ਫਰੀਦਕੋਟ 'ਚ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ; 6.67 ਲੱਖ ਮੀਟ੍ਰਿਕ ਟਨ ਖਰੀਦ ਦਾ ਟੀਚਾ ਮਿੱਥਿਆ ਫਰੀਦਕੋਟ 'ਚ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ; 6.67 ਲੱਖ ਮੀਟ੍ਰਿਕ ਟਨ ਖਰੀਦ ਦਾ
Publish Date: Tue, 29 Sep 2026 06:17 PM (IST)
Updated Date: Wed, 30 Sep 2026 04:04 AM (IST)
ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਜ਼ਿਲ੍ਹਾ ਫਰੀਦਕੋਟ ਦੀਆਂ ਮੰਡੀਆਂ ਵਿੱਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸੁਚਾਰੂ ਢੰਗ ਨਾਲ ਸ਼ੁਰੂ ਕਰਨ ਲਈ ਪ੍ਰਸ਼ਾਸਨ ਅਤੇ ਆੜ੍ਹਤੀਆਂ ਵੱਲੋਂ ਸਾਰੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹੇ ਵਿੱਚ ਇਸ ਵਾਰ ਝੋਨੇ ਦੀ ਸਰਕਾਰੀ ਖਰੀਦ ਲਈ ਕੁੱਲ 68 ਖਰੀਦ ਕੇਂਦਰ ਬਣਾਏ ਗਏ ਹਨ, ਜਿੱਥੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਫ.ਐੱਸ.ਸੀ. ਗੁਰਜੀਤ ਸਿੰਘ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹਾ ਫਰੀਦਕੋਟ ਵਿੱਚ ਕੁੱਲ 6,67,000 ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਮੁੱਖ ਟੀਚਾ ਰੱਖਿਆ ਗਿਆ ਹੈ। ਸਰਕਾਰ ਵੱਲੋਂ ਇਸ ਵਾਰ ਝੋਨੇ ਦਾ ਸਰਕਾਰੀ ਭਾਅ 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸਰਕਾਰੀ ਮਾਪਦੰਡਾਂ ਅਨੁਸਾਰ ਕੇਵਲ 17 ਪ੍ਰਤੀਸ਼ਤ ਨਮੀ ਵਾਲਾ ਝੋਨਾ ਹੀ ਖਰੀਦਿਆ ਜਾਵੇਗਾ। ਡੀ.ਐੱਫ.ਐੱਸ.ਸੀ. ਨੇ ਕਿਸਾਨਾਂ ਨੂੰ ਖਾਸ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਤਾਂ ਜੋ ਖਰੀਦ ਏਜੰਸੀਆਂ ਵੱਲੋਂ ਬਿਨਾਂ ਕਿਸੇ ਦੇਰੀ ਦੇ ਫਸਲ ਦੀ ਖਰੀਦ ਕੀਤੀ ਜਾ ਸਕੇ। ਮੰਡੀਆਂ ਵਿੱਚ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਸਥਾਨਕ ਆੜ੍ਹਤੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੀਜ਼ਨ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਆੜ੍ਹਤੀਆਂ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਝੜਾਈ ਅਤੇ ਸਫਾਈ ਲਈ ਪੱਖੇ, ਤੋਲਣ ਲਈ ਕੰਡੇ ਅਤੇ ਫਸਲ ਨੂੰ ਖਰਾਬ ਮੌਸਮ ਜਾਂ ਬਾਰਿਸ਼ ਤੋਂ ਬਚਾਉਣ ਲਈ ਤਰਪਾਲਾਂ ਦਾ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ। ਆੜ੍ਹਤੀ ਭਾਈਚਾਰੇ ਨੇ ਵੀ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਮੰਡੀ ਵਿੱਚ ਸੁੱਕਾ ਝੋਨਾ ਲਿਆਉਣ ਨਾਲ ਬੋਲੀ ਜਲਦੀ ਲੱਗੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਦੂਜੇ ਪਾਸੇ ਮੰਡੀ ਵਿੱਚ ਫਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਨੇ ਦੱਸਿਆ ਕਿ ਹਾਲਾਂਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ, ਪਰ ਉਹ 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ੁਰੂ ਹੋਣ ਦੀ ਉਡੀਕ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੰਡੀਆਂ ਵਿੱਚ ਬਾਰਦਾਨਾ, ਲਿਫਟਿੰਗ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਸਹੀ ਰਹਿਣ ਤਾਂ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਤੇਜ਼ ਰੱਖਣ ਲਈ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।