਕਮਲਾ ਰਾਈਜ਼ਿੰਗ ਸਟਾਰਜ਼ ਐਵਾਰਡ 2026’ ਨਾਲ ਸਨਮਾਨਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਵਾਤਾਵਰਣ ਸੰਭਾਲ, ਟਿਕਾਊ ਖੇਤੀਬਾੜੀ, ਜੈਵਿਕ ਵਿਭਿੰਨਤਾ ਦੀ ਰੱਖਿਆ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਲਈ ਯਤਨਸ਼ੀਲ ਉੱਘੇ ਵਾਤਾਵਰਣ ਪ੍ਰੇਮੀ ਅਤੇ ਖੇਤੀ ਵਿਰਾਸਤ ਮਿਸ਼ਨ ਦੇ ਸੰਸਥਾਪਕ ਤੇ ਕਾਰਜਕਾਰੀ ਨਿਰਦੇਸ਼ਕ ਉਮੇਂਦਰ ਦੱਤ ਨੂੰ ਵੱਕਾਰੀ ‘ਕਮਲਾ ਰਾਈਜ਼ਿੰਗ ਸਟਾਰਜ਼ ਐਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਖੇਤੀਬਾੜੀ ਅਤੇ ਵਾਤਾਵਰਣ ਦੇ ਖੇਤਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਬਦਲੇ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਕਰਵਾਏ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਸਮਾਗਮ ਦਾ ਪ੍ਰਬੰਧ ਕਮਲਾ ਅਨਿਕਬਾਈ ਘਮੰਡੀਰਾਮ ਗੋਵਾਨੀ ਟਰੱਸਟ ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ, ਸੰਜੇ ਮਯੂਖ, ਸਈਅਦ ਸ਼ਾਹਨਵਾਜ਼ ਹੁਸੈਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸਾਲ 2005 ਵਿੱਚ ਸਥਾਪਿਤ ਖੇਤੀ ਵਿਰਾਸਤ ਮਿਸ਼ਨ ਵੱਲੋਂ ਉਮੇਂਦਰ ਦੱਤ ਦੀ ਅਗਵਾਈ ਹੇਠ ਹੁਣ ਤੱਕ 50 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ 3 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਲਈ ਸਿਖਲਾਈ ਦਿੱਤੀ ਜਾ ਚੁੱਕੀ ਹੈ। ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਕਿਸਾਨ ਖੇਤ ਪਾਠਸ਼ਾਲਾਵਾਂ, ਖੇਤ ਪ੍ਰਦਰਸ਼ਨੀਆਂ ਅਤੇ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਮਿਸ਼ਨ ਵੱਲੋਂ ਦੇਸੀ ਬੀਜਾਂ ਦੀ ਸੰਭਾਲ, ਰਵਾਇਤੀ ਮੋਟੇ ਅਨਾਜਾਂ ਦੀ ਮੁੜ ਸੁਰਜੀਤੀ ਅਤੇ ਜੈਵਿਕ ਕਪਾਹ ਨੂੰ ਉਤਸ਼ਾਹਿਤ ਕਰਨ ਦੇ ਨਾਲ ‘ਨਵ ਤ੍ਰਿੰਜਣ’ ਅਤੇ ‘ਬੁਣਕਰ ਪਾਠਸ਼ਾਲਾ’ ਰਾਹੀਂ ਪੇਂਡੂ ਔਰਤਾਂ ਅਤੇ ਕਾਰੀਗਰਾਂ ਦੀ ਆਰਥਿਕ ਮਜ਼ਬੂਤੀ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਪਹਿਲਕਦਮੀਆਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਸ਼ਲਾਘਾ ਕੀਤੀ ਜਾ ਚੁੱਕੀ ਹੈ। ਉਮੇਂਦਰ ਦੱਤ ਨੂੰ ਇਸ ਤੋਂ ਪਹਿਲਾਂ ‘ਭਾਰਤ ਪੂਰਨ ਸਿੰਘ ਐਵਾਰਡ’ ਅਤੇ ‘ਟਾਈਮਜ਼ ਨਾਓ ਅਮੇਜ਼ਿੰਗ ਇੰਡੀਅਨਜ਼ ਐਵਾਰਡ 2026’ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਉਨ੍ਹਾਂ ਦੀ ਨਿੱਜੀ ਪ੍ਰਾਪਤੀ ਨਹੀਂ, ਸਗੋਂ ਕਿਸਾਨਾਂ, ਪੇਂਡੂ ਭਾਈਚਾਰਿਆਂ ਅਤੇ ਖੇਤੀ ਵਿਰਾਸਤ ਮਿਸ਼ਨ ਦੀ ਸਮੁੱਚੀ ਟੀਮ ਦੇ ਸਾਂਝੇ ਯਤਨਾਂ ਦੀ ਮਾਨਤਾ ਹੈ। ਉਨ੍ਹਾਂ ਭਵਿੱਖ ਵਿੱਚ ਵੀ ਕੁਦਰਤ ਪੱਖੀ ਖੇਤੀ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਯਤਨ ਜਾਰੀ ਰੱਖਣ ਦਾ ਭਰੋਸਾ ਦਿੱਤਾ।