ਔਲਖ ਵੱਲੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਭਰਵਾਂ ਸਵਾਗਤ ਰਾਜਦੀਪ ਔਲਖ ਨੇ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਕੀਤਾ ਭਰਵਾਂ ਸਵਾਗਤ
Publish Date: Tue, 17 Nov 2026 04:17 PM (IST)
Updated Date: Wed, 18 Nov 2026 04:00 AM (IST)
ਕਾਂਗਰਸੀ ਆਗੂਆਂ, ਵਰਕਰਾਂ ਤੇ ਇਲਾਕਾ ਵਾਸੀਆਂ ਨੇ ਫੁੱਲਾਂ ਦੀ ਵਰਖਾ ਨਾਲ ਕੀਤਾ ਨਿੱਘਾ ਸਵਾਗਤ, ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਚੰਨੀ ਦਾ ਕੀਤਾ ਸਨਮਾਨ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਲੋਕ ਸਭਾ ਹਲਕਾ ਜਲੰਧਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਸੋਮਵਾਰ ਦੇਰ ਸ਼ਾਮ ਵਿਧਾਨ ਸਭਾ ਹਲਕਾ ਜੈਤੋ ਵਿਖੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਟਰੱਕ ਯੂਨੀਅਨ ਜੈਤੋ ਦੇ ਸਾਬਕਾ ਪ੍ਰਧਾਨ, ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਅਤੇ ਪਿੰਡ ਰਾਮੇਆਣਾ ਦੇ ਸਰਪੰਚ ਰਾਜਦੀਪ ਸਿੰਘ ਔਲਖ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਇਕੱਤਰ ਹੋ ਕੇ ਚਰਨਜੀਤ ਸਿੰਘ ਚੰਨੀ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਵਾਗਤੀ ਸਮਾਗਮ ਵਿੱਚ ਇਕੱਤਰ ਹੋਏ ਕਾਂਗਰਸੀ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਚਰਨਜੀਤ ਸਿੰਘ ਚੰਨੀ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟਾਇਆ। ਇਸ ਦੌਰਾਨ ਸਰਪੰਚ ਰਾਜਦੀਪ ਸਿੰਘ ਔਲਖ ਨੇ ਚਰਨਜੀਤ ਸਿੰਘ ਚੰਨੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਨ ਦੇ ਨਾਲ-ਨਾਲ ਸਿਰੋਪਾਓ ਪਾ ਕੇ ਅਤੇ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਸਰਪੰਚ ਰਾਜਦੀਪ ਸਿੰਘ ਔਲਖ ਸਮੇਤ ਸਮਾਗਮ ਵਿੱਚ ਸ਼ਾਮਲ ਸਮੂਹ ਕਾਂਗਰਸੀ ਆਗੂਆਂ, ਵਰਕਰਾਂ ਤੇ ਇਲਾਕਾ ਵਾਸੀਆਂ ਵੱਲੋਂ ਦਿੱਤੇ ਪਿਆਰ ਅਤੇ ਮਾਣ-ਸਤਿਕਾਰ ਲਈ ਧੰਨਵਾਦ ਪ੍ਰਗਟਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਰਾਜਦੀਪ ਸਿੰਘ ਔਲਖ ਨੇ ਕਿਹਾ ਕਿ ਭਾਵੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੀ ਵਾਗਡੋਰ ਸੰਭਾਲਣ ਦਾ ਸਮਾਂ ਬਹੁਤ ਘੱਟ ਮਿਲਿਆ, ਪਰ ਆਪਣੇ ਥੋੜ੍ਹੇ ਜਿਹੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਲਏ ਗਏ ਲੋਕ ਪੱਖੀ ਫੈਸਲਿਆਂ ਨੂੰ ਅੱਜ ਵੀ ਪੰਜਾਬ ਦਾ ਹਰ ਵਰਗ ਯਾਦ ਕਰਦਾ ਹੈ। ਉਨ੍ਹਾਂ ਕਿਹਾ ਕਿ ਚੰਨੀ ਨੇ ਆਪਣੇ ਕਾਰਜਕਾਲ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸੁਹਿਰਦ ਯਤਨ ਕੀਤੇ, ਜਿਸ ਸਦਕਾ ਲੋਕਾਂ ਦੇ ਮਨਾਂ ਵਿੱਚ ਉਨ੍ਹਾਂ ਪ੍ਰਤੀ ਵਿਸ਼ੇਸ਼ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਚਰਨਜੀਤ ਸਿੰਘ ਚੰਨੀ ਪੰਜਾਬ, ਪੰਜਾਬੀਅਤ, ਨੌਜਵਾਨੀ ਅਤੇ ਕਿਸਾਨੀ ਨਾਲ ਜੁੜੇ ਮਸਲਿਆਂ ਪ੍ਰਤੀ ਹਮੇਸ਼ਾ ਸੰਵੇਦਨਸ਼ੀਲ ਰਹੇ ਹਨ। ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਵੀ ਉਨ੍ਹਾਂ ਦੀ ਇਸੇ ਸੋਚ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਸੰਕਲਪ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਚਿੱਟੇ ਵਰਗੇ ਜਾਨਲੇਵਾ ਨਸ਼ਿਆਂ ਨੇ ਅਨੇਕਾਂ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ ਅਤੇ ਕਈ ਪਰਿਵਾਰਾਂ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ ਹਨ। ਨਸ਼ਿਆਂ ਦੀ ਲਪੇਟ ਵਿੱਚ ਆ ਕੇ ਨੌਜਵਾਨ ਆਪਣੀਆਂ ਕੀਮਤੀ ਜ਼ਿੰਦਗੀਆਂ ਗੁਆ ਰਹੇ ਹਨ, ਜਿਸ ਦਾ ਦਰਦ ਪੰਜਾਬ ਦੀਆਂ ਮਾਵਾਂ ਅਤੇ ਪਰਿਵਾਰਾਂ ਤੋਂ ਵੱਧ ਕੋਈ ਨਹੀਂ ਸਮਝ ਸਕਦਾ। ਸਰਪੰਚ ਰਾਜਦੀਪ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਗੰਭੀਰ ਸਮੱਸਿਆ ਦੇ ਖਾਤਮੇ ਲਈ ਸਿਰਫ਼ ਨਾਅਰੇ ਲਾਉਣ ਦੀ ਬਜਾਏ ਠੋਸ, ਸੁਹਿਰਦ ਅਤੇ ਇਮਾਨਦਾਰ ਯਤਨ ਕਰਨੇ ਲਾਜ਼ਮੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਵਰਗ ਦੇ ਸਹਿਯੋਗ ਅਤੇ ਸਾਰਥਕ ਪਹਿਲਕਦਮੀਆਂ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਸਮਾਜ ਵਿੱਚ ਨਵੀਂ ਚੇਤਨਾ ਪੈਦਾ ਕਰਨ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਹੈ। ਪੰਜਾਬ ਦੀ ਜਵਾਨੀ ਨੂੰ ਬਚਾਉਣਾ ਕਿਸੇ ਇੱਕ ਸਿਆਸੀ ਪਾਰਟੀ ਦੀ ਨਹੀਂ, ਸਗੋਂ ਸਮੁੱਚੇ ਪੰਜਾਬ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਲਜਿੰਦਰ ਸਿੰਘ ‘ਬੂਟਾ ਔਲਖ’, ਸਾਬਕਾ ਬਲਾਕ ਸੰਮਤੀ ਮੈਂਬਰ ਕਰਨੈਲ ਸਿੰਘ, ਪੰਚ ਅੰਗਰੇਜ਼ ਸਿੰਘ ਸੰਧੂ, ਪੰਚ ਸਾਹਿਬ ਸਿੰਘ, ਪੰਚ ਗੁਰਮੇਲ ਸਿੰਘ, ਸਾਬਕਾ ਪੰਚ ਰਾਜਾ ਸਿੰਘ, ਕੁਲਵਿੰਦਰ ਸਿੰਘ ਵਾਂਦਰ ‘ਕਾਲੀ’, ਮੱਖਣ ਸਿੰਘ ਔਲਖ, ਪਰਵਿੰਦਰ ਸਿੰਘ ਔਲਖ, ਅਮਨਦੀਪ ਸਿੰਘ ਔਲਖ, ਸੀਰਾ ਸਿੰਘ ਵਾਂਦਰ, ਬਲਕਰਨ ਸਿੰਘ ਸਿੱਧੂ, ਅੰਗਰੇਜ਼ ਸਿੰਘ ਗਿੱਲ, ਅਨੂੰਵਿੰਦਰ ਸਿੰਘ ਵਾਂਦਰ, ਜੂਪਾ ਸਿੰਘ ਔਲਖ, ਰਾਜਾ ਸਿੰਘ ਔਲਖ ਅਤੇ ਲਵ ਔਲਖ ਸਮੇਤ ਹੋਰ ਪਤਵੰਤੇ ਹਾਜ਼ਰ ਸਨ।