ਮਿਸ਼ਨ 2027 ਨੂੰ ਲੈ ਕੇ ਅਰਸ਼ ਸੱਚਰ ਨੇ ਲੋਕਾਂ ਸਾਹਮਣੇ ਰੱਖਿਆ ਆਪਣਾ ਰਿਪੋਰਟ ਕਾਰਡ ਮਿਸ਼ਨ 2027 ਨੂੰ ਲੈ ਕੇ ਅਰਸ਼ ਸੱਚਰ ਨੇ ਲੋਕਾਂ ਸਾਹਮਣੇ ਰੱਖਿਆ ਆਪਣਾ ਰਿਪੋਰਟ ਕਾਰਡ,
Publish Date: Tue, 06 Oct 2026 04:49 PM (IST)
Updated Date: Wed, 07 Oct 2026 04:05 AM (IST)
ਕੰਮਾਂ ਦੇ ਆਧਾਰ ’ਤੇ ਮੁਲਾਂਕਣ ਕਰਨ ਦੀ ਕੀਤੀ ਅਪੀਲ, ਸਿਹਤ, ਸਿੱਖਿਆ, ਨਸ਼ਾ ਮੁਕਤੀ, ਵਪਾਰੀਆਂ ਦੀਆਂ ਸਮੱਸਿਆਵਾਂ ਤੇ ਨੌਜਵਾਨਾਂ ਦੇ ਰੁਜ਼ਗਾਰ ਨੂੰ ਦੱਸਿਆ ਤਰਜੀਹੀ ਮੁੱਦੇ ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ ਵਿੱਚ ਮਿਸ਼ਨ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਦਰਮਿਆਨ ਸਮਾਜ ਸੇਵੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਆਪਣੇ ਵੱਲੋਂ ਲੋਕ ਹਿੱਤ ਵਿੱਚ ਕੀਤੇ ਗਏ ਯਤਨਾਂ ਅਤੇ ਸਰਕਾਰ ਤੇ ਪ੍ਰਸ਼ਾਸਨ ਕੋਲ ਉਠਾਏ ਗਏ ਮੁੱਦਿਆਂ ਦਾ ਰਿਪੋਰਟ ਕਾਰਡ ਜਨਤਕ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਆਗੂਆਂ ਦਾ ਮੁਲਾਂਕਣ ਸਿਰਫ਼ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਵਾਅਦਿਆਂ ਦੀ ਬਜਾਏ ਉਨ੍ਹਾਂ ਦੇ ਕੰਮਾਂ ਅਤੇ ਲੋਕਾਂ ਦੇ ਮਸਲਿਆਂ ਪ੍ਰਤੀ ਉਨ੍ਹਾਂ ਦੀ ਸਰਗਰਮੀ ਦੇ ਆਧਾਰ ’ਤੇ ਕਰਨ। ਅਰਸ਼ ਸੱਚਰ ਨੇ ਕਿਹਾ ਕਿ ਜਨਤਕ ਜੀਵਨ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਤੱਕ ਪਹੁੰਚ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਨੁਸਾਰ ਫ਼ਰੀਦਕੋਟ ਦੇ ਲੋਕਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ ਨੂੰ ਸਮੇਂ-ਸਮੇਂ ’ਤੇ ਉਠਾਇਆ ਗਿਆ ਹੈ ਅਤੇ ਇਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੇਵਾਵਾਂ ਵਿੱਚ ਸੁਧਾਰ, ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਰਿਹਾ ਹੈ। ਇਸੇ ਤਰ੍ਹਾਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਾਗਰੂਕ ਕਰਨ, ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਇਲਾਜ ਲਈ ਸਹਿਯੋਗ ਦੇਣ ਅਤੇ ਪਿੰਡਾਂ ਤੇ ਸ਼ਹਿਰੀ ਵਾਰਡਾਂ ਵਿੱਚ ਜਾਗਰੂਕਤਾ ਵਧਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਅਰਸ਼ ਸੱਚਰ ਨੇ ਕਿਹਾ ਕਿ ਸ਼ਹਿਰ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ, ਗਊਸ਼ਾਲਾਵਾਂ ਵਿੱਚ ਸਹੂਲਤਾਂ ਦੀ ਲੋੜ, ਸਫ਼ਾਈ ਪ੍ਰਬੰਧਾਂ ਅਤੇ ਪਿੰਡਾਂ ਤੇ ਸ਼ਹਿਰੀ ਵਾਰਡਾਂ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਵੀ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਰਿਹਾ ਹੈ। ਉਨ੍ਹਾਂ ਮੁਤਾਬਕ ਲੋਕਾਂ ਦੀਆਂ ਬੁਨਿਆਦੀ ਲੋੜਾਂ ਨਾਲ ਜੁੜੇ ਮਸਲਿਆਂ ਨੂੰ ਤਰਜੀਹ ਦੇਣਾ ਹੀ ਜਨਤਕ ਜਵਾਬਦੇਹੀ ਦੀ ਅਸਲ ਭਾਵਨਾ ਹੈ। ਨੌਜਵਾਨਾਂ ਦੇ ਭਵਿੱਖ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇ ਮੌਕੇ, ਕਰੀਅਰ ਸਬੰਧੀ ਮਾਰਗਦਰਸ਼ਨ, ਸਕਾਲਰਸ਼ਿਪ, ਸਵੈ-ਰੁਜ਼ਗਾਰ ਅਤੇ ਖੇਡਾਂ ਵੱਲ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਵਰਗੇ ਵਿਸ਼ਿਆਂ ’ਤੇ ਆਉਣ ਵਾਲੇ ਸਮੇਂ ਵਿੱਚ ਹੋਰ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਿਸ਼ਨ 2027 ਸਿਰਫ਼ ਚੋਣਾਂ ਨਾਲ ਜੁੜਿਆ ਨਾਅਰਾ ਨਹੀਂ, ਸਗੋਂ ਫ਼ਰੀਦਕੋਟ ਦੇ ਲੋਕਾਂ ਦੇ ਵਿਸ਼ਵਾਸ ’ਤੇ ਖਰਾ ਉਤਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਠਾਏ ਗਏ ਮੁੱਦਿਆਂ, ਉਨ੍ਹਾਂ ’ਤੇ ਹੋਈ ਕਾਰਵਾਈ ਅਤੇ ਬਾਕੀ ਰਹਿੰਦੇ ਕੰਮਾਂ ਦਾ ਵੇਰਵਾ ਲੋਕਾਂ ਸਾਹਮਣੇ ਰੱਖਿਆ ਜਾਵੇਗਾ, ਤਾਂ ਜੋ ਲੋਕ ਖ਼ੁਦ ਉਨ੍ਹਾਂ ਦੇ ਯਤਨਾਂ ਦਾ ਮੁਲਾਂਕਣ ਕਰ ਸਕਣ। ਅਰਸ਼ ਸੱਚਰ ਨੇ ਕਿਹਾ ਕਿ ਫ਼ਰੀਦਕੋਟ ਦੇ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਨਾਲ ਜੁੜੇ ਮਸਲਿਆਂ ’ਤੇ ਉਨ੍ਹਾਂ ਦੀ ਆਵਾਜ਼ ਬਣ ਕੇ ਖੜ੍ਹੇ ਰਹਿਣਾ ਉਨ੍ਹਾਂ ਦੀ ਤਰਜੀਹ ਰਹੇਗੀ।