ਅਕਾਲੀ ਦਲ ਨੇ ਸ਼ੁਰੂ ਕੀਤੀ ਘਰ-ਘਰ ਜਾ ਕੇ ਵੋਟਰਾਂ ਦੀ ਨਬਜ਼ ਟਟੋਲਣੀ ਫਰੀਦਕੋਟ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸ਼ੁਰੂ ਕੀਤੀ ਘਰ ਘਰ ਜਾ ਕੇ ਵੋਟਰਾਂ ਦੀ ਨਬਜ਼ ਟਟੋਲਣੀ
Publish Date: Tue, 06 Oct 2026 06:01 PM (IST)
Updated Date: Wed, 07 Oct 2026 04:08 AM (IST)
ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਲੋਕਾਂ ਨਾਲ ਕਰ ਰਹੇ ਸਿੱਧਾ ਰਾਬਤਾ, ਮੁਸ਼ਕਲਾਂ ਜਾਣ ਕੇ ਪਾਰਟੀ ਦੀ ਲੀਡਰਸ਼ਿਪ ਤੱਕ ਪਹੁੰਚਾਉਣ ’ਤੇ ਜ਼ੋਰ ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਵੋਟਰਾਂ ਦੀ ਨਬਜ਼ ਟਟੋਲਣ, ਲੋਕਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਘਰ-ਘਰ ਪਹੁੰਚ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਹਲਕਾ ਇੰਚਾਰਜ ਆਪੋ-ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਰਹੇ ਹਨ। ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਇੰਚਾਰਜ ਬੰਟੀ ਰੋਮਾਣਾ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਮਕਸਦ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਪਿੰਡ ਅਤੇ ਘਰ ਤੱਕ ਪਹੁੰਚ ਕਰਨ, ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਦੇ ਮਸਲੇ ਪਾਰਟੀ ਦੀ ਲੀਡਰਸ਼ਿਪ ਤੱਕ ਪਹੁੰਚਾਉਣ। ਰੋਮਾਣਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ 80 ਫ਼ੀਸਦੀ ਤੋਂ ਵੱਧ ਵਿਕਾਸ ਕਾਰਜ ਅਕਾਲੀ ਦਲ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਈ ਪ੍ਰਮੁੱਖ ਸੜਕਾਂ ਅਤੇ ਹਾਈਵੇਅ ਪ੍ਰਾਜੈਕਟਾਂ ਦੀ ਨੀਂਹ ਵੀ ਅਕਾਲੀ ਸਰਕਾਰਾਂ ਸਮੇਂ ਰੱਖੀ ਗਈ ਸੀ। ਉਨ੍ਹਾਂ ਅਨੁਸਾਰ ਕਿਸਾਨਾਂ ਨੂੰ ਬਿਜਲੀ ਕੁਨੈਕਸ਼ਨ, ਖੇਤੀਬਾੜੀ ਮੋਟਰਾਂ ਲਈ ਬਿਜਲੀ ਸਪਲਾਈ ਅਤੇ ਗਰੀਬ ਪਰਿਵਾਰਾਂ ਲਈ ਆਟਾ-ਦਾਲ ਵਰਗੀਆਂ ਲੋਕ ਭਲਾਈ ਸਕੀਮਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਸ਼ੁਰੂ ਕੀਤੀਆਂ ਗਈਆਂ ਸਨ। ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਲੋਕਾਂ ਨਾਲ ਆਪਣਾ ਸੰਪਰਕ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਦੇ ਵਿਚਾਰ ਜਾਣਨ ਨਾਲ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਅਤੇ ਉਮੀਦਾਂ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦਾ ਲੋਕਾਂ ਵਿੱਚ ਵਿਚਰਨਾ ਅਤੇ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਉਠਾਏ ਜਾਣ ਵਾਲੇ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਵਿਚਾਰਿਆ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਜੈਤੋ ਵਿਧਾਨ ਸਭਾ ਹਲਕੇ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਪਾਰਟੀ ਦੀ ਅਹਿਮ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਨਾਲ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ, ਵਿਕਾਸ ਸਬੰਧੀ ਲੋੜਾਂ ਅਤੇ ਲੋਕਾਂ ਦੀਆਂ ਉਮੀਦਾਂ ਬਾਰੇ ਜਾਣਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਅਨੁਸਾਰ ਪਾਰਟੀ ਵਰਕਰਾਂ ਨੂੰ ਹਰ ਪਿੰਡ ਵਿੱਚ ਸਰਗਰਮ ਰਹਿ ਕੇ ਲੋਕਾਂ ਨਾਲ ਆਪਣਾ ਨਾਤਾ ਮਜ਼ਬੂਤ ਕਰਨਾ ਚਾਹੀਦਾ ਹੈ। ਤਿੰਨਾਂ ਹਲਕਿਆਂ ਵਿੱਚ ਚਲਾਈ ਜਾ ਰਹੀ ਇਸ ਮੁਹਿੰਮ ਰਾਹੀਂ ਸ਼੍ਰੋਮਣੀ ਅਕਾਲੀ ਦਲ ਲੋਕਾਂ ਤੱਕ ਪਹੁੰਚ ਬਣਾਉਣ, ਵਰਕਰਾਂ ਨੂੰ ਸਰਗਰਮ ਕਰਨ ਅਤੇ ਪਿੰਡ ਪੱਧਰ ’ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੀ ਗਈ ਇਹ ਸਰਗਰਮੀ ਜ਼ਿਲ੍ਹੇ ਵਿੱਚ ਪਾਰਟੀ ਦੀ ਸਿਆਸੀ ਤਿਆਰੀ ਦੇ ਅਹਿਮ ਹਿੱਸੇ ਵਜੋਂ ਦੇਖੀ ਜਾ ਰਹੀ ਹੈ।