ਸਿਵਲ ਸਰਜਨ ਵੱਲੋਂ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਸਿਹਤ ਪ੍ਰੋਗਰਾਮਾਂ ਦੇ ਟੀਚੇ ਸਮੇਂ ਸਿਰ ਪੂਰੇ ਕਰਨ ਅਤੇ ਲੋਕਾਂ ਤੱਕ ਸੇਵਾਵਾਂ ਪਹੁੰਚਾਉਣ ’ਤੇ ਜ਼ੋਰ
Publish Date: Wed, 28 Oct 2026 04:17 PM (IST)
Updated Date: Thu, 29 Oct 2026 04:01 AM (IST)
ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਅਤੇ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਤੰਬਰ 2026 ਦੌਰਾਨ ਚਲਾਏ ਗਏ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ। ਇਸ ਸਬੰਧੀ ਦਫ਼ਤਰ ਸਿਵਲ ਸਰਜਨ ਵਿਖੇ ਹੋਈ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਕੀਤੀ। ਮੀਟਿੰਗ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਪ੍ਰੋਗਰਾਮਾਂ ਦੇ ਨਿਰਧਾਰਿਤ ਟੀਚਿਆਂ ਅਤੇ ਉਨ੍ਹਾਂ ਨੂੰ ਲਾਗੂ ਕਰਨ ਦੀ ਸਥਿਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮਾਤਾ ਅਤੇ ਬਾਲ ਸਿਹਤ, ਪਰਿਵਾਰ ਭਲਾਈ, ਨਿਯਮਿਤ ਟੀਕਾਕਰਨ, ਟੀਬੀ ਕੰਟਰੋਲ, ਕੈਂਸਰ ਦੀ ਪਛਾਣ, ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ, ਖੁਰਾਕ ਸੁਰੱਖਿਆ ਅਤੇ ਦਵਾਈਆਂ ਦੀ ਗੁਣਵੱਤਾ ਦੀ ਨਿਗਰਾਨੀ ਸਮੇਤ ਕਈ ਅਹਿਮ ਖੇਤਰਾਂ ਦੀ ਸਮੀਖਿਆ ਕੀਤੀ ਗਈ। ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਨਿਰਧਾਰਿਤ ਟੀਚੇ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦਾ ਅਸਲ ਮਕਸਦ ਲੋਕਾਂ ਨੂੰ ਸਮੇਂ ਸਿਰ, ਸੁਖਾਲੇ ਢੰਗ ਨਾਲ ਅਤੇ ਮਿਆਰੀ ਇਲਾਜ ਤੇ ਜਾਂਚ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਲਈ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਿਹਤ ਯੋਜਨਾਵਾਂ ਦੀ ਪਹੁੰਚ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ, ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪਿਆਂ ਨੂੰ ਉਤਸ਼ਾਹਿਤ ਕਰਨ, ਬੱਚਿਆਂ ਦੇ ਨਿਯਮਿਤ ਟੀਕਾਕਰਨ ਅਤੇ ਕੈਂਸਰ ਦੀ ਮੁੱਢਲੀ ਪਛਾਣ ਸਬੰਧੀ ਕੰਮਾਂ ਦੀ ਵੀ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਹਾਈਪਰਟੈਨਸ਼ਨ ਅਤੇ ਸ਼ੂਗਰ ਦੀ ਸਕ੍ਰੀਨਿੰਗ, ਆਯੁਸ਼ਮਾਨ ਭਾਰਤ ਯੋਜਨਾ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਪ੍ਰਗਤੀ ਬਾਰੇ ਵੀ ਵਿਚਾਰ ਕੀਤਾ ਗਿਆ। ਅਧਿਕਾਰੀਆਂ ਨੂੰ ਖੁਰਾਕੀ ਵਸਤਾਂ ਦੀ ਸੁਰੱਖਿਆ ਅਤੇ ਦਵਾਈਆਂ ਦੀ ਗੁਣਵੱਤਾ ’ਤੇ ਨਜ਼ਰ ਰੱਖਣ ਦੇ ਨਾਲ ਸਬੰਧਤ ਪ੍ਰੋਗਰਾਮਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਪੁਨੀਤ ਕਾਜਲ, ਡਾ. ਹਰਿੰਦਰ ਸਿੰਘ ਗਾਂਧੀ, ਡਾ. ਨਵਪ੍ਰੀਤ ਕੌਰ ਗਰੇਵਾਲ, ਡਾ. ਵਰਿੰਦਰ ਕੁਮਾਰ, ਡਾ. ਅਵਤਾਰਜੀਤ ਸਿੰਘ ਗੋਂਦਾਰਾ, ਡਾ. ਪ੍ਰੀਤੀ ਗੋਇਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ, ਡਾ. ਦੀਪਤੀ ਅਰੋੜਾ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਐਨਐਚਐਮ ਸੂਰਜ ਪ੍ਰਕਾਸ਼, ਜ਼ਿਲ੍ਹਾ ਅਕਾਊਂਟਸ ਅਫ਼ਸਰ ਸਚਿਨ ਕੁਮਾਰ, ਡੀਐਮਈਓ ਕਿਰਨ ਬਾਲਾ, ਡੀਐਸਏ ਵਿਜੇਤਾ ਅਰੋੜਾ, ਬਲਾਕ ਮੀਡੀਆ ਅਫ਼ਸਰ ਬਾਜਾਖਾਨਾ ਫਲੈਗ ਚਾਵਲਾ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।