ਫ਼ਰੀਦਕੋਟ ’ਚ 4 ਨਵੀਆਂ ਸਹਿਕਾਰੀ ਸਭਾਵਾਂ ਬਣਾਉਣ ਦੀ ਯੋਜਨਾ ਫ਼ਰੀਦਕੋਟ ਜ਼ਿਲ੍ਹੇ ਵਿੱਚ 4 ਨਵੀਆਂ ਸਹਿਕਾਰੀ ਸਭਾਵਾਂ ਬਣਾਉਣ ਦੀ ਯੋਜਨਾ, ਅਨਾਜ ਭੰਡਾਰਨ ਪ੍ਰੋਜੈਕਟ ਵੀ ਜਲਦ ਸ਼ੁਰੂ ਕਰਨ ’ਤੇ ਜ਼ੋਰ
Publish Date: Tue, 06 Oct 2026 05:10 PM (IST)
Updated Date: Wed, 07 Oct 2026 04:05 AM (IST)
ਅਨਾਜ ਭੰਡਾਰਨ ਪ੍ਰੋਜੈਕਟ ਵੀ ਜਲਦ ਸ਼ੁਰੂ ਕਰਨ ’ਤੇ ਜ਼ੋਰ ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹੇ ’ਚ ਸਹਿਕਾਰੀ ਸਭਾਵਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਉਨ੍ਹਾਂ ਦੀ ਆਮਦਨ ਦੇ ਸਰੋਤ ਵਧਾਉਣ ਅਤੇ ਖੇਤੀਬਾੜੀ ਤੋਂ ਇਲਾਵਾ ਹੋਰ ਆਰਥਿਕ ਗਤੀਵਿਧੀਆਂ ਨਾਲ ਜੋੜਨ ਲਈ ਪ੍ਰਸ਼ਾਸਨ ਵੱਲੋਂ ਯਤਨ ਤੇਜ਼ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਇਸੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਹਿਕਾਰੀ ਵਿਕਾਸ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਸਹਿਕਾਰੀ ਸਭਾਵਾਂ ਦੇ ਵਿਸਥਾਰ, ਕੰਪਿਊਟਰੀਕਰਨ, ਕਰਮਚਾਰੀਆਂ ਦੀ ਸਿਖਲਾਈ ਅਤੇ ਨਵੇਂ ਪ੍ਰੋਜੈਕਟਾਂ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚਾਰ ਨਵੀਆਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਸਥਾਪਤ ਕਰਨ ਅਤੇ ਪੰਚਾਇਤਾਂ ਵਿੱਚ ਸਹਿਕਾਰੀ ਸਹੂਲਤਾਂ ਦਾ ਘੇਰਾ ਵਧਾਉਣ ਦੇ ਮੁੱਦੇ ਵੀ ਵਿਚਾਰੇ ਗਏ। ਅਧਿਕਾਰੀਆਂ ਨੇ ਸਹਿਕਾਰੀ ਸਭਾਵਾਂ ਨੂੰ ਬਹੁ-ਮੰਤਵੀ ਇਕਾਈਆਂ ਵਜੋਂ ਵਿਕਸਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਤਾਂ ਜੋ ਉਹ ਸਿਰਫ਼ ਖੇਤੀਬਾੜੀ ਨਾਲ ਸਬੰਧਤ ਸੇਵਾਵਾਂ ਤੱਕ ਸੀਮਤ ਨਾ ਰਹਿਣ, ਸਗੋਂ ਹੋਰ ਆਰਥਿਕ ਅਤੇ ਲੋਕ-ਹਿੱਤ ਗਤੀਵਿਧੀਆਂ ਵਿੱਚ ਵੀ ਆਪਣੀ ਭੂਮਿਕਾ ਨਿਭਾ ਸਕਣ। ਭਾਰਤ ਸਰਕਾਰ ਦੇ ਸਹਿਕਾਰਤਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਜ਼ਿਲ੍ਹੇ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਵੱਲੋਂ ਅਪਣਾਏ ਗਏ ਮਾਡਲ ਉਪ-ਨਿਯਮਾਂ ’ਤੇ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸਭਾਵਾਂ ਦੇ ਕੰਪਿਊਟਰੀਕਰਨ ਅਤੇ ਉਨ੍ਹਾਂ ਦੇ ਕਰਮਚਾਰੀਆਂ ਨੂੰ ਲੋੜੀਂਦੀ ਸਿਖਲਾਈ ਦੇਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ ਗਈ, ਤਾਂ ਜੋ ਇਨ੍ਹਾਂ ਸੰਸਥਾਵਾਂ ਦੇ ਕੰਮਕਾਜ ਨੂੰ ਆਧੁਨਿਕ ਅਤੇ ਸੁਚਾਰੂ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਸੇਢਾ ਸਿੰਘ ਵਾਲਾ ਦੀ ਜ਼ਮੀਨ ਦੇ ਤਬਾਦਲੇ ਦਾ ਮਾਮਲਾ ਵੀ ਵਿਚਾਰਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨ ਦੇ ਤਬਾਦਲੇ ਲਈ ਲੋੜੀਂਦੀਆਂ ਮਨਜ਼ੂਰੀਆਂ ਅਤੇ ਹੋਰ ਕਾਰਵਾਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਨਾਲ ਤਾਲਮੇਲ ਕਰਕੇ ਜਲਦੀ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੂੰ ਸਮੇਂ ਸਿਰ ਪੂਰਾ ਕਰਨ ਨਾਲ ਅਨਾਜ ਭੰਡਾਰਨ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਕੇਸ਼ਵ ਗੋਇਲ ਨੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਇਨ੍ਹਾਂ ਸੰਸਥਾਵਾਂ ਅਤੇ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਨਾਬਾਰਡ ਤੋਂ ਸੁਰੇਸ਼ ਕੁਮਾਰ, ਐਮ.ਡੀ. ਕੋਆਪਰੇਟਿਵ ਸੁਸਾਇਟੀ ਲਖਵਿੰਦਰ ਸਿੰਘ, ਸੀਨੀਅਰ ਮੈਨੇਜਰ ਕੋਆਪਰੇਟਿਵ ਸੁਸਾਇਟੀ ਕੁਲਵੀਰ ਸਿੰਘ, ਮਨਦੀਪ ਸਿੰਘ, ਸੁਖਵੀਰ ਸਿੰਘ, ਪਰਵੇਸ਼ ਰਿਹਾਨ, ਖੁਸ਼ਦਿੱਲ, ਮਨਜੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।