ਆਪ’ ਦੀਆਂ ਜ਼ਿਆਦਤੀਆਂ ਦਾ ਲੋਕ ਪਾਈ-ਪਾਈ ਦਾ ਹਿਸਾਬ ਲੈਣਗੇ : ਚਰਨਜੀਤ ਚੰਨੀ ਆਪ’ ਦੀਆਂ ਜ਼ਿਆਦਤੀਆਂ ਦਾ ਲੋਕ ਪਾਈ-ਪਾਈ ਦਾ ਹਿਸਾਬ ਲੈਣਗੇ : ਚਰਨਜੀਤ ਚੰਨੀ
Publish Date: Tue, 17 Nov 2026 04:10 PM (IST)
Updated Date: Wed, 18 Nov 2026 04:00 AM (IST)
ਕਿਹਾ, ਨਸ਼ਿਆਂ ਕਾਰਨ ਘਰਾਂ ਦੇ ਪੁੱਤ ਨਾ ਰਹਿਣ ਤਾਂ ਵਿੱਤੀ ਸਹਾਇਤਾ ਦਾ ਕੀ ਲਾਭ, ਪੰਜਾਬ ਦੀ ਆਰਥਿਕਤਾ ਡਾਵਾਂਡੋਲ, ਗੈਂਗਸਟਰਵਾਦ ਤੇ ਨਸ਼ਿਆਂ ਨੇ ਲੋਕਾਂ ’ਚ ਪੈਦਾ ਕੀਤਾ ਡਰ ; ਬੇਰੁਜ਼ਗਾਰੀ ਕਾਰਨ ਨੌਜਵਾਨੀ ਦਾ ਭਵਿੱਖ ਖ਼ਤਰੇ ’ਚ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਲੋਕ ਸਭਾ ਹਲਕਾ ਜਲੰਧਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਸੂਬੇ ਨਾਲ ਹੋਈ ਕਥਿਤ ਲੁੱਟ-ਖਸੁੱਟ, ਵਾਅਦਾਖ਼ਿਲਾਫ਼ੀ ਅਤੇ ਜ਼ਿਆਦਤੀਆਂ ਦਾ ਪਾਈ-ਪਾਈ ਦਾ ਹਿਸਾਬ ਲੈਣਗੇ। ਉਨ੍ਹਾਂ ਕਿਹਾ ਕਿ ਬਦਲਾਅ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਉਕਤ ਪ੍ਰਗਟਾਵਾ ਉਨ੍ਹਾਂ ਪੰਜਾਬ ਭਰ ਵਿੱਚ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਬਹਿਬਲ ਕਲਾਂ (ਨਿਆਮੀਵਾਲਾ) ਵਿਖੇ ਸੋਮਵਾਰ ਦੇਰ ਸ਼ਾਮ ਕਰਵਾਏ ਗਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਟਰੱਕ ਯੂਨੀਅਨ ਜੈਤੋ ਦੇ ਸਾਬਕਾ ਪ੍ਰਧਾਨ, ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਅਤੇ ਪਿੰਡ ਰਾਮੇਆਣਾ ਦੇ ਸਰਪੰਚ ਰਾਜਦੀਪ ਸਿੰਘ ਔਲਖ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਮੁੱਖ ਮਕਸਦ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ, ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨਾ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਗੰਭੀਰ ਮਸਲਿਆਂ ਬਾਰੇ ਲੋਕਾਂ ਨੂੰ ਲਾਮਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦਾ ਸਭ ਤੋਂ ਕੀਮਤੀ ਸਰਮਾਇਆ ਹੈ ਅਤੇ ਇਸ ਨੂੰ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਸਰਕਾਰ ਨੂੰ ਸਿਰਫ਼ ਐਲਾਨਾਂ ਅਤੇ ਇਸ਼ਤਿਹਾਰਾਂ ਤੱਕ ਸੀਮਤ ਰਹਿਣ ਦੀ ਬਜਾਏ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕਰਨ ਵਾਸਤੇ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ। ਚੰਨੀ ਨੇ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀ ਲੀਹ ’ਤੇ ਲਿਆਉਣ ਲਈ ਮਜ਼ਬੂਤ ਆਰਥਿਕਤਾ, ਬਿਹਤਰ ਅਮਨ-ਕਾਨੂੰਨ, ਨਸ਼ਾ ਮੁਕਤ ਸਮਾਜ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਰਾਮੇਆਣਾ ਦੇ ਸਰਪੰਚ ਰਾਜਦੀਪ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਕਿਸੇ ਇੱਕ ਸਿਆਸੀ ਪਾਰਟੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਨਾਲ ਜੋੜ ਕੇ ਹੀ ਉਨ੍ਹਾਂ ਨੂੰ ਗ਼ਲਤ ਰਾਹ ’ਤੇ ਜਾਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੂੰ ਨੌਜਵਾਨਾਂ ਨਾਲ ਸਿੱਧਾ ਜੁੜਨ ਅਤੇ ਉਨ੍ਹਾਂ ਨੂੰ ਉਸਾਰੂ ਦਿਸ਼ਾ ਦੇਣ ਵਾਲੀ ਮੁਹਿੰਮ ਕਰਾਰ ਦਿੱਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਯਾਤਰਾ ਨੂੰ ਮਿਲ ਰਿਹਾ ਹੁੰਗਾਰਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ’ਤੇ ਵੀ ਅਸਰ ਪਾਵੇਗਾ ਅਤੇ ਇਹ ਆਮ ਆਦਮੀ ਪਾਰਟੀ ਲਈ ਵੱਡੀ ਸਿਆਸੀ ਚੁਣੌਤੀ ਸਾਬਤ ਹੋਵੇਗੀ। ਇਸ ਮੌਕੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ‘ਕਿੱਕੀ ਢਿੱਲੋਂ’, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਜੈਪਾਲ ਸਿੰਘ ਸੰਧੂ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਭਲੂਰੀਆ (ਸਾਬਕਾ ਸਰਪੰਚ ਬਰਗਾੜੀ), ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰਬੀਰ ਸਿੰਘ ਬਰਾੜ ਮੱਤਾ, ਜ਼ਿਲ੍ਹਾ ਸਕੱਤਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਵਾਈਸ ਚੇਅਰਮੈਨ ਸੁਖਜੀਤ ਸਿੰਘ ਧਾਲੀਵਾਲ (ਸਾਬਕਾ ਸਰਪੰਚ ਕੋਠੇ ਹਵਾਨਾ), ਸੀਨੀਅਰ ਕਾਂਗਰਸੀ ਆਗੂ ਕਾਮਰੇਡ ਦਰਸ਼ਨ ਸਿੰਘ ਢਿੱਲਵਾਂ, ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਵਤਾਰ ਸਿੰਘ ਸੰਧਵਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਫ਼ਰੀਦਕੋਟ ਐਡਵੋਕੇਟ ਗੁਰਬਿੰਦਰ ਕੌਰ ਸੰਧਵਾਂ, ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ‘ਲਾਲੀ ਬਰਾੜ’ (ਸਾਬਕਾ ਸਰਪੰਚ ਚੰਦਭਾਨ), ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ. ਸੈੱਲ ਫ਼ਰੀਦਕੋਟ ਦੇ ਚੇਅਰਮੈਨ ਗੁਰਸੇਵਕ ਸਿੰਘ ਜੈਤੋ, ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਮੀਤ ਪ੍ਰਧਾਨ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ, ਸੰਜੀਵ ਭਾਰਦਵਾਜ ‘ਰਾਜਾ’, ਪ੍ਰਦੀਪ ਕੁਮਾਰ ਗਰਗ ਮਲੋਟ ਵਾਲੇ, ਐਡਵੋਕੇਟ ਮਦਨ ਲਾਲ ਬਾਂਸਲ, ਬਲਜਿੰਦਰ ਸਿੰਘ ‘ਬੂਟਾ ਔਲਖ’ ਰਾਮੇਆਣਾ, ਕੁਲਵਿੰਦਰ ਸਿੰਘ ਵਾਂਦਰ ‘ਕਾਲੀ’ ਰਾਮੇਆਣਾ, ਅਨੂੰਵਿੰਦਰ ਸਿੰਘ ਵਾਂਦਰ ਰਾਮੇਆਣਾ, ਬਹਾਦਰ ਸਿੰਘ ਚੈਨਾ ਅਤੇ ਗੁਰਬਾਜ਼ ਸਿੰਘ ਬਰਾੜ ਕਰੀਰਵਾਲੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।