ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ’ਚ ਕਰੀਬ ਇਕ ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ’ਚ ਕਰੀਬ ਇਕ ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
Publish Date: Tue, 13 Oct 2026 04:55 PM (IST)
Updated Date: Wed, 14 Oct 2026 04:06 AM (IST)
ਸ਼ਹਿਰ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਸੰਧਵਾਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੀਬ ਇਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਕਾਰਜਾਂ ਤਹਿਤ ਸ਼ਹਿਰ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਕੰਮ ਕੀਤੇ ਜਾਣਗੇ। ਇਨ੍ਹਾਂ ਵਿਕਾਸ ਕਾਰਜਾਂ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਸਦਕਾ ਵਿਕਾਸ ਦੀ ਇਸ ਪ੍ਰਕਿਰਿਆ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਹਿਸੀਲ ਕੰਪਲੈਕਸ, ਲਾਜਪਤ ਨਗਰ, ਵਾਰਡ ਨੰਬਰ ਇਕ ਵਿੱਚ ਅਗਰਵਾਲ ਧਰਮਸ਼ਾਲਾ ਦੇ ਨੇੜੇ, ਵਾਰਡ ਨੰਬਰ 29 ਦੀ ਦੇਸ਼ਰਾਜ ਬਸਤੀ, ਜਲਾਲਾਬਾਦ ਰੋਡ ਸਮੇਤ ਹੋਰ ਇਲਾਕਿਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਸ਼ੁਰੂ ਕਰਵਾਏ ਗਏ ਹਨ। ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਗਲੀਆਂ ਦੀ ਹਾਲਤ ਵਿੱਚ ਸੁਧਾਰ ਆਵੇਗਾ ਅਤੇ ਲੋਕਾਂ ਨੂੰ ਆਵਾਜਾਈ ਸਬੰਧੀ ਦਰਪੇਸ਼ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਠੇਕੇਦਾਰਾਂ ਨੂੰ ਵੀ ਨਿਰਧਾਰਤ ਸਮੇਂ ਅੰਦਰ ਮਿਆਰੀ ਢੰਗ ਨਾਲ ਕੰਮ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਸ਼ਹਿਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਕੁਝ ਇਲਾਕਿਆਂ ਵਿੱਚ ਸੀਵਰੇਜ ਦੇ ਓਵਰਫਲੋਅ ਹੋਣ ਕਾਰਨ ਪਾਣੀ ਦੀ ਨਿਕਾਸੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪਾਈਪਾਂ ਪਾਉਣ ਦਾ ਕੰਮ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬਾਹਰਲੀ ਡਰੇਨ ਨਾਲ ਸਬੰਧਤ ਕੰਮ ਅੱਗੇ ਵਧਣ ਨਾਲ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਇਕ ਤਕਨੀਕੀ ਸਮੱਸਿਆ ਹੈ, ਜਿਸ ਦੇ ਪੂਰੀ ਤਰ੍ਹਾਂ ਹੱਲ ਲਈ ਕੁਝ ਸਮਾਂ ਲੱਗ ਸਕਦਾ ਹੈ, ਪਰ ਇਸ ਸਬੰਧੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸੀਵਰੇਜ ਵਿੱਚ ਗ਼ੈਰ-ਕਾਨੂੰਨੀ ਕੁਨੈਕਸ਼ਨ ਨਾ ਪਾਏ ਜਾਣ ਅਤੇ ਪੁਰਾਣੇ ਕੁਨੈਕਸ਼ਨਾਂ ਨੂੰ ਖੁੱਲ੍ਹਾ ਨਾ ਛੱਡਿਆ ਜਾਵੇ, ਕਿਉਂਕਿ ਅਜਿਹਾ ਕਰਨ ਨਾਲ ਸੀਵਰੇਜ ਪ੍ਰਣਾਲੀ ’ਤੇ ਵਾਧੂ ਬੋਝ ਪੈਂਦਾ ਹੈ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਫ਼ਾਈ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਮਸ਼ੀਨਾਂ ਅਤੇ ਸਫ਼ਾਈ ਕਰਮਚਾਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਹਾਲਾਂਕਿ, ਸਫ਼ਾਈ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਦੇਣ ਦੀ ਅਪੀਲ ਕੀਤੀ, ਤਾਂ ਜੋ ਕੂੜੇ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕੇ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਸਪੀਕਰ ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਅਤੇ ਵਿਸ਼ਵਾਸ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਐਸਡੀਐਮ ਰਜਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਤਹਿਸੀਲਦਾਰ ਪਰਮਿੰਦਰ ਸਿੰਘ, ਨਗਰ ਕੌਂਸਲ ਦੇ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਤੱਖੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।