ਵਿਕਾਸ ਕਾਰਜਾਂ ਦੀ ਪ੍ਰਗਤੀ ਨੂੰ ਲੈ ਕੇ ਸਪੀਕਰ ਸੰਧਵਾਂ ਵੱਲੋਂ ਸਮੀਖਿਆ ਮੀਟਿੰਗ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਨੂੰ ਲੈ ਕੇ ਸਪੀਕਰ ਸੰਧਵਾਂ ਨੇ ਕੀਤੀ ਸਮੀਖਿਆ ਮੀਟਿੰਗ
Publish Date: Tue, 17 Nov 2026 04:35 PM (IST)
Updated Date: Wed, 18 Nov 2026 04:00 AM (IST)
ਬੀ.ਡੀ.ਪੀ.ਓ. ਦਫ਼ਤਰ ਕੋਟਕਪੂਰਾ ਵਿਖੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਹਲਕਾ ਕੋਟਕਪੂਰਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀ.ਡੀ.ਪੀ.ਓ. ਦਫ਼ਤਰ ਕੋਟਕਪੂਰਾ ਸਥਿਤ ਆਪਣੇ ਕੈਂਪ ਆਫ਼ਿਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਰਫ਼ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਹੀ ਨਹੀਂ ਲਿਆ, ਸਗੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਲੋਕਾਂ ਵੱਲੋਂ ਰੱਖੀਆਂ ਗਈਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਮਸਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਸਰਕਾਰੀ ਕੰਮਕਾਜ ਵਿੱਚ ਲੋਕਾਂ ਨੂੰ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਟਕਪੂਰਾ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਇੱਕ ਚੁਣੇ ਹੋਏ ਨੁਮਾਇੰਦੇ ਦਾ ਨਹੀਂ, ਸਗੋਂ ਪਰਿਵਾਰਕ ਸਾਂਝ ਅਤੇ ਸੇਵਾ ਭਾਵਨਾ ਦਾ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਕਰਵਾਉਣਾ ਅਤੇ ਵਿਕਾਸ ਕਾਰਜਾਂ ਲਈ ਜਾਰੀ ਹੋਣ ਵਾਲੇ ਸਰਕਾਰੀ ਫੰਡਾਂ ਦੀ ਸੁਚੱਜੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣਾ ਉਨ੍ਹਾਂ ਦੀ ਮੁੱਢਲੀ ਤਰਜੀਹ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਾਰਟੀ ਵਰਕਰ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।