ਮਾਰਜਿਨ ਮਨੀ 2.5 ਤੋਂ ਵਧਾ ਕੇ 9 ਫ਼ੀਸਦੀ ਕਰਨ ਨਾਲ ਕਿਸਾਨਾਂ 'ਤੇ ਵਧੇਗਾ ਆਰਥਿਕ ਬੋਝ : ਚੰਨੀ ਸਹਿਕਾਰੀ ਸਭਾਵਾਂ ਦੀ ਮਾਰਜਿਨ ਮਨੀ 2.5 ਤੋਂ ਵਧਾ ਕੇ 9 ਫ਼ੀਸਦੀ ਕਰਨ ਨਾਲ ਕਿਸਾਨਾਂ 'ਤੇ ਵਧੇਗਾ ਆਰਥਿਕ ਬੋਝ : ਚੰਨੀ
Publish Date: Wed, 28 Oct 2026 07:20 PM (IST)
Updated Date: Thu, 29 Oct 2026 04:04 AM (IST)
ਸਾਬਕਾ ਮੁੱਖ ਮੰਤਰੀ ਨੇ ਗੜੇਮਾਰ ਨਾਲ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਮੁਆਵਜ਼ੇ ਦੀ ਕੀਤੀ ਮੰਗ ਜਗਮੀਤ ਸਿੰਘ ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਮਿਲਣ ਵਾਲੇ ਕਰਜ਼ੇ ਦੀ ਮਾਰਜਿਨ ਮਨੀ 2.5 ਫ਼ੀਸਦੀ ਤੋਂ ਵਧਾ ਕੇ 9 ਫ਼ੀਸਦੀ ਕਰਨ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਸ ਨਾਲ ਪਹਿਲਾਂ ਹੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਤੇ ਹੋਰ ਬੋਝ ਪਵੇਗਾ। ਉਨ੍ਹਾਂ ਇਹ ਮੁੱਦਾ ਬੁੱਧਵਾਰ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਦੌਰੇ ਦੌਰਾਨ ਉਠਾਇਆ। ਇਸ ਮੌਕੇ ਉਨ੍ਹਾਂ ਗੜੇਮਾਰ ਅਤੇ ਬਾਰਿਸ਼ ਕਾਰਨ ਨੁਕਸਾਨੀਆਂ ਝੋਨੇ ਤੇ ਬਾਸਮਤੀ ਦੀਆਂ ਫ਼ਸਲਾਂ ਦਾ ਜਾਇਜ਼ਾ ਵੀ ਲਿਆ ਅਤੇ ਪੰਜਾਬ ਸਰਕਾਰ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ। ਚੰਨੀ ਨੇ ਕਿਹਾ ਕਿ ਗੜੇਮਾਰ ਕਾਰਨ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਆਮ ਹਾਲਾਤ ਵਿੱਚ ਇੱਕ ਏਕੜ ਵਿੱਚੋਂ 28 ਤੋਂ 30 ਕੁਇੰਟਲ ਝੋਨੇ ਦੀ ਪੈਦਾਵਾਰ ਹੁੰਦੀ ਹੈ, ਜਿਸ ਨਾਲ ਕਿਸਾਨ ਨੂੰ ਲਗਪਗ 75 ਹਜ਼ਾਰ ਰੁਪਏ ਦੀ ਆਮਦਨ ਹੋ ਸਕਦੀ ਹੈ। ਪਰ ਗੜੇਮਾਰ ਕਾਰਨ ਕਈ ਥਾਵਾਂ ਤੇ ਫ਼ਸਲ ਦੀਆਂ ਬਾਲੀਆਂ ਤੱਕ ਨੁਕਸਾਨੀਆਂ ਗਈਆਂ ਹਨ, ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਘਾਟਾ ਪੈਣ ਦਾ ਖ਼ਦਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਫ਼ਸਲਾਂ ਦੇ ਨੁਕਸਾਨ ਤੋਂ ਬਾਅਦ ਸਰਕਾਰ ਵੱਲੋਂ ਗਿਰਦਾਵਰੀ ਕਰਵਾਉਣ ਦੇ ਐਲਾਨ ਤਾਂ ਕੀਤੇ ਜਾਂਦੇ ਹਨ, ਪਰ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਨਹੀਂ ਮਿਲਦਾ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਗਿਰਦਾਵਰੀ ਕਰਵਾ ਕੇ ਨੁਕਸਾਨ ਦੇ ਅਨੁਪਾਤ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਗੜੇਮਾਰ ਕਾਰਨ ਹੋਏ ਨੁਕਸਾਨ ਦੀ ਮਾਰ ਸਿਰਫ਼ ਕਿਸਾਨਾਂ ਤੱਕ ਸੀਮਤ ਨਹੀਂ ਹੈ, ਸਗੋਂ ਖੇਤ ਮਜ਼ਦੂਰਾਂ, ਰਾਈਸ ਮਿੱਲ ਮਾਲਕਾਂ ਅਤੇ ਇੱਟਾਂ ਦੇ ਭੱਠਿਆਂ ਦੇ ਕਾਰੋਬਾਰੀਆਂ ਨੂੰ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਤੇਜ਼ ਹਵਾਵਾਂ ਕਾਰਨ ਕੁਝ ਰਾਈਸ ਮਿੱਲਾਂ ਦੀਆਂ ਛੱਤਾਂ ਉੱਡ ਗਈਆਂ ਅਤੇ ਇੱਟਾਂ ਦੇ ਭੱਠਿਆਂ ਦੀਆਂ ਚਾਰਦੀਵਾਰੀਆਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਇਨ੍ਹਾਂ ਸਾਰੇ ਪ੍ਰਭਾਵਿਤ ਵਰਗਾਂ ਨੂੰ ਵੀ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਚੰਨੀ ਨੇ ਆਪਣੇ ਮੁੱਖ ਮੰਤਰੀ ਵਜੋਂ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਨਰਮੇ ਦੀ ਫ਼ਸਲ ਦੇ ਨੁਕਸਾਨ ਤੇ ਕਿਸਾਨਾਂ ਨੂੰ 17 ਹਜ਼ਾਰ ਰੁਪਏ ਅਤੇ ਖੇਤ ਮਜ਼ਦੂਰਾਂ ਨੂੰ 1,700 ਰੁਪਏ ਦੀ ਸਹਾਇਤਾ ਦਿੱਤੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਇਸ ਵਾਰ ਵੀ ਕੁੱਲ ਮੁਆਵਜ਼ੇ ਵਿੱਚੋਂ ਘੱਟੋ-ਘੱਟ 10 ਫ਼ੀਸਦੀ ਰਾਸ਼ੀ ਖੇਤ ਮਜ਼ਦੂਰਾਂ ਲਈ ਰੱਖੀ ਜਾਵੇ। ਡੀਏਪੀ ਦੀ ਘਾਟ ਅਤੇ ਕਰਜ਼ੇ ਦੀਆਂ ਸ਼ਰਤਾਂ ਤੇ ਚੁੱਕੇ ਸਵਾਲ ਚੰਨੀ ਨੇ ਸਹਿਕਾਰੀ ਸਭਾਵਾਂ ਰਾਹੀਂ ਮਿਲਣ ਵਾਲੇ ਕੈਸ਼ ਕ੍ਰੈਡਿਟ ਅਤੇ ਕਰਜ਼ਿਆਂ ਦੀਆਂ ਸ਼ਰਤਾਂ ਵਿੱਚ ਬਦਲਾਅ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਰਜਿਨ ਮਨੀ ਵਿੱਚ ਵਾਧੇ ਦੇ ਨਾਲ-ਨਾਲ ਕਰਜ਼ਿਆਂ ਦੀਆਂ ਵਿਆਜ ਦਰਾਂ ਅਤੇ ਜ਼ਮੀਨ ਗਿਰਵੀ ਰੱਖਣ ਦੀਆਂ ਸ਼ਰਤਾਂ ਬਾਰੇ ਵੀ ਸਵਾਲ ਉੱਠਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲਿਆਂ ਦਾ ਕਿਸਾਨਾਂ ਦੀ ਵਿੱਤੀ ਹਾਲਤ ਤੇ ਅਸਰ ਪੈ ਸਕਦਾ ਹੈ। ਉਨ੍ਹਾਂ ਡੀਏਪੀ ਖਾਦ ਦੀ ਘਾਟ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਅਗਲੀ ਫ਼ਸਲ ਦੀ ਤਿਆਰੀ ਲਈ ਲੋੜੀਂਦੀ ਖਾਦ ਨਹੀਂ ਮਿਲ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਖਾਦ ਦੀ ਕਿੱਲਤ ਅਤੇ ਵਧਦੀਆਂ ਵਿੱਤੀ ਮੁਸ਼ਕਲਾਂ ਕਿਸਾਨਾਂ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਕਰ ਰਹੀਆਂ ਹਨ। ਚੰਨੀ ਨੇ ਕੇਂਦਰ ਸਰਕਾਰ ਦੀਆਂ ਖੇਤੀਬਾੜੀ ਨੀਤੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਸਰਕਾਰ ਤੇ ਵੀ ਇਨ੍ਹਾਂ ਨੀਤੀਆਂ ਨੂੰ ਲਾਗੂ ਕਰਨ ਦੇ ਦੋਸ਼ ਲਾਏ। ਅਖੀਰ ਵਿੱਚ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੜੇਮਾਰ ਨਾਲ ਨੁਕਸਾਨੀਆਂ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ, ਖੇਤ ਮਜ਼ਦੂਰਾਂ ਤੇ ਹੋਰ ਪ੍ਰਭਾਵਿਤ ਕਾਰੋਬਾਰੀਆਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਭਾਵਿਤ ਲੋਕਾਂ ਨੂੰ ਰਾਹਤ ਨਾ ਮਿਲੀ ਤਾਂ ਉਨ੍ਹਾਂ ਨੂੰ ਆਪਣੀਆਂ ਮੰਗਾਂ ਲਈ ਮੁੜ ਸੰਘਰਸ਼ ਕਰਨਾ ਪੈ ਸਕਦਾ ਹੈ।