23 ਪਿੰਡਾਂ ਦੇ ਲੋਕਾਂ ਨੂੰ ਮਿਲੇਗਾ ਘਰਾਂ ਦਾ ਮਾਲਕੀ ਹੱਕ, ਅੱਜ ਤੋਂ ਸ਼ੁਰੂ ਹੋਵੇਗੀ ਪ੍ਰਾਪਰਟੀ ਕਾਰਡ ਵੰਡ ਕੋਟਕਪੂਰਾ ਦੇ 23 ਪਿੰਡਾਂ ਦੇ ਲੋਕਾਂ ਨੂੰ ਮਿਲੇਗਾ ਘਰਾਂ ਦਾ ਮਾਲਕੀ ਹੱਕ, 7 ਅਕਤੂਬਰ ਤੋਂ ਸ਼ੁਰੂ ਹੋਵੇਗੀ ਪ੍ਰਾਪਰਟੀ ਕਾਰਡ ਵੰਡ
Publish Date: Tue, 06 Oct 2026 06:50 PM (IST)
Updated Date: Wed, 07 Oct 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪਿੰਡਾਂ ਦੀ ਲਾਲ ਲਕੀਰ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਤਹਿਸੀਲ ਕੋਟਕਪੂਰਾ ਦੇ 23 ਪਿੰਡਾਂ ਦੇ ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਜਾਰੀ ਕੀਤੇ ਜਾਣਗੇ। ਇਸ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ 7 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿੰਡ ਭੈਰੋਂ ਕੀ ਭੱਟੀ ਤੋਂ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਕੋਟਕਪੂਰਾ ਰਜਿੰਦਰ ਸਿੰਘ ਨੇ ਦੱਸਿਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ 7 ਅਕਤੂਬਰ ਨੂੰ ਸਵੇਰੇ 10 ਵਜੇ ਪਿੰਡ ਭੈਰੋਂ ਕੀ ਭੱਟੀ ਵਿਖੇ ਪ੍ਰਾਪਰਟੀ ਕਾਰਡ ਵੰਡਣ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ ਪਿੰਡ ਠਾੜਾ ਵਿਖੇ ਵੀ ਯੋਗ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਲਾਲ ਲਕੀਰ ਦੇ ਅੰਦਰ ਸਥਿਤ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਸਬੰਧੀ ਅਧਿਕਾਰਤ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਇਸ ਤਹਿਤ ਸਬੰਧਤ ਜਾਇਦਾਦਾਂ ਦੀ ਮੈਪਿੰਗ, ਤਸਦੀਕ ਅਤੇ ਲੋੜੀਂਦਾ ਰਿਕਾਰਡ ਤਿਆਰ ਕਰਨ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਯੋਗ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਜਾਰੀ ਕੀਤੇ ਜਾ ਰਹੇ ਹਨ। ਪ੍ਰਾਪਰਟੀ ਕਾਰਡ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਅਧਿਕਾਰਤ ਦਸਤਾਵੇਜ਼ ਹਾਸਲ ਹੋਵੇਗਾ। ਇਸ ਪਹਿਲਕਦਮੀ ਨਾਲ ਉਨ੍ਹਾਂ ਪਰਿਵਾਰਾਂ ਨੂੰ ਲਾਭ ਮਿਲੇਗਾ, ਜਿਹੜੇ ਲੰਬੇ ਸਮੇਂ ਤੋਂ ਆਪਣੇ ਘਰਾਂ ਦੀ ਮਾਲਕੀ ਦੀ ਸਰਕਾਰੀ ਪੱਧਰ ’ਤੇ ਪਛਾਣ ਹੋਣ ਦੀ ਉਡੀਕ ਕਰ ਰਹੇ ਸਨ। ਇਸ ਦੇ ਨਾਲ ਹੀ ਪਿੰਡਾਂ ਵਿੱਚ ਜਾਇਦਾਦਾਂ ਦੇ ਰਿਕਾਰਡ ਨੂੰ ਵਿਵਸਥਿਤ ਕਰਨ ਵਿੱਚ ਵੀ ਮਦਦ ਮਿਲੇਗੀ। ਐੱਸ.ਡੀ.ਐੱਮ. ਨੇ ਪਿੰਡ ਭੈਰੋਂ ਕੀ ਭੱਟੀ ਅਤੇ ਠਾੜਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ’ਤੇ ਪਹੁੰਚ ਕੇ ਆਪਣੇ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ।