ਦਲਿਤ ਵਰਗ ਦੀ ਬਾਂਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ ਹੀ ਫੜੀ : ਗੁਰਚਰਨ ਸਿੰਘ ਐੱਮਸੀ ਦਲਿਤ ਵਰਗ ਦੀ ਬਾਂਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ ਹੀ ਫੜੀ : ਗੁਰਚਰਨ ਸਿੰਘ ਐਮਸੀ
Publish Date: Wed, 18 Nov 2026 03:43 PM (IST)
Updated Date: Thu, 19 Nov 2026 04:00 AM (IST)
ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਦਲਿਤ ਸਮਾਜ ਦੀ ਭਲਾਈ ਲਈ ਚਲਾਈਆਂ ਕਈ ਯੋਜਨਾਵਾਂ : ਗੁਰਚਰਨ ਸਿੰਘ ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਦਲਿਤ ਸਮਾਜ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਤੇ ਇਸ ਵਰਗ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਅਹਿਮ ਉਪਰਾਲੇ ਕੀਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਐਸਸੀ ਵਿੰਗ ਦੇ ਪ੍ਰਧਾਨ ਗੁਰਚਰਨ ਸਿੰਘ ਐਮਸੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਲੰਮੇ ਸਿਆਸੀ ਤਜਰਬੇ ਅਤੇ ਲੋਕ ਪੱਖੀ ਸੋਚ ਸਦਕਾ ਦਲਿਤ ਅਤੇ ਪਛੜੇ ਵਰਗਾਂ ਦੀ ਭਲਾਈ ਨੂੰ ਹਮੇਸ਼ਾ ਤਰਜੀਹ ਦਿੱਤੀ। ਉਨ੍ਹਾਂ ਦੀ ਅਗਵਾਈ ਹੇਠ ਸਰਕਾਰ ਵੱਲੋਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਦੇਣ ਲਈ ਕਈ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ, ਜਿਨ੍ਹਾਂ ਦਾ ਲਾਭ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਲਿਆ। ਗੁਰਚਰਨ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਵੀ ਉਪ ਮੁੱਖ ਮੰਤਰੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਦਲਿਤ ਸਮਾਜ ਦੀ ਭਲਾਈ ਅਤੇ ਵਿਕਾਸ ਲਈ ਕਈ ਕਦਮ ਚੁੱਕੇ। ਸ਼ਗਨ ਸਕੀਮ, ਆਟਾ-ਦਾਲ ਸਕੀਮ, ਪੈਨਸ਼ਨ ਸਹੂਲਤਾਂ, ਬਿਜਲੀ ਸਬਸਿਡੀ ਅਤੇ ਗ਼ਰੀਬ ਪਰਿਵਾਰਾਂ ਲਈ ਹੋਰ ਭਲਾਈ ਯੋਜਨਾਵਾਂ ਰਾਹੀਂ ਲੋੜਵੰਦ ਲੋਕਾਂ ਨੂੰ ਆਰਥਿਕ ਸਹਾਰਾ ਦੇਣ ਦਾ ਯਤਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਮਕਸਦ ਸਿਰਫ਼ ਆਰਥਿਕ ਮਦਦ ਦੇਣਾ ਹੀ ਨਹੀਂ ਸੀ, ਸਗੋਂ ਗ਼ਰੀਬ ਪਰਿਵਾਰਾਂ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ ਦੇ ਯੋਗ ਬਣਾਉਣਾ ਵੀ ਸੀ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਨੂੰ ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਬਰਾਬਰੀ ਦੇ ਮੌਕੇ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਇਸ ਦਿਸ਼ਾ ਵਿੱਚ ਕੰਮ ਕੀਤਾ ਅਤੇ ਦਲਿਤ ਵਰਗ ਨੂੰ ਸਿਆਸੀ ਤੇ ਸਮਾਜਿਕ ਤੌਰ ਤੇ ਅੱਗੇ ਲਿਆਉਣ ਲਈ ਯਤਨ ਕੀਤੇ। ਉਨ੍ਹਾਂ ਅਨੁਸਾਰ ਜਦੋਂ ਵੀ ਦਲਿਤ ਸਮਾਜ ਨੂੰ ਕਿਸੇ ਮੁਸ਼ਕਲ ਜਾਂ ਸੰਕਟ ਦਾ ਸਾਹਮਣਾ ਕਰਨਾ ਪਿਆ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਸ ਵਰਗ ਦੀ ਆਵਾਜ਼ ਬਣਨ ਦੀ ਕੋਸ਼ਿਸ਼ ਕੀਤੀ। ਗੁਰਚਰਨ ਸਿੰਘ ਐੱਮਸੀ ਨੇ ਕਿਹਾ ਕਿ ਅੱਜ ਦਲਿਤ ਸਮਾਜ ਨੂੰ ਅਜਿਹੀ ਸਿਆਸੀ ਪਾਰਟੀ ਦੀ ਲੋੜ ਹੈ ਜੋ ਸਿਰਫ਼ ਚੋਣਾਂ ਸਮੇਂ ਵਾਅਦੇ ਨਾ ਕਰੇ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਵੀ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜਿਸ ਨੇ ਦਲਿਤ ਵਰਗ ਦੀ ਬਾਂਹ ਫੜੀ ਹੈ ਅਤੇ ਇਸ ਦੇ ਹੱਕਾਂ ਤੇ ਹਿੱਤਾਂ ਲਈ ਹਮੇਸ਼ਾ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦਲਿਤ ਸਮਾਜ ਦੀ ਭਲਾਈ, ਨੌਜਵਾਨਾਂ ਦੇ ਭਵਿੱਖ ਅਤੇ ਗ਼ਰੀਬ ਪਰਿਵਾਰਾਂ ਦੀ ਬਿਹਤਰੀ ਲਈ ਆਪਣੀ ਲੜਾਈ ਜਾਰੀ ਰੱਖੇਗਾ।