ਡਾ. ਲਛਮਣ ਵੱਲੋਂ ਮੰਡੀਆਂ ਦਾ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੇਅਰਮੈਨ ਡਾ. ਲਛਮਣ ਭਗਤੂਆਣਾ ਵੱਲੋਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
Publish Date: Tue, 27 Oct 2026 03:51 PM (IST)
Updated Date: Wed, 28 Oct 2026 04:01 AM (IST)
ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਭਗਤੂਆਣਾ ਭੋਲ਼ਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਅਤੇ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਦਾਣਾ ਮੰਡੀ ਜੈਤੋ ਸਮੇਤ ਮਾਰਕੀਟ ਕਮੇਟੀ ਜੈਤੋ ਅਧੀਨ ਆਉਂਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕਰਦਿਆਂ ਸਬੰਧਤ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦਾ ਪੂਰਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਉਹ ਅਧਿਕਾਰੀਆਂ ਸਮੇਤ ਜੈਤੋ ਹਲਕੇ ਦੀਆਂ ਮੰਡੀਆਂ ਵਿੱਚ ਪਹੁੰਚੇ ਹਨ। ਉਨ੍ਹਾਂ ਅਨੁਸਾਰ ਕਿਸਾਨਾਂ ਨਾਲ ਹੋਈ ਗੱਲਬਾਤ ਦੌਰਾਨ ਕਿਸਾਨਾਂ ਨੇ ਖ਼ਰੀਦ ਪ੍ਰਬੰਧਾਂ ਸਬੰਧੀ ਆਪਣੀ ਤਸੱਲੀ ਪ੍ਰਗਟਾਈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਸੁਝਾਏ ਗਏ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਨ ਤੇ ਉਨ੍ਹਾਂ ਦੇ ਢੁੱਕਵੇਂ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਅਤੇ ਉਨ੍ਹਾਂ ਦੀ ਫ਼ਸਲ ਦਾ ਪੂਰਾ ਮੁੱਲ ਦਿਵਾਉਣ ਲਈ ਵਚਨਬੱਧ ਹੈ। ਮੰਡੀਆਂ ’ਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀ ਸਹੂਲਤ ਦਾ ਵਿਸ਼ੇਸ਼ ਖ਼ਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨ ਆਪਣੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਥਾਪਤ ਹੈਲਪਲਾਈਨ ਸੈਂਟਰ ਨਾਲ ਸੰਪਰਕ ਕਰ ਕੇ ਲੋੜੀਂਦੀ ਜਾਣਕਾਰੀ ਤੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਵੱਖ-ਵੱਖ ਫਰਮਾਂ ਦੇ ਆੜ੍ਹਤੀਏ, ਕਿਸਾਨ ਤੇ ਸਬੰਧਤ ਅਧਿਕਾਰੀ ਹਾਜ਼ਰ ਸਨ।