ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਦੀ ਚੌਕਸੀ ਵਧੀ, ਐੱਸਐੱਸਪੀ ਨੇ ਖੁਦ ਸੰਭਾਲਿਆ ਮੋਰਚਾ ਫਰੀਦਕੋਟ ’ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਦੀ ਚੌਕਸੀ ਵਧੀ, ਐੱਸਐੱਸਪੀ ਨੇ ਖੁਦ ਸੰਭਾਲਿਆ ਮੋਰਚਾ
Publish Date: Wed, 18 Nov 2026 05:06 PM (IST)
Updated Date: Thu, 19 Nov 2026 04:04 AM (IST)
ਜ਼ਿਲ੍ਹੇ ਦੇ ਅਹਿਮ ਸਥਾਨਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਕੀਤੀ ਜਾ ਰਹੀ ਜਾਂਚ, ਭੀੜ-ਭੜੱਕੇ ਵਾਲੀਆਂ ਥਾਵਾਂ ਤੇ ਪਾਰਕਿੰਗ ਸਥਾਨ ਵੀ ਪੁਲਿਸ ਦੇ ਰਡਾਰ ’ਤੇ ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਫਰੀਦਕੋਟ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਸਥਾਨਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀ ਇਸ ਮੁਹਿੰਮ ਦਾ ਜਾਇਜ਼ਾ ਲੈਣ ਲਈ ਐੱਸਐੱਸਪੀ ਗੁਰਬੰਸ ਸਿੰਘ ਬੈਸ ਨੇ ਖੁਦ ਵੱਖ-ਵੱਖ ਨਾਕਿਆਂ ਤੇ ਪੈਟਰੋਲਿੰਗ ਪਾਰਟੀਆਂ ਦੀ ਕਾਰਗੁਜ਼ਾਰੀ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ ਐੱਸਐੱਸਪੀ ਨੇ ਨਾਕਿਆਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰ ਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਡਿਊਟੀ ਪੂਰੀ ਚੌਕਸੀ, ਜ਼ਿੰਮੇਵਾਰੀ ਅਤੇ ਮੁਸਤੈਦੀ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾਕਾਬੰਦੀ ਸਿਰਫ਼ ਰਸਮੀ ਕਾਰਵਾਈ ਤੱਕ ਸੀਮਤ ਨਾ ਰਹੇ, ਸਗੋਂ ਹਰ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖਦਿਆਂ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਯਕੀਨੀ ਬਣਾਈ ਜਾਵੇ। ਐੱਸਐੱਸਪੀ ਗੁਰਬੰਸ ਸਿੰਘ ਬੈਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਪਰਾਧਿਕ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਪੁਲਿਸ ਦੀ ਮੁੱਖ ਤਰਜੀਹ ਹੈ। ਇਸੇ ਮਕਸਦ ਨਾਲ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਿਸ਼ੇਸ਼ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਜ਼ਿਲ੍ਹੇ ਦੇ ਅਹਿਮ ਪੁਆਇੰਟਾਂ ’ਤੇ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੀਆਂ ਹਨ। ਇਸ ਤੋਂ ਇਲਾਵਾ ਭੀੜ-ਭੜੱਕੇ ਵਾਲੇ ਸਥਾਨਾਂ, ਜਨਤਕ ਥਾਵਾਂ ਅਤੇ ਪਾਰਕਿੰਗ ਖੇਤਰਾਂ ਦੀ ਵੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਅਪਰਾਧਾਂ ਦੀ ਰੋਕਥਾਮ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਵੀ ਹੈ। ਪੁਲਿਸ ਵੱਲੋਂ ਨਾਕਿਆਂ ’ਤੇ ਵਾਹਨਾਂ ਦੀ ਜਾਂਚ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੁਲਾਜ਼ਮਾਂ ਨੂੰ ਵਾਹਨ ਤੇ ਪਾਈਸ ਵਰਗੀਆਂ ਐਪਲੀਕੇਸ਼ਨਾਂ ਦੀ ਵਰਤੋਂ ਸਬੰਧੀ ਵੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਐੱਸਐੱਸਪੀ ਨੇ ਕਿਹਾ ਕਿ ਪੁਲਿਸ ਚੈਕਿੰਗ ਦੌਰਾਨ ਇਸ ਗੱਲ ਦਾ ਵੀ ਧਿਆਨ ਰੱਖਿਆ ਜਾਵੇ ਕਿ ਆਮ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜਾਂਚ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸਮਾਂਬੱਧ ਰੱਖਦਿਆਂ ਲੋਕਾਂ ਦੀ ਸਹੂਲਤ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੇਂ-ਸਮੇਂ ’ਤੇ ਸਮੀਖਿਆ ਕੀਤੀ ਜਾਵੇਗੀ ਅਤੇ ਵਿਸ਼ੇਸ਼ ਨਾਕਾਬੰਦੀ ਤੇ ਵਾਹਨਾਂ ਦੀ ਚੈਕਿੰਗ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।